ਮਹਾਰਾਸ਼ਟਰ: ਏਕਨਾਥ ਸ਼ਿੰਦੇ ਵੱਲੋਂ ਅਹੁਦੇ ਤੋਂ ਅਸਤੀਫ਼ਾ
ਮੁੰਬਈ, 26 ਨਵੰਬਰ
ਸ਼ਿਵ ਸੈਨਾ ਮੁਖੀ ਏਕਨਾਥ ਸ਼ਿੰਦੇ ਨੇ ਅੱਜ ਮਹਾਰਾਸ਼ਟਰ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਹਾਲਾਂਕਿ, ਸੂਬਾ ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨੇ ਜਾਣ ਦੇ ਤਿੰਨ ਦਿਨ ਬਾਅਦ ਵੀ ਇਸ ਸਿਖਰਲੇ ਅਹੁਦੇ ਲਈ ਸਥਿਤੀ ਸਪਸ਼ਟ ਨਹੀਂ ਹੋ ਸਕੀ। ਕੇਂਦਰੀ ਮੰਤਰੀ ਰਾਮਦਾਸ ਅਠਾਵਲੇ ਨੇ ਦਿੱਲੀ ਵਿੱਚ ਕਿਹਾ ਕਿ ਭਾਜਪਾ ਲੀਡਰਸ਼ਿਪ ਨੇ ਦੇਵੇਂਦਰ ਫੜਨਵੀਸ ਨੂੰ ਤੀਜੀ ਵਾਰ ਮੁੱਖ ਮੰਤਰੀ ਬਣਾਉਣ ਦਾ ਫ਼ੈਸਲਾ ਕੀਤਾ ਹੈ ਪਰ ਪਾਰਟੀ ਵੱਲੋਂ ਹਾਲੇ ਤੱਕ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ। ਸ਼ਿੰਦੇ ਅਤੇ ਫੜਨਵੀਸ 26 ਨਵੰਬਰ 2008 ਨੂੰ ਮੁੰਬਈ ਅਤਿਵਾਦੀ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਸਵੇਰੇ ਮੁੰਬਈ ਪੁਲੀਸ ਕਮਿਸ਼ਨਰ ਦਫ਼ਤਰ ਵਿੱਚ ਸਮਾਗਮ ਵਿੱਚ ਪਹੁੰਚੇ ਸਨ ਪਰ ਉਨ੍ਹਾਂ ਦਰਮਿਆਨ ਕੋਈ ਗੱਲਬਾਤ ਨਹੀਂ ਹੋਈ। ਸ਼ਿੰਦੇ ਨੇ ਮੁੱਖ ਮੰਤਰੀ ਬਣੇ ਰਹਿਣ ਦੀ ਸ਼ਿਵ ਸੈਨਾ ਆਗੂਆਂ ਦੀ ਅਪੀਲ ਦਰਮਿਆਨ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸ਼ਿਵ ਸੈਨਾ ਆਗੂਆਂ ਦਾ ਕਹਿਣਾ ਹੈ ਕਿ ਵਿਧਾਨ ਸਭਾ ਚੋਣਾਂ ਸ਼ਿੰਦੇ ਦੀ ਅਗਵਾਈ ਵਿੱਚ ਲੜੀਆਂ ਅਤੇ ਜਿੱਤੀਆਂ ਗਈਆਂ ਸਨ।
ਸ਼ਿੰਦੇ ਨੇ ਉਪ ਮੁੱਖ ਮੰਤਰੀ ਫੜਨਵੀਸ ਅਤੇ ਅਜੀਤ ਪਵਾਰ ਨਾਲ ਅੱਜ ਸਵੇਰੇ ਰਾਜ ਭਵਨ ਵਿੱਚ ਰਾਜਪਾਲ ਸੀਪੀ ਰਾਧਾਕ੍ਰਿਸ਼ਨਨ ਨਾਲ ਮੁਲਾਕਾਤ ਕੀਤੀ ਅਤੇ ਮੁੱਖ ਮੰਤਰੀ ਵਜੋਂ ਆਪਣਾ ਅਸਤੀਫ਼ਾ ਸੌਂਪ ਦਿੱਤਾ। -ਪੀਟੀਆਈ