ਲੋਕ ਸਭਾ ਚੋਣਾਂ: ਸ਼੍ਰੋਮਣੀ ਅਕਾਲੀ ਦਲ (ਅ) ਵੱਲੋਂ 7 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 27 ਮਾਰਚ
ਲੋਕ ਸਭਾ ਚੋਣਾਂ ਨਜ਼ਦੀਕ ਆਉਣ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਚੋਣਾਂ ਲੜਨ ਲਈ ਤਿਆਰੀਆਂ ਕਰ ਲਈਆਂ ਹਨ। ਅੱਜ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਦਾਨ ਸਿਮਰਨਜੀਤ ਸਿੰਘ ਮਾਨ ਨੇ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਜੰਮੂ-ਕਸ਼ਮੀਰ ਵਿੱਚ ਲੋਕ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਪਾਰਟੀ ਨੇ ਪੰਜਾਬ ਦੀਆਂ 5 ਅਤੇ ਹਰਿਆਣਾ ਦੀਆਂ ਦੋ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਲੋਕ ਸਭਾ ਹਲਕਾ ਸੰਗਰੂਰ ਤੋਂ ਚੋਣ ਮੈਦਾਨ ਵਿੱਚ ਉਤਰ ਰਹੇ ਹਨ। ਇਸੇ ਤਰ੍ਹਾਂ ਪਟਿਆਲਾ ਤੋਂ ਪ੍ਰੋ. ਮਹਿੰਦਰਪਾਲ ਸਿੰਘ, ਲੁਧਿਆਣਾ ਤੋਂ ਅੰਮ੍ਰਿਤਪਾਲ ਸਿੰਘ ਛੰਦੜਾ, ਫਰੀਦਕੋਟ ਤੋਂ ਬਲਦੇਵ ਸਿੰਘ ਗਗੜਾ, ਸ੍ਰੀ ਆਨੰਦਪੁਰ ਸਾਹਿਬ ਤੋਂ ਇੰਜਨੀਅਰ ਕੁਸ਼ਲਪਾਲ ਸਿੰਘ ਮਾਨ ਨੂੰ ਲੋਕ ਸਭਾ ਚੋਣਾਂ ਲਈ ਉਮੀਦਵਾਰ ਐਲਨਿਆ ਗਿਆ ਹੈ। ਹਰਿਆਣਾ ਦੇ ਕਰਨਾਲ ਤੋਂ ਹਰਜੀਤ ਸਿੰਘ ਵਿਰਕ ਅਤੇ ਕੁਰੂਕਸ਼ੇਤਰ ਤੋਂ ਖਜ਼ਾਨ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ ਪੱਲਾ ਫੜਿਆ
ਅੱਜ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਅਤੇ ਕਾਸ਼ੀ ਰਾਮ ਦੇ ਨਜ਼ਦੀਕੀ ਰਹੇ ਡਾ. ਹਰਜਿੰਦਰ ਸਿੰਘ ਜੱਖੂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਿੱਚ ਸ਼ੋਹਰ ਹੋ ਗਏ ਹਨ। ਜਿਨ੍ਹਾਂ ਨੂੰ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸਿਰੋਪਾਉ ਪਾ ਕੇ ਪਾਰਟੀ ਵਿੱਚ ਸ਼ਾਮਲ ਕਰਵਾਇਆ।