ਛੋਟੇ ਦੁਕਾਨਦਾਰਾਂ ਵਿਰੋਧੀ ਨੀਤੀਆਂ ਬਾਰੇ ਜਾਗਰੂਕ ਕੀਤਾ
ਪੱਤਰ ਪ੍ਰੇਰਕ
ਭਵਾਨੀਗੜ੍ਹ, 21 ਨਵੰਬਰ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਇੱਥੇ ਮੁੱਖ ਬਾਜ਼ਾਰ ਦੇ ਦੁਕਾਨਦਾਰਾਂ ਨੂੰ ਵੱਡੇ ਘਰਾਣਿਆਂ ਦੀਆਂ ਦਿਓ ਕੱਦ ਕੰਪਨੀਆਂ ਦੀਆਂ ਛੋਟੇ ਦੁਕਾਨਦਾਰਾਂ ਵਿਰੋਧੀ ਨੀਤੀਆਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਬਲਾਕ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ, ਮੀਤ ਪ੍ਰਧਾਨ ਹਰਜੀਤ ਸਿੰਘ ਮਹਿਲਾਂ, ਬਲਾਕ ਸਕੱਤਰ ਜਸਵੀਰ ਸਿੰਘ ਗੱਗੜਪੁਰ, ਪ੍ਰੈੱਸ ਸਕੱਤਰ ਹਰਜਿੰਦਰ ਸਿੰਘ ਘਰਾਚੋਂ ਅਤੇ ਗੁਰਚੇਤ ਸਿੰਘ ਭੱਟੀਵਾਲ ਨੇ ਦੋਸ਼ ਲਾਇਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀ ਮਿਲੀਭੁਗਤ ਨਾਲ ਪੰਜਾਬ ਵਿੱਚ ਆ ਰਹੀਆਂ ਕਾਰਪੋਰੇਟ ਘਰਾਣਿਆਂ ਦੀਆਂ ਦਿਓਕੱਦ ਕੰਪਨੀਆਂ ਪਿੰਡਾਂ ਅਤੇ ਸ਼ਹਿਰਾਂ ਦੇ ਛੋਟੇ ਬਾਜ਼ਾਰ ਖਤਮ ਕਰ ਦੇਣਗੀਆਂ। ਆਗੂਆਂ ਵੱਲੋਂ ਪਰਚੇ ਵੰਡਦਿਆਂ ਸ਼ਹਿਰ ਦੇ ਦੁਕਾਨਦਾਰਾਂ ਨੂੰ ਹੋਕਾ ਦਿੱਤਾ ਕਿ ਵੱਡੇ ਘਰਾਣਿਆਂ ਖਿਲਾਫ਼ ਸੰਘਰਸ਼ ਸਾਨੂੰ ਇਕੱਠੇ ਹੋ ਕੇ ਲੜਨਾ ਪਵੇਗਾ। ਯੂਨੀਅਨ ਦੀ ਬਲਾਕ ਪੱਧਰੀ ਮੀਟਿੰਗ ਵਿੱਚ ਕਿਸਾਨ ਆਗੂਆਂ ਨੇ ਝੋਨੇ ਦੀ ਰਹਿੰਦ-ਖੂੰਹਦ ਬਿਨਾਂ ਅੱਗ ਲਾਏ ਬੀਜੀ ਕਣਕ ਨੂੰ ਸੁੰਡੀ ਪੈਣ ਕਾਰਨ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ।