ਮਾਲੇਰਕੋਟਲਾ: ਵਿਸ਼ੇਸ਼ ਚੈਕਿੰਗ ਦੌਰਾਨ 35 ਵਾਹਨਾਂ ਦੇ ਚਲਾਨ ਕੱਟੇ
ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 7 ਅਕਤੂਬਰ
ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਰੀਜਨਲ ਟਰਾਂਸਪੋਰਟ ਅਫ਼ਸਰ ਕਮ ਸਹਾਇਕ ਕਮਿਸ਼ਨਰ ਮਾਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ ਨੇ ਵਿਸ਼ੇਸ਼ ਚੈਕਿੰਗ ਦੌਰਾਨ ਅਧੂਰੇ ਕਾਗ਼ਜ਼ਾਂ ਵਾਲੇ ਵਾਹਨਾਂ, ਓਵਰ ਲੋਡਡ, ਓਵਰ ਹਾਈਟ(ਅਣਅਧਿਕਾਰਤ ਗੱਡੀ ਦੀ ਲੰਬਾਈ/ਚੌੜਾਈ), ਬਿਨਾਂ ਪਰਮਿਟ ਪ੍ਰਦੂਸ਼ਣ, ਵਾਹਨ ਦੇ ਦਸਤਾਵੇਜ਼ ਨਾ ਹੋਣ, ਡਰਾਈਵਿੰਗ ਲਾਇਸੈਂਸ, ਓਵਰ ਸਪੀਡ ਆਦਿ ਦੇ 35 ਕਮਰਸ਼ੀਅਲ ਵਾਹਨਾਂ ਦੇ 7 ਲੱਖ 50 ਹਜ਼ਾਰ ਰੁਪਏ ਦੇ ਚਲਾਨ ਕੀਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਨਿਯਮਾਂ ਦਾ ਪਾਲਣ ਕਰਨਾ ਸਭਨਾ ਦੀ ਨੈਤਿਕ ਜ਼ਿੰਮੇਵਾਰੀ ਹੈ। ਇਸ ਲਈ ਸਭਨਾਂ ਨੂੰ ਸੜਕ ਸੁਰੱਖਿਆ ਲਈ ਬਣਾਏ ਗਏ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਦੂਜਿਆਂ ਨੂੰ ਵੀ ਸੜਕੀ ਨਿਯਮਾਂ ਪ੍ਰਤੀ ਜਾਗਰੂਕ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਚਲਾਨ ਕੱਟਣ ਦਾ ਮਕਸਦ ਕੇਵਲ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਨੂੰ ਅਹਿਸਾਸ ਕਰਵਾਉਣਾ ਹੈ। ਉਨ੍ਹਾਂ ਵਾਹਨ ਚਾਲਕਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਆਪਣੇ ਵਾਹਨਾਂ ’ਤੇ ਰਿਫ਼ਲੈਕਟਰ ਜ਼ਰੂਰ ਲਗਾਉਣ। ਉਨ੍ਹਾਂ ਵਾਹਨ ਚਾਲਕਾਂ ਨੂੰ ਕਿਹਾ ਕਿ ਉਹ ਨਸ਼ੇ ਕਰਕੇ ਵਾਹਨ ਚਲਾਉਣ ਤੋਂ ਗੁਰੇਜ਼ ਕਰਨ।