For the best experience, open
https://m.punjabitribuneonline.com
on your mobile browser.
Advertisement

ਲੋਕ ਸਭਾ ਚੋਣਾਂ ਦੇਸ਼ ਦੇ ਸੰਵਿਧਾਨ ਨੂੰ ਬਚਾਉਣ ਦੀ ਲੜਾਈ: ਹੁੱਡਾ

06:28 AM May 03, 2024 IST
ਲੋਕ ਸਭਾ ਚੋਣਾਂ ਦੇਸ਼ ਦੇ ਸੰਵਿਧਾਨ ਨੂੰ ਬਚਾਉਣ ਦੀ ਲੜਾਈ  ਹੁੱਡਾ
ਰੈਲੀ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ।
Advertisement

ਰਤਨ ਸਿੰਘ ਢਿੱਲੋਂ
ਅੰਬਾਲਾ, 2 ਮਈ
ਸਾਬਕਾ ਮੁੱਖ ਮੰਤਰੀ ਅਤੇ ਹਰਿਆਣਾ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਜੇਕਰ ਦੇਸ਼ ਦਾ ਸੰਵਿਧਾਨ ਬਚੇਗਾ ਤਾਂ ਲੋਕਤੰਤਰ ਬਚੇਗਾ। ਇਹ ਸਿਰਫ ਲੋਕ ਸਭਾ ਦੀ ਚੋਣ ਨਹੀਂ ਹੈ ਬਲਕਿ ਦੇਸ਼ ਦੇ ਸੰਵਿਧਾਨ ਨੂੰ ਬਚਾਉਣ ਦੀ ਲੜਾਈ ਹੈ। ਹਰਿਆਣਾ ਵਿੱਚ ‘ਇੰਡੀਆ’ ਗੱਠਜੋੜ ਪੂਰੀ ਮਜ਼ਬੂਤੀ ਨਾਲ ਚੋਣ ਲੜ ਰਿਹਾ ਹੈ। ਲੋਕ ਸਭਾ ਚੋਣਾਂ ਦੀ ਜਿੱਤ ਹਰਿਆਣਾ ਵਿੱਚ ਵੀ ਕਾਂਗਰਸ ਸਰਕਾਰ ਦੀ ਨੀਂਹ ਰੱਖੇਗੀ। ਉਨ੍ਹਾਂ ਐਲਾਨ ਕੀਤਾ ਕਿ ਸਰਕਾਰ ਬਣਨ ’ਤੇ ਅੰਬਾਲਾ ਵਿੱਚ ਉਦਯੋਗ ਤੇ ਰੁਜ਼ਗਾਰ ਵਿੱਚ ਵਾਧਾ ਕਰਨ ਲਈ ਆਈਐੱਮਟੀ ਦਾ ਨਿਰਮਾਣ ਕੀਤਾ ਜਾਵੇਗਾ। ਸ੍ਰੀ ਹੁੱਡਾ ਅੱਜ ਕਾਂਗਰਸ ਦੇ ਲੋਕ ਸਭਾ ਹਲਕਾ ਅੰਬਾਲਾ ਤੋਂ ਉਮੀਦਵਾਰ ਵਰੁਣ ਚੌਧਰੀ ਦੇ ਨਾਮਜ਼ਦਗੀ ਕਾਗਜ਼ ਦਾਖਲ ਕਰਾਉਣ ਤੋਂ ਪਹਿਲਾਂ ਅੰਬਾਲਾ ਸ਼ਹਿਰ ਦੇ ਮਾਨਵ ਚੌਕ ਵਿੱਚ ਹੋਈ ਰੈਲੀ ਵਿੱਚ ਬੋਲ ਰਹੇ ਸਨ। ਉਨ੍ਹਾਂ ਦੇ ਨਾਲ ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਚੌਧਰੀ ਉਦੈਭਾਨ ਅਤੇ ਸਾਬਕਾ ਮੰਤਰੀ ਨਿਰਮਲ ਸਿੰਘ ਵੀ ਮੌਜੂਦ ਰਹੇ। ਸ੍ਰੀ ਹੁੱਡਾ ਨੇ ਵਰੁਣ ਚੌਧਰੀ ਦੀ ਪਿੱਠ ਥਾਪੜਦਿਆਂ ਆਪਣੇ ਵਰਕਰਾਂ ਨੂੰ ਇਕ-ਇਕ ਵੋਟ ਦੀ ਪੋਲਿੰਗ ਕਰਾਉਣ ਦੀ ਅਪੀਲ ਕੀਤੀ। ਸ੍ਰੀ ਹੁੱਡਾ ਨੇ ਕਿਹਾ ਕਿ ਕਾਂਗਰਸ ਵਿਚ ਕੋਈ ਗੁੱਟਬਾਜ਼ੀ ਨਹੀਂ ਹੈ ਤੇ ਸਾਰੇ ਮਿਲ ਕੇ ਚੋਣ ਲੜ ਰਹੇ ਹਨ। ਪ੍ਰਦੇਸ਼ ਪ੍ਰਧਾਨ ਉਦੈਭਾਨ ਸਿੰਘ ਨੇ ਕਿਹਾ ਕਿ ਅੱਜ ਦੇਸ਼ ਵਿਚ ਸਾਰੀਆਂ ਲੋਕਤੰਤਰੀ ਸੰਸਥਾਵਾਂ ਦੀ ਭਰੋਸੇਯੋਗਤਾ ’ਤੇ ਸਵਾਲ ਖੜ੍ਹੇ ਹੋ ਰਹੇ ਹਨ। ਦੇਸ਼ ਵਿਚ ਤਾਨਾਸ਼ਾਹੀ ਚੱਲ ਰਹੀ ਹੈ ਜਿਸ ਨੂੰ ਖ਼ਤਮ ਕਰਨ ਲਈ ‘ਇੰਡੀਆ’ ਗੱਠਜੋੜ ਲੜਾਈ ਲੜ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਵਜੋਂ ਵਰੁਣ ਮੁਲਾਣਾ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ਹੈ ਅਤੇ ਵਿਰੋਧੀ ਧਿਰ ਵਿੱਚ ਹੁੰਦਿਆਂ ਵੀ ਉਸ ਨੂੰ ਸਰਬੋਤਮ ਵਿਧਾਇਕ ਚੁਣਿਆ ਗਿਆ ਹੈ। ਰੈਲੀ ਤੋਂ ਬਾਅਦ ਵਰੁਣ ਚੌਧਰੀ ਨੇ ਭੁਪਿੰਦਰ ਸਿੰਘ ਹੁੱਡਾ, ਚੌਧਰੀ ਊਦੈਭਾਨ ਅਤੇ ਨਿਰਮਲ ਸਿੰਘ ਦੇ ਨਾਲ ਡੀਸੀ ਦਫ਼ਤਰ ਪਹੁੰਚ ਕੇ ਨਾਮਜ਼ਦਗੀ ਕਾਗ਼ਜ਼ ਦਾਖਲ ਕੀਤੇ।

Advertisement

Advertisement
Author Image

joginder kumar

View all posts

Advertisement
Advertisement
×