ਮਹੇਸ਼ ਸਿੰਗਲਾ ਵੱਲੋਂ ਨਸ਼ਾ ਛੁਡਾਊ ਕੇਂਦਰ ਦਾ ਦੌਰਾ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 19 ਅਗਸਤ
ਜ਼ਿਲ੍ਹਾ ਪ੍ਰਸ਼ਾਸਨ ਦੀ ਦੇਖ ਰੇਖ ਹੇਠ ਚੱਲ ਰਹੇ ਸਥਾਨਕ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਵਿੱਚ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਪੈਸ਼ਲ ਐਗਜ਼ੀਕਿਊਟਿਵ ਮਹੇਸ਼ ਸਿੰਗਲਾ ਆਈਪੀਐੱਸ ਰਿਟਾਇਰਡ ਵਿਸ਼ੇਸ਼ ਤੌਰ ’ਤੇ ਪੁੱਜੇ ਅਤੇ ਨਸ਼ਾ ਛੁਡਾਊ ਕੇਂਦਰ ਵਿਚ ਨਸ਼ਾ ਛੱਡਣ ਲਈ ਹੋ ਰਹੇ ਇਲਾਜ ਅਤੇ ਗਤੀਵਿਧੀਆਂ ਦਾ ਜਾਇਜ਼ਾ ਲਿਆ। ਪਹਿਲਾਂ ਉਨ੍ਹਾਂ ਦਾ ਸਿਵਲ ਹਸਪਤਾਲ ਦੇ ਡਿਪਟੀ ਮੈਡੀਕਲ ਕਮਿਸ਼ਨਰ ਵਿਕਾਸ ਧੀਰ, ਡਾ. ਦੀਪਕ ਕਾਂਸਲ, ਕੇਂਦਰ ਦੇ ਡਾਇਰੈਕਟਰ ਬਲਰਾਜ ਸਿੰਘ ਅਤੇ ਨਾਇਬ ਸਿੰਘ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਨਸ਼ਾ ਮੁਕਤ ਹੋਣ ਵਾਲੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਮਾਜ ਸੇਵੀ ਜਥੇਬੰਦੀਆਂ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਵੱਧ ਤੋਂ ਵੱਧ ਲੋਕਾਂ ਖਾਸ ਕਰਕੇ ਨੌਜ਼ਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਜਾਗਰੂਕ ਕਰਨਾ ਚਾਹੀਦਾ ਹੈ। ਕੇਂਦਰ ਦੇ ਡਾਇਰੈਕਟਰ ਬਲਰਾਜ ਸਿੰਘ ਨੇ ਨਸ਼ਿਆਂ ਤੋਂ ਪੀੜਤ ਨੌਜ਼ਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਹੋਣ ਲਈ ਕੇਂਦਰ ਵਿੱਚ ਦਾਖਲ ਹੋ ਕੇ ਆਪਣਾ ਇਲਾਜ ਕਰਵਾਉਣ। ਡਾਕਟਰ ਦੀਪਕ ਬਾਂਸਲ ਨੇ ਕਿਹਾ ਕਿ ਨਸ਼ਾ ਗ੍ਰਸਤ ਮਰੀਜ਼ਾਂ ਨੂੰ ਘੱਟ ਤੋਂ ਘੱਟ ਦਵਾਈਆਂ ਦੀ ਵਰਤੋਂ ਨਾਲ ਵਧੀਆ ਜ਼ਿੰਦਗੀ ਜਿਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।