ਮਹਾਰਾਸ਼ਟਰ ਚੋਣਾਂ: ਸ਼ਿਵ ਸੈਨਾ ਵੱਲੋਂ 20 ਉਮੀਦਵਾਰਾਂ ਦੀ ਸੂਚੀ ਜਾਰੀ
ਮੁੰਬਈ, 27 ਅਕਤੂਬਰ
ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਸ਼ਿਵ ਸੈਨਾ ਨੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਅੱਜ 20 ਉਮੀਦਵਾਰਾਂ ਦੀ ਆਪਣੀ ਨਵੀਂ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿੱਚ ਮਿਲਿੰਦ ਦਿਓੜਾ ਨੂੰ ਸ਼ਾਮਲ ਕੀਤਾ ਗਿਆ ਹੈ ਜੋ ਵਰਲੀ ਵਿੱਚ ਸ਼ਿਵ ਸੈਨਾ (ਯੂਬੀਟੀ) ਦੇ ਆਗੂ ਆਦਿੱਤਿਆ ਠਾਕਰੇ ਵਿਰੁੱਧ ਚੋਣ ਲੜਨਗੇ। ਸੰਜੇ ਨਿਰੂਪਮ ਨੂੰ ਡਿੰਡੋਸ਼ੀ ਹਲਕੇ ਤੋਂ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ।
ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਸਦ ਮੈਂਬਰ ਅਤੇ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਨਰਾਇਣ ਰਾਣੇ ਦੇ ਪੁੱਤਰ ਨੀਲੇਸ਼ ਰਾਣੇ ਨੂੰ ਕੁਡਾਲ ਸੀਟ ਤੋਂ ਉਮੀਦਵਾਰ ਬਣਾਇਆ ਗਿਆ ਹੈ। ਮਿਲਿੰਦ ਦਿਓੜਾ ਇਸ ਵੇਲੇ ਰਾਜ ਸਭਾ ਮੈਂਬਰ ਹਨ ਅਤੇ ਦੱਖਣੀ ਮੁੰਬਈ ਤੋਂ ਤਿੰਨ ਵਾਰ ਸੰਸਦ ਮੈਂਬਰ ਰਹੇ ਹਨ। ਉਨ੍ਹਾਂ ਨੂੰ ਲੋਕ ਸਭਾ ਚੋਣਾਂ ਦੌਰਾਨ ਵਰਲੀ ਦਾ ਇੰਚਾਰਜ ਬਣਾਇਆ ਗਿਆ ਸੀ।
ਇਸ ਤੋਂ ਪਹਿਲਾਂ ਅੱਜ ਭਾਜਪਾ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਰਾਓਸਾਹਿਬ ਪਾਟਿਲ ਦਾਨਵੇ ਦੀ ਧੀ ਸੰਜਨਾ ਜਾਧਵ ਸ਼ਿੰਦੇ ਦੀ ਅਗਵਾਈ ਵਾਲੀ ਸ਼ਿਵ ਸੈਨਾ ਵਿੱਚ ਸ਼ਾਮਲ ਹੋ ਗਈ। ਸੰਜਨਾ ਜਾਧਵ ਨਾਲ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਰਾਜੇਂਦਰ ਗਾਵਿਤ ਅਤੇ ਭਾਜਪਾ ਦੇ ਸਾਬਕਾ ਕਾਰਪੋਰੇਟਰ ਮੁਰਜੀ ਪਟੇਲ ਵੀ ਪਾਰਟੀ ’ਚ ਸ਼ਾਮਲ ਹੋਏ।
ਮਹਾਰਾਸ਼ਟਰ ਵਿਧਾਨ ਸਭਾ ਦੀਆਂ 288 ਸੀਟਾਂ ਲਈ ਵੋਟਾਂ 20 ਨਵੰਬਰ ਨੂੰ ਪੈਣਗੀਆਂ ਤੇ ਵੋਟਾਂ ਦੇ ਨਤੀਜੇ 23 ਨਵੰਬਰ ਨੂੰ ਆਉਣਗੇ।