ਮੱਲਾਂਵਾਲਾ ਪੁਲੀਸ ਵੱਲੋਂ ਨਸ਼ਿਆਂ ਖ਼ਿਲਾਫ਼ ਸੈਮੀਨਾਰ
ਪੱਤਰ ਪ੍ਰੇਰਕ
ਮੱਲਾਂਵਾਲਾ, 13 ਮਾਰਚ
ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਲੋਕਾਂ ਵਿੱਚ ਜਾਗਰੂਕਤਾ ਲਿਆਉਣ ਲਈ ਥਾਣਾ ਮੱਲਾਂਵਾਲਾ ਪੁਲੀਸ ਵੱਲੋਂ ਐੱਸਐੱਸਪੀ ਭੁਪਿੰਦਰ ਸਿੰਘ, ਡੀਐੱਸਪੀ (ਡੀ) ਜ਼ੀਰਾ ਫਤਿਹ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਤੇ ਥਾਣਾ ਮੁਖੀ ਇੰਸਪੈਕਟਰ ਗੁਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਸ਼ਹੀਦ ਸੁਖਵਿੰਦਰ ਸਿੰਘ ਐਮੀਨੈਂਸ ਸਕੂਲ ਮੱਲਾਂਵਾਲਾ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਸ ਸੈਮੀਨਾਰ ਦੌਰਾਨ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਸੈਮੀਨਾਰ ਦਾ ਉਦੇਸ਼ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਹੈ, ਕਿਉਂਕਿ ਨਸ਼ੇ ਦੇ ਆਦੀ ਵਿਅਕਤੀ ਦੀ ਜ਼ਿੰਦਗੀ ਬਰਬਾਦ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ’ਚ ਚਲਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੂਰੀ ਸਖ਼ਤੀ ਨਾਲ ਚਲਾਈ ਜਾ ਰਹੀ ਹੈ ਅਤੇ ਜਨਤਾ ਨੂੰ ਇਸ ਮੁਹਿੰਮ ਦੀ ਸਫਲਤਾ ਲਈ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਬੱਚਿਆਂ ਨੂੰ ਨਸ਼ੇ ਤੋਂ ਦੂਰ ਰਹਿਣ ਦੀ ਪ੍ਰੇਰਣਾ ਦਿੱਤੀ ਅਤੇ ਕਿਹਾ ਕਿ ਜੇ ਕੋਈ ਵਿਅਕਤੀ ਨਸ਼ੇ ਦੀ ਲਪੇਟ ਵਿੱਚ ਆਇਆ ਹੈ ਤਾਂ ਇਸ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਜਾਵੇ।