ਮਹਾਰਾਸ਼ਟਰ ਚੋਣਾਂ: ਕਾਂਗਰਸ ਵੱਲੋਂ 23 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
ਨਵੀਂ ਦਿੱਲੀ, 26 ਅਕਤੂਬਰ
ਕਾਂਗਰਸ ਨੇ ਮਹਾਰਾਸ਼ਟਰ ’ਚ 20 ਨਵੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਪਣੇ 23 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਨੇ ਪਹਿਲੀ ਸੂਚੀ ’ਚ 48 ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਪਾਰਟੀ ਵੱਲੋਂ ਹੁਣ ਤੱਕ 71 ਉਮੀਦਵਾਰਾਂ ਐਲਾਨੇ ਜਾ ਚੁੱਕੇ ਹਨ। ਕਾਂਗਰਸ ਨੇ ਕਿਹਾ ਹੈ ਕਿ ਮਹਾ ਵਿਕਾਸ ਅਘਾੜੀ (ਐੱਮਵੀਏ) ਗੱਠਜੋੜ ’ਚ ਕੋਈ ਮਤਭੇਦ ਨਹੀਂ ਹੈ। ਆਲ ਇੰਡੀਆ ਕਾਂਗਰਸ ਕਮੇਟੀ ਦੇ ਮਹਾਰਾਸ਼ਟਰ ਲਈ ਇੰਚਾਰਜ ਰਮੇਸ਼ ਚੇਨੀਥਲਾ ਨੇ ਕਿਹਾ ਕਿ ਸੂਬੇ ਦੇ ਲੋਕਾਂ ਦੇ ਸੁਪਨੇ ਪੂਰੇ ਕਰਨ ਲਈ ਐੱਮਵੀਏ ਭਾਈਵਾਲ ਰਲ ਕੇ ਚੋਣਾਂ ਲੜਨਗੇ। ਕਾਂਗਰਸ ਚੋਣ ਕਮੇਟੀ ਦੀ ਸ਼ੁੱਕਰਵਾਰ ਨੂੰ ਇਥੇ ਹੋਈ ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਮੇਸ਼ ਨੇ ਆਸ ਜਤਾਈ ਕਿ ਸੂਬੇ ’ਚ ਐੱਮਵੀਏ ਗੱਠਜੋੜ ਸਰਕਾਰ ਬਣਾਏਗਾ ਕਿਉਂਕਿ ਲੋਕਾਂ ਨੇ ਭ੍ਰਿਸ਼ਟ ਸਰਕਾਰ ਨੂੰ ਲਾਂਭੇ ਕਰਨ ਦੀ ਤਿਆਰੀ ਖਿੱਚ ਲਈ ਹੈ। -ਪੀਟੀਆਈ
ਐੱਮਵੀਏ ਭਾਈਵਾਲਾਂ ਨੂੰ ‘ਸਬਕਾ ਸਾਥ, ਸਬਕਾ ਵਿਕਾਸ’ ਦੀ ਲੋੜ: ਰਾਊਤ
ਮੁੰਬਈ: ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਸੀਟਾਂ ਦੀ ਵੰਡ ਨੂੰ ਲੈ ਕੇ ਚੱਲ ਰਹੇ ਰੇੜਕੇ ਦਰਮਿਆਨ ਸ਼ਿਵ ਸੈਨਾ (ਯੂਬੀਟੀ) ਆਗੂ ਸੰਜੈ ਰਾਊਤ ਨੇ ਕਿਹਾ ਹੈ ਕਿ ‘ਸਬਕਾ ਸਾਥ, ਸਬਕਾ ਵਿਕਾਸ’ ਨਾਅਰੇ ਦੀ ਲੋੜ ਮਹਾ ਵਿਕਾਸ ਅਘਾੜੀ (ਐੱਮਵੀਏ) ਦੇ ਭਾਈਵਾਲਾਂ ਨੂੰ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਊਤ ਨੇ ਪੀਡਬਲਿਊਪੀ ਅਤੇ ਸਮਾਜਵਾਦੀ ਪਾਰਟੀ ਸਣੇ ਕੁਝ ਛੋਟੀਆਂ ਪਾਰਟੀਆਂ ਵੱਲੋਂ ਉਮੀਦਵਾਰ ਐਲਾਨੇ ਜਾਣ ’ਤੇ ਨਾਰਾਜ਼ਗੀ ਜਤਾਈ ਹੈ। -ਪੀਟੀਆਈ