Majithia’s security row: ਮਜੀਠੀਆ ਪ੍ਰਤੀ ਵਿਰੋਧੀ ਧਿਰਾਂ ਦੇ ਏਕੇ ’ਤੇ ਅਮਨ ਅਰੋੜਾ ਨੇ ਸਵਾਲ ਚੁੱਕੇ
ਰੁਚਿਕਾ ਖੰਨਾ
ਚੰਡੀਗੜ੍ਹ, 02 ਅਪ੍ਰੈਲ
Majithia’s security row: ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ੈੱਡ-ਪਲੱਸ ਸੁਰੱਖਿਆ ਵਾਪਸ ਲੈਣ ਸਬੰਧੀ ਵਿਰੋਧੀ ਵੱਲੋਂ ਚੁੱਕੇ ਜਾ ਰਹੇ ਸਵਾਲਾਂ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਬੁੱਧਵਾਰ ਨੂੰ ਮਜੀਠੀਆ ਪ੍ਰਤੀ ਵਿਰੋਧੀ ਧਿਰ ਦੀ ਹਮਦਰਦੀ ’ਤੇ ਸਵਾਲ ਚੁੱਕੇ। ਗ਼ੌਰਤਲਬ ਹੈ ਕਿ ਸੂਬਾ ਸਰਕਾਰ ਵੱਲੋਂ ਮਜੀਠੀਆ ਦੀ ਜ਼ੈੱਡ-ਪਲੱਸ ਸੁਰੱਖਿਆ ਵਾਪਸ ਲਏ ਜਾਣ ਤੋਂ ਬਾਅਦ ਆਗੂ ਨੇ ਦੋਸ਼ ਲਗਾਇਆ ਸੀ ਕਿ ਸੁਰੱਖਿਆ ਕਵਰ 'ਆਪ' ਸਰਕਾਰ ਵਿਰੁੱਧ ਲਗਾਤਾਰ ਮੁੱਦੇ ਉਠਾਉਣ ਦੇ ਬਦਲੇ ਵਜੋਂ ਵਾਪਸ ਲਿਆ ਗਿਆ ਹੈ।
ਅਕਾਲੀ ਆਗੂਆਂ ਤੋਂ ਇਲਾਵਾ ਕਾਂਗਰਸ ਅਤੇ ਭਾਜਪਾ ਦੇ ਆਗੂਆਂ ਨੇ ਵੀ ਮਜੀਠੀਆ ਦੀ ਸੁਰੱਖਿਆ ਵਾਪਸ ਲੈਣ ’ਤੇ ਸਰਕਾਰ ਦੀ ਆਲੋਚਨਾ ਕੀਤੀ ਸੀ। ਉਧਰ ਅੱਜ ਆਪ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਇਕ ਵੀਡੀਓ ਸੰਦੇਸ਼ ਵਿੱਚ ਵਿਰੋਧੀ ਧਿਰ ਦੇ ਆਗੂਆਂ ਨੂੰ ਸਵਾਲ ਕੀਤਾ ਕਿ ਉਹ ਨਸ਼ਾ ਤਸਕਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਵਿਅਕਤੀ ਪ੍ਰਤੀ ਹਮਦਰਦੀ ਕਿਉਂ ਰੱਖਦੇ ਹਨ।
ਉਨ੍ਹਾਂ ਕਿਹਾ ਜਿਸ ਤਰ੍ਹਾਂ ਅੱਜ ਤਿੰਨੋਂ ਪਾਰਟੀਆਂ ਕਾਂਗਰਸ, ਅਕਾਲੀ ਅਤੇ ਭਾਜਪਾ ਮਜੀਠੀਆ ਸੁਰੱਖਿਆ ਹਟਾਉਣ ਬਾਰੇ ਇਕੱਠੇ ਗੱਲ ਕਰ ਰਹੀਆਂ ਹਨ, ਉਹ ਕਦੇ ਵੀ ਪੰਜਾਬੀ ਲੋਕਾਂ ਦੇ ਹੱਕਾਂ ਲਈ ਇਸ ਤਰ੍ਹਾਂ ਇਕੱਠੇ ਨਹੀਂ ਹੋਏ।
ਅਰੋੜਾ ਨੇ ਕਿਹਾ ਕਿ ਅਕਾਲੀ ਆਗੂ ਦਾ ਸਮਰਥਨ ਕਰਨ ਨਾਲ ਸਾਬਤ ਹੋ ਗਿਆ ਹੈ ਕਿ ਇਹ ਤਿੰਨੋਂ ਪਾਰਟੀਆਂ ਪੰਜਾਬ ਵਿੱਚੋਂ ਨਸ਼ੇ ਦਾ ਅੰਤ ਨਹੀਂ ਦੇਖਣਾ ਚਾਹੁੰਦੀਆਂ। ਉਨ੍ਹਾਂ ਸਵਾਲ ਕੀਤਾ, "ਅੱਜ ਜਦੋਂ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਇੱਕ ਵੱਡੀ ਮੁਹਿੰਮ ਚਲਾਈ ਗਈ ਹੈ ਤਾਂ ਨਸ਼ਾ ਤਸਕਰੀ ਦੇ ਦੋਸ਼ੀ ਵਿਅਕਤੀ ਨੂੰ ਉਹੀ ਸੁਰੱਖਿਆ ਦਿੱਤੀ ਗਈ ਜੋ ਪ੍ਰਧਾਨ ਮੰਤਰੀ ਨੂੰ ਦਿੱਤੀ ਜਾਂਦੀ ਹੈ। ਕੀ ਇਹ ਸਹੀ ਸੀ?"
ਅਰੋੜਾ ਨੇ ਦੁਹਰਾਇਆ ਕਿ ਪੰਜਾਬ ਵਿੱਚ ਨਸ਼ਿਆਂ ਦੇ ਖਤਰੇ ਵਿਰੁੱਧ ਸਰਕਾਰੀ ਕਾਰਵਾਈ ਵਿੱਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕੋਈ ਵੀ ਹੋਵੇ।