ਮਾਲੇਰਕੋਟਲਾ: ਕਿਸਾਨਾਂ ਨੇ ਰੇਲਾਂ ਰੋਕੀਆਂ
ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 13 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਏਕਤਾ( ਉਗਰਾਹਾਂ) ਅਤੇ ਬੀਕੇਯੂ(ਡਕੌਂਦਾ) ਦੇ ਕਾਰਕੁਨਾਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ( ਉਗਰਾਹਾਂ) ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਅਤੇ ਬੀਕੇਯੂ (ਡਕੌਂਦਾ) ਦੇ ਜ਼ਿਲ੍ਹਾ ਪ੍ਰਧਾਨ ਬੂਟਾ ਖਾਂ ਦੀ ਦੀ ਅਗਵਾਈ ਹੇਠ ਸਥਾਨਕ ਰੇਲਵੇ ਸਟੇਸ਼ਨ ’ਤੇ ਰੇਲਾਂ ਰੋਕੀਆਂ ਗਈਆਂ। ਭਾਰਤੀ ਕਿਸਾਨ ਯੂਨੀਅਨ ਏਕਤਾ( ਉਗਰਾਹਾਂ) ਦੇ ਜ਼ਿਲ੍ਹਾ ਜਨਰਲ ਸਕੱਤਰ ਕੇਵਲ ਸਿੰਘ ਭੜੀ, ਨਿਰਮਲ ਸਿੰਘ ਅਲੀਪੁਰ, ਸਰਬਜੀਤ ਸਿੰਘ ਭੁਰਥਲਾ ਨੇ ਕਿਹਾ ਕਿ ਕਿ ਕਿਸਾਨ ਇੱਕ ਹਫ਼ਤੇ ਤੋਂ ਝੋਨੇ ਦੀ ਖ਼ਰੀਦ ਨੂੰ ਲੈ ਕੇ ਮੰਡੀਆਂ ਵਿੱਚ ਰੁਲ ਰਿਹਾ ਹੈ। ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਝੋਨੇ ਦੀ ਖ਼ਰੀਦ ਸਬੰਧੀ ਸੁਹਿਰਦ ਨਹੀਂ ਹਨ। ਕੁਲ ਹਿੰਦ ਕਿਸਾਨ ਸਭਾ, ਬੀਕੇਯੂ (ਬੁਰਜ ਗਿੱਲ), ਕਿਰਤੀ ਕਿਸਾਨ ਯੂਨੀਅਨ, ਬੀਕੇਯੂ (ਕਾਦੀਆਂ) ਦੇ ਕਾਰਕੁਨਾਂ ਨੇ ਵੀ ਗਰੇਵਾਲ ਚੌਕ ’ਚ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਭਰਪੂਰ ਸਿੰਘ ਬੂਲਾਪੁਰ, ਅਮਰਜੀਤ ਸਿੰਘ ਰੋਹਣੋ, ਮਾਨ ਸਿੰਘ ਸੱਦੋਪੁਰ ਨੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦੀ ਨਿਖੇਧੀ ਕੀਤੀ।
ਧੂਰੀ ’ਚ ਸੰਗਰੂਰ-ਲੁਧਿਆਣਾ ਮੁੱਖ ਮਾਰਗ ’ਤੇ ਵੀ ਆਵਾਜਾਈ ’ਚ ਪਿਆ ਵਿਘਨ
ਧੂਰੀ (ਬੀਰਬਲ ਰਿਸ਼ੀ): ਇਥੇ ਕਿਸਾਨ ਜਥੇਬੰਦੀਆਂ ਨੇ ਸੰਗਰੂਰ-ਲੁਧਿਆਣਾ ਮੁੱਖ ਮਾਰਗ ਰੋਕ ਕੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਮੰਡੀਆਂ ਵਿੱਚ ਲਿਫ਼ਟਿੰਗ ਤੁਰੰਤ ਲਿਫ਼ਟਿੰਗ ਕਰਵਾਉਣ ਅਤੇ ਝੋਨੇ ਦੀ ਖ਼ਰੀਦ ਵਿੱਚ ਤੇਜੀ਼ ਲਿਆਉਣ ਦੀ ਜ਼ੋਰਦਾਰ ਮੰਗ ਉਠਾਈ। ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਸਮਰਾ, ਸ਼ੈਲਰ ਐਸੋਸੀਏਸ਼ਨ ਦੇ ਸੁਰੇਸ਼ ਬਾਂਸਲ ਅਤੇ ਮਜ਼ਦੂਰ ਆਗੂ ਸੁਰਿੰਦਰ ਕੁਮਾਰ ਨੇ ਕਾਫ਼ਲਿਆਂ ਦੇ ਰੂਪ ਵਿੱਚ ਪੁੱਜਕੇ ਕਿਸਾਨ ਧਰਨੇ ਨੂੰ ਸਰਗਰਮ ਹਮਾਇਤ ਦਿੱਤੀ। ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਜਰਨੈਲ ਸਿੰਘ ਜਹਾਂਗੀਰ, ਹਰਦਮ ਸਿੰਘ ਰਾਜੋਮਾਜਰਾ, ਕੁਲਹਿੰਦ ਕਿਸਾਨ ਸਭਾ ਦੇ ਕਾਮਰੇਡ ਮੇਜਰ ਸਿੰਘ ਪੁੰਨਾਵਾਲ, ਅਮਰੀਕ ਸਿੰਘ ਕਾਂਝਲਾ, ਬੀਕੇਯੂ ਡਕੌਂਦਾ ਦੇ ਜ਼ਿਲ੍ਹਾ ਆਗੂ ਲਖਬੀਰ ਲੱਖਾ ਬਾਲੀਆਂ, ਨਾਜ਼ਮ ਸਿੰਘ ਪੁੰਨਾਵਾਲ, ਬੀਕੇਯੂ ਰਾਜੇਵਾਲ ਦੇ ਭੁਪਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ। ਅੱਜ 12 ਤੋਂ 3 ਵਜੇ ਤੱਕ ਸੜਕ ’ਤੇ ਲਗਾਏ ਜਾਮ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪਈ ਅਤੇ ਬੱਸਾਂ, ਟਰੱਕਾਂ ਤੇ ਹੋਰ ਵਹੀਕਲਾਂ ਨੂੰ ਦੂਰ-ਦੁਰਾਡੇ ਪਿੰਡਾਂ ਵਿੱਚੋਂ ਦੀ ਹੋ ਕੇ ਆਪਣੀ ਮੰਜ਼ਿਲ ’ਤੇ ਪਹੁੰਚਣਾ ਪਿਆ।