For the best experience, open
https://m.punjabitribuneonline.com
on your mobile browser.
Advertisement

ਲੋਕ ਸਭਾ ਚੋਣਾਂ: ਤਿੰਨ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖ਼ਲ

08:04 AM May 09, 2024 IST
ਲੋਕ ਸਭਾ ਚੋਣਾਂ  ਤਿੰਨ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖ਼ਲ
ਲੁਧਿਆਣਾ ਵਿੱਚ ਨਾਮਜ਼ਦਗੀ ਪੱਤਰ ਦਾਖ਼ਲ ਕਰਦੇ ਹੋਏ ਆਜ਼ਾਦ ਉਮੀਦਵਾਰ ਬਲਦੇਵ ਰਾਜ ਕਤਨਾ। -ਫੋਟੋ: ਅਸ਼ਵਨੀ ਧੀਮਾਨ
Advertisement

ਗਗਨਦੀਪ ਅਰੋੜਾ
ਲੁਧਿਆਣਾ, 8 ਮਈ
ਲੁਧਿਆਣਾ ਵਿੱਚ ਲੋਕ ਸਭਾ ਚੋਣਾਂ ਲਈ ਅੱਜ ਨਾਮਜ਼ਦਗੀ ਭਰਨ ਦੇ ਦੂਜੇ ਦਿਨ ਤਿੰਨ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਨ੍ਹਾਂ ਵਿੱਚ ਦੋ ਆਜ਼ਾਦ ਉਮੀਦਵਾਰ ਅਤੇ ਭਾਰਤੀ ਜਵਾਨ ਕਿਸਾਨ ਪਾਰਟੀ ਦਾ ਇੱਕ ਉਮੀਦਵਾਰ ਸ਼ਾਮਲ ਹੈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਕੋਲ ਨਾਮਜ਼ਦਗੀ ਪੱਤਰ ਦਾਖਲ ਕਰਨ ਵਾਲੇ ਉਮੀਦਵਾਰਾਂ ਵਿੱਚ ਭਾਰਤੀ ਜਵਾਨ ਕਿਸਾਨ ਪਾਰਟੀ ਦੇ ਭੁਪਿੰਦਰ ਸਿੰਘ, ਵਿਪਨ ਕੁਮਾਰ (ਆਜ਼ਾਦ) ਅਤੇ ਬਲਦੇਵ ਰਾਜ ਕਤਨਾ (ਆਜ਼ਾਦ) ਸ਼ਾਮਲ ਹਨ। ਜ਼ਿਲ੍ਹਾ ਚੋਣ ਅਧਿਕਾਰੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਚੋਣਾਂ ਲਈ ਗਜ਼ਟ ਨੋਟੀਫਿਕੇਸ਼ਨ ਮੰਗਲਵਾਰ ਨੂੰ ਜਾਰੀ ਕੀਤਾ ਗਿਆ ਸੀ। ਉਮੀਦਵਾਰ 14 ਮਈ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ ਅਤੇ ਨਾਮਜ਼ਦਗੀਆਂ ਦੀ ਪੜਤਾਲ 15 ਮਈ ਨੂੰ ਹੋਵੇਗੀ। ਉਮੀਦਵਾਰ 17 ਮਈ ਤੱਕ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਦੇ ਹਨ। ਪੰਜਾਬ ਵਿੱਚ 1 ਜੂਨ ਨੂੰ ਵੋਟਾਂ ਪੈਣ ਦਾ ਦਿਨ ਨਿਰਧਾਰਤ ਕੀਤਾ ਗਿਆ ਹੈ ਅਤੇ ਪੋਲਿੰਗ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੈ। ਪੰਜਾਬ ਸਮੇਤ ਦੇਸ਼ ਭਰ ਵਿੱਚ 4 ਜੂਨ ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਚੋਣਾਂ ਦੇ ਮੁਕੰਮਲ ਹੋਣ ਦੀ ਅੰਤਿਮ ਮਿਤੀ 6 ਜੂਨ ਹੈ। ਡੀਸੀ ਸਾਹਨੀ ਨੇ ਇਹ ਵੀ ਦੱਸਿਆ ਕਿ 7 ਮਈ ਤੋਂ 14 ਮਈ ਤੱਕ ਜਨਤਕ ਛੁੱਟੀਆਂ ਨੂੰ ਛੱਡ ਕੇ ਕਿਸੇ ਵੀ ਅਧਿਸੂਚਿਤ ਦਿਨ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਨਾਮਜ਼ਦਗੀਆਂ ਦਾਖਲ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ 10 ਮਈ ਨੂੰ ਭਗਵਾਨ ਪਰਸ਼ੂਰਾਮ ਜੈਅੰਤੀ ਹੈ ਮੌਕੇ ਛੁੱਟੀ ਨਹੀਂ ਹੋਵੇਗੀ। ਇਸ ਲਈ ਉਮੀਦਵਾਰ ਉਸ ਦਿਨ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ। ਹਾਲਾਂਕਿ, 11 ਮਈ ਮਹੀਨੇ ਦਾ ਦੂਜਾ ਸ਼ਨਿਚਰ ਹੋਣ ਕਰਕੇ ਅਤੇ 12 ਮਈ ਐਤਵਾਰ ਹੋਣ ਕਰਕੇ ਛੁੱਟੀਆਂ ਹਨ। ਇਸ ਲਈ, ਇਨ੍ਹਾਂ ਦਿਨਾਂ ਵਿੱਚ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਜਾ ਸਕਦੇ ਹਨ। ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਉਮੀਦਵਾਰਾਂ ਨੇ ਭਾਰਤ ਦੇ ਸੰਵਿਧਾਨ ਦੀ ਪਾਲਣਾ ਕਰਨ, ਭਾਰਤ ਦੀ ਪ੍ਰਭੂਸੱਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਅਤੇ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦਾ ਪ੍ਰਣ ਵੀ ਲਿਆ।

Advertisement

Advertisement
Author Image

sukhwinder singh

View all posts

Advertisement
Advertisement
×