ਮਹਾਂਕੁੰਭ ਭਗਦੜ ਮਾਮਲਾ: ਸੁਪਰੀਮ ਕੋਰਟ ਵੱਲੋਂ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਤੋਂ ਇਨਕਾਰ
ਨਵੀਂ ਦਿੱਲੀ, 3 ਫਰਵਰੀ
ਮਹਾਂਕੁੰਭ ’ਚ ਮੌਨੀ ਮੱਸਿਆ ਵਾਲੇ ਦਿਨ ਭਗਦੜ ਦੌਰਾਨ 30 ਵਿਅਕਤੀਆਂ ਦੀ ਮੌਤ ਨੂੰ ‘ਮੰਦਭਾਗਾ’ ਕਰਾਰ ਦਿੰਦਿਆਂ ਸੁਪਰੀਮ ਕੋਰਟ ਨੇ ਅੱਜ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਤੋਂ ਇਨਕਾਰ ਕਰਦਿਆਂ ਪਟੀਸ਼ਨਰ ਨੂੰ ਅਲਾਹਾਬਾਦ ਹਾਈ ਕੋਰਟ ਜਾਣ ਲਈ ਕਿਹਾ। ਚੀਫ਼ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਸੰਜੇ ਕੁਮਾਰ ’ਤੇ ਆਧਾਰਿਤ ਬੈਂਚ ਨੇ ਕਿਹਾ, ‘‘ਇਹ ਮੰਦਭਾਗੀ ਘਟਨਾ ਹੈ, ਜਿਸ ’ਤੇ ਚਿੰਤਾ ਕਰਨੀ ਬਣਦੀ ਹੈ ਪਰ ਤੁਸੀਂ ਅਲਾਹਾਬਾਦ ਹਾਈ ਕੋਰਟ ਜਾਓ।’’ ਬੈਂਚ ਨੇ ਯੂਪੀ ਸਰਕਾਰ ਦੀ ਦਲੀਲ ਦਾ ਨੋਟਿਸ ਲਿਆ ਕਿ ਇਸ ਮਾਮਲੇ ’ਚ ਅਲਾਹਾਬਾਦ ਹਾਈ ਕੋਰਟ ’ਚ ਪਹਿਲਾਂ ਹੀ ਅਰਜ਼ੀ ਦਾਖ਼ਲ ਕੀਤੀ ਜਾ ਚੁੱਕੀ ਹੈ ਅਤੇ ਸੁਪਰੀਮ ਕੋਰਟ ’ਚ ਮੌਜੂਦਾ ਪਟੀਸ਼ਨ ’ਤੇ ਸੁਣਵਾਈ ਨਹੀਂ ਹੋਣੀ ਚਾਹੀਦੀ ਹੈ। ਯੂਪੀ ਸਰਕਾਰ ਦੇ ਨੁਮਾਇੰਦੇ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਭਗਦੜ ਮਾਮਲੇੇ ਦੀ ਨਿਆਂਇਕ ਜਾਂਚ ਸ਼ੁਰੂ ਹੋ ਚੁੱਕੀ ਹੈ। ਵਕੀਲ ਵਿਸ਼ਾਲ ਤਿਵਾੜੀ ਨੇ ਸੰਵਿਧਾਨ ਦੀ ਧਾਰਾ 32 ਤਹਿਤ ਜਨਹਿੱਤ ਪਟੀਸ਼ਨ ਦਾਖ਼ਲ ਕਰਕੇ ਭਗਦੜ ਵਰਗੀਆਂ ਘਟਨਾਵਾਂ ਨੂੰ ਰੋਕਣ ਲਈ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੀ ਮੰਗ ਕੀਤੀ ਸੀ। ਉਨ੍ਹਾਂ ਧਾਰਾ 21 ਤਹਿਤ ਬਰਾਬਰੀ ਦੇ ਬੁਨਿਆਦੀ ਹੱਕਾਂ ਅਤੇ ਜ਼ਿੰਦਗੀ ਦੀ ਰਾਖੀ ਲਈ ਵੀ ਕਦਮ ਚੁੱਕਣ ਦੀ ਮੰਗ ਕੀਤੀ ਸੀ। -ਪੀਟੀਆਈ