ਕਾਂਗਰਸ ਨੇਤਾ ਰਾਹੁਲ ਗਾਂਧੀ ਲੋਕ ਸਭਾ ਮੈਂਬਰਸ਼ਿਪ ਬਹਾਲ ਹੋਣ ਮਗਰੋਂ ਸੰਸਦ ਪੁੱਜੇ
ਨਵੀਂ ਦਿੱਲੀ, 7 ਅਗਸਤ
‘ਮੋਦੀ ਗੋਤ’ ’ਤੇ ਟਿੱਪਣੀ ਸਬੰਧੀ ਰਾਹੁਲ ਗਾਂਧੀ ਨੂੰ ਦੋਸ਼ੀ ਠਹਿਰਾਏ ਜਾਣ ਦੇ ਫ਼ੈਸਲੇ ’ਤੇ ਸੁਪਰੀਮ ਕੋਰਟ ਵੱਲੋਂ ਰੋਕ ਲਾਉਣ ਤੋਂ ਬਾਅਦ ਅੱਜ ਇਸ ਕਾਂਗਰਸੀ ਨੇਤਾ ਕਾਂਗਰਸ ਆਗੂ ਦੀ ਲੋਕ ਸਭਾ ਮੈਂਬਰਸ਼ਿਪ ਬਹਾਲ ਕਰ ਦਿੱਤੀ ਗਈ। ਲੋਕ ਸਭਾ ਸਕੱਤਰੇਤ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਵਿਚ ਸਕੱਤਰੇਤ ਨੇ ਕਿਹਾ ਕਿ ਸੁਪਰੀਮ ਕੋਰਟ ਦੇ 4 ਅਗਸਤ ਦੇ ਫੈਸਲੇ ਦੇ ਮੱਦੇਨਜ਼ਰ ਸ੍ਰੀ ਗਾਂਧੀ ਦੀ ਅਯੋਗਤਾ ਬਾਰੇ 24 ਮਾਰਚ ਦੇ ਨੋਟੀਫਿਕੇਸ਼ਨ ਨੂੰ ਅਗਲੇ ਨਿਆਂਇਕ ਫੈਸਲੇ ਤੱਕ ਲਾਗੂ ਕਰਨ 'ਤੇ ਰੋਕ ਲਗਾਈ ਗਈ ਹੈ।
ਇਸ ਦੌਰਾਨ ਲੋਕ ਸਭਾ ਦੀ ਮੈਂਬਰਸ਼ਿਪ ਬਹਾਲ ਹੋਣ ਤੋਂ ਬਾਅਦ ਰਾਹੁਲ ਗਾਂਧੀ ਅੱਜ ਸੰਸਦ ਪੁੱਜੇ, ਜਿੱਥੇ ਕਾਂਗਰਸ ਅਤੇ ਇਸ ਦੇ ਕੁਝ ਹੋਰ ਸਹਿਯੋਗੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਦੇ ਸਮਰਥਨ ਵਿੱਚ ਨਾਅਰੇਬਾਜ਼ੀ ਕੀਤੀ। ਲੋਕ ਸਭਾ ਵਿਚ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ, ਰਾਜ ਸਭਾ ਵਿਚ ਪਾਰਟੀ ਦੇ ਉਪ ਨੇਤਾ ਪ੍ਰਮੋਦ ਤਿਵਾੜੀ, ਸਮਾਜਵਾਦੀ ਪਾਰਟੀ ਦੇ ਰਾਮ ਗੋਪਾਲ ਯਾਦਵ, ਸ਼ਿਵ ਸੈਨਾ (ਯੂਬੀਟੀ) ਦੇ ਸੰਜੇ ਰਾਉਤ, ਰੈਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ (ਆਰਐੱਸਪੀ) ਦੇ ਐੱਨਕੇ ਪ੍ਰੇਮਚੰਦਰਨ ਅਤੇ ਕਈ ਹੋਰ ਵਿਰੋਧੀ ਸੰਸਦ ਮੈਂਬਰਾਂ ਨੇ ਸੰਸਦ ਭਵਨ ਦਾਖਲਾ ਗੇਟ 'ਤੇ ਰਾਹੁਲ ਗਾਂਧੀ ਦਾ ਸਵਾਗਤ ਕੀਤਾ।