ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਸਦਨ ਦੀ ਕਾਰਵਾਈ ਮੁਲਤਵੀ
ਨਵੀਂ ਦਿੱਲੀ, 31 ਜੁਲਾਈ
ਭਾਜਪਾ ਦੇ ਸੰਸਦ ਮੈਂਬਰ ਅਨੁਰਾਗ ਠਾਕੁਰ ਦੀ ਜਾਤੀ ਨਾਲ ਸਬੰਧਤ ਟਿੱਪਣੀ ਖ਼ਿਲਾਫ਼ ਸਾਬਕਾ ਮੰਤਰੀ ਤੋਂ ਮੁਆਫ਼ੀ ਮੰਗਵਾਉਣ ਅਤੇ ਜਾਤੀਗਤ ਜਨਗਣਨਾ ਕਰਵਾਉਣ ਦੀ ਮੰਗ ’ਤੇ ਅੜੀਆਂ ਕਾਂਗਰਸ ਸਮੇਤ ਵੱਖ-ਵੱਖ ਵਿਰੋਧੀ ਪਾਰਟੀਆਂ ਦੇ ਭਾਰੀ ਹੰਗਾਮੇ ਮਗਰੋਂ ਸਦਨ ਦੀ ਕਾਰਵਾਈ ਪਹਿਲਾਂ ਦੁਪਹਿਰ 12 ਵਜੇ ਤੱਕ, ਫਿਰ ਦੁਪਹਿਰ ਤੱਕ ਲਈ ਮੁਲਤਵੀ ਕਰਨੀ ਪਈ। ਇਸ ਤੋਂ ਪਹਿਲਾਂ ਸਵੇਰੇ 11 ਵਜੇ ਜਿਵੇਂ ਹੀ ਸਦਨ ਦੀ ਕਾਰਵਾਈ ਸ਼ੁਰੂ ਹੋਈ ਤਾਂ ਸਪੀਕਰ ਓਮ ਬਿਰਲਾ ਨੇ ਪੈਰਿਸ ਓਲੰਪਿਕ ਖੇਡਾਂ ਵਿੱਚ ਨਿਸ਼ਾਨੇਬਾਜ਼ੀ ਦੇ ਮਿਕਸਡ ਮੁਕਾਬਲੇ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਮਨੂ ਭਾਕਰ ਅਤੇ ਸਰਬਜੀਤ ਸਿੰਘ ਨੂੰ ਸਦਨ ਵੱਲੋਂ ਵਧਾਈ ਦਿੱਤੀ। ਫਿਰ ਪ੍ਰਸ਼ਨਕਾਲ ਸ਼ੁਰੂ ਕਰਨ ਦੀ ਇਜਾਜ਼ਤ ਦਿੱਤੀ ਗਈ। ਇਸ ਮਗਰੋਂ ਵਿਰੋਧੀ ਧਿਰ ਦੇ ਮੈਂਬਰਾਂ ਨੇ ਅਨੁਰਾਗ ਠਾਕੁਰ ਦੀ ਮੰਗਲਵਾਰ ਨੂੰ ਕੀਤੀ ਗਈ ਟਿੱਪਣੀ ਨੂੰ ਲੈ ਕੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਸਪੀਕਰ ਨੇ ਹੰਗਾਮਾ ਕਰ ਰਹੇ ਮੈਂਬਰਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ ਕੋਈ ਅਸਰ ਨਾ ਹੋਣ ਮਗਰੋਂ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ। -ਪੀਟੀਆਈ