ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਮਲੂਕਾ ਦੀ ਛੁੱਟੀ
ਚਰਨਜੀਤ ਭੁੱਲਰ
ਚੰਡੀਗੜ੍ਹ, 14 ਜੂਨ
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਛੁੱਟੀ ਕਰ ਦਿੱਤੀ ਹੈ। ਪਾਰਟੀ ਨੇ ਪਹਿਲਾਂ ਉਨ੍ਹਾਂ ਨੂੰ ਹਲਕਾ ਮੌੜ ਦੀ ਇੰਚਾਰਜੀ ਤੋਂ ਵੀ ਹਟਾ ਦਿੱਤਾ ਸੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੀ ਨਵੀਂ ਅਨੁਸ਼ਾਸਨੀ ਕਮੇਟੀ ਦਾ ਐਲਾਨ ਕਰ ਦਿੱਤਾ ਹੈ। ਅਨੁਸ਼ਾਸਨੀ ਕਮੇਟੀ ਦੇ ਮੁਖੀ ਹੁਣ ਸੀਨੀਅਰ ਅਕਾਲੀ ਨੇਤਾ ਬਲਵਿੰਦਰ ਸਿੰਘ ਭੂੰਦੜ ਹੋਣਗੇ ਜਦੋਂ ਕਿ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਤੇ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਇਸ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ।
ਸੂਤਰਾਂ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਲੰਘੇ ਦਿਨ ਹੋਈ ਕੋਰ ਕਮੇਟੀ ਦੀ ਮੀਟਿੰਗ ’ਚ ਹੀ ਨਵੀਂ ਅਨੁਸ਼ਾਸਨੀ ਕਮੇਟੀ ਦੇ ਗਠਨ ਦਾ ਫ਼ੈਸਲਾ ਕਰ ਲਿਆ ਗਿਆ ਸੀ। ਸੂਤਰਾਂ ਮੁਤਾਬਕ ਕੋਰ ਕਮੇਟੀ ਦੀ ਮੀਟਿੰਗ ਵਿਚ ਇੱਕ ਵਾਰ ਤਾਂ ਸਾਬਕਾ ਮੰਤਰੀ ਮਲੂਕਾ ਨੂੰ ਪਾਰਟੀ ’ਚੋਂ ਬਾਹਰ ਦਾ ਰਸਤਾ ਦਿਖਾਉਣ ਦਾ ਰੌਂਅ ਬਣ ਗਿਆ ਸੀ ਪਰ ਕੁਝ ਮੈਂਬਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਜਿਹਾ ਨਾ ਕਰਨ ਦੀ ਸਲਾਹ ਦਿੱਤੀ ਹਾਲਾਂਕਿ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋ ਸਕੀ ਹੈ। ਦੱਸਣਯੋਗ ਹੈ ਕਿ ਸਾਬਕਾ ਮੰਤਰੀ ਮਲੂਕਾ ਦੀ ਨੂੰਹ ਪਰਮਪਾਲ ਕੌਰ ਸਿੱਧੂ ਨੇ ਭਾਜਪਾ ਦੀ ਟਿਕਟ ਤੋਂ ਲੋਕ ਸਭਾ ਹਲਕਾ ਬਠਿੰਡਾ ਤੋਂ ਚੋਣ ਲੜੀ ਸੀ।
ਭਾਵੇਂ ਲੋਕ ਸਭਾ ਚੋਣਾਂ ਵਿੱਚ ਸਾਬਕਾ ਮੰਤਰੀ ਮਲੂਕਾ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਤੋਂ ਬਰਾਬਰ ਦੀ ਦੂਰੀ ਬਣਾ ਕੇ ਰੱਖੀ ਪਰ ਇਨ੍ਹਾਂ ਚੋਣਾਂ ’ਚ ਸਾਬਕਾ ਮੰਤਰੀ ਦੇ ਜੱਦੀ ਪਿੰਡ ਮਲੂਕਾ ’ਚੋਂ ਸ਼੍ਰੋਮਣੀ ਅਕਾਲੀ ਦਲ ਨਾਲੋਂ ਭਾਜਪਾ ਦੀਆਂ ਵੋਟਾਂ ਵੱਧ ਨਿਕਲੀਆਂ ਹਨ। ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ’ਚੋਂ ਕੱਢ ਦਿੱਤਾ ਸੀ ਪਰ ਮਲੂਕਾ ਹਾਲੇ ਪਾਰਟੀ ਦੀ ਕਿਸੇ ਕਾਰਵਾਈ ਤੋਂ ਬਚੇ ਹੋਏ ਹਨ। ਸਾਬਕਾ ਮੰਤਰੀ ਮਲੂਕਾ ਨੂੰ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਵੀ ਨਹੀਂ ਸੀ ਸੱਦਿਆ ਗਿਆ। ਦੇਰ ਸਵੇਰ ਪਾਰਟੀ ਕੋਈ ਹੋਰ ਕਦਮ ਚੁੱਕ ਸਕਦੀ ਹੈ।