For the best experience, open
https://m.punjabitribuneonline.com
on your mobile browser.
Advertisement

ਮਾਲਵਿੰਦਰ ਮਾਲੀ ਨੂੰ ਨਿਆਂਇਕ ਹਿਰਾਸਤ ’ਚ ਜੇਲ੍ਹ ਭੇਜਿਆ

11:11 AM Sep 18, 2024 IST
ਮਾਲਵਿੰਦਰ ਮਾਲੀ ਨੂੰ ਨਿਆਂਇਕ ਹਿਰਾਸਤ ’ਚ ਜੇਲ੍ਹ ਭੇਜਿਆ
ਮਾਲਵਿੰਦਰ ਮਾਲੀ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕਰਨ ਲਈ ਲਿਜਾਂਦੀ ਹੋਈ ਪੁਲੀਸ।
Advertisement

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 17 ਸਤੰਬਰ
ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਵੱਲੋਂ ਮਾਲਵਿੰਦਰ ਸਿੰਘ ਮਾਲੀ ਨੂੰ ਅੱਜ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਨਿਆਂਇਕ ਹਿਰਾਸਤ ਹੇਠ ਜੇਲ੍ਹ ਭੇਜ ਦਿੱਤਾ ਹੈ। ਜੁਡੀਸ਼ਲ ਰਿਮਾਂਡ ਦੌਰਾਨ ਮਾਲੀ ਨੂੰ ਪਟਿਆਲਾ ਜੇਲ੍ਹ ਵਿੱਚ ਰੱਖਿਆ ਜਾਵੇਗਾ।
ਮਾਲੀ ਖ਼ਿਲਾਫ਼ ਕਥਿਤ ਤੌਰ ’ਤੇ ਹਿੰਦੂ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਹੈ। ਮੁਹਾਲੀ ਪੁਲੀਸ ਨੇ ਅਮਿਤ ਜੈਨ ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਇੱਥੋਂ ਦੇ ਸੈਕਟਰ-82 ਸਥਿਤ ਆਈਟੀ ਸਿਟੀ ਥਾਣੇ ਵਿੱਚ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ‘ਆਪ’ ਦੇ ਟਰੇਡ ਵਿੰਗ ਮੁਹਾਲੀ ਦਾ ਜਨਰਲ ਸਕੱਤਰ ਅਤੇ ਪੰਜਾਬ ਗਊ ਕਮਿਸ਼ਨ ਦਾ ਮੈਂਬਰ ਦੱਸਿਆ ਜਾ ਰਿਹਾ ਹੈ। ਮਾਲੀ ਨੂੰ ਪਹਿਲੀ ਅਕਤੂਬਰ ਨੂੰ ਦੁਬਾਰਾ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਮੁਹਾਲੀ ਅਦਾਲਤ ਦੇ ਬਾਹਰ ਮੀਡੀਆ ਨਾਲ ਗੱਲਬਾਤ ਦੌਰਾਨ ਮਾਲਵਿੰਦਰ ਸਿੰਘ ਮਾਲੀ ਨੇ ਕਿਹਾ ਕਿ ਉਸ ਨੂੰ ਝੂਠੇ ਕੇਸ ਵਿੱਚ ਫਸਾਇਆ ਗਿਆ ਹੈ। ਉਸ ਨੇ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਹੀਂ ਪਹੁੰਚਾਈ ਹੈ, ਸਗੋਂ ਉਸ ਨੇ ਆਪਣੀ ਟਿੱਪਣੀ ਵਿੱਚ ਇਹ ਕਿਹਾ ਸੀ ਕਿ ਜਿਹੜੇ ਲੀਡਰ ਖੁਦ ਨੂੰ ਰੱਬ ਦਾ ਰੂਪ ਦੱਸਦੇ ਹਨ, ਉਹ ਗਲਤ ਹੈ। ਹੁਣ ਤੱਕ ਕੀਤੀ ਪੁੱਛ-ਪੜਤਾਲ ਬਾਰੇ ਉਨ੍ਹਾਂ ਕਿਹਾ ਕਿ ਪੁਲੀਸ ਦਾ ਰਵੱਈਆ ਬਹੁਤ ਵਧੀਆ ਰਿਹਾ ਹੈ।

Advertisement

ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਮੇਰੇ ਭਰਾ ਨੂੰ ਗ੍ਰਿਫ਼ਤਾਰ ਕੀਤਾ ਗਿਐ: ਗਰੇਵਾਲ

ਮਾਲਵਿੰਦਰ ਸਿੰਘ ਮਾਲੀ ਦੇ ਭਰਾ ਰਣਜੀਤ ਸਿੰਘ ਗਰੇਵਾਲ ਨੇ ਕਿਹਾ, ‘ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਹੀ ਮੇਰੇ ਭਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਕਿਉਂਕਿ ਟੀਵੀ ਅਤੇ ਸੋਸ਼ਲ ਮੀਡੀਆ ’ਤੇ ਕੀਤੀਆਂ ਜਾਂਦੀਆਂ ਟਿੱਪਣੀਆਂ ਤੋਂ ਸਰਕਾਰ ਨੂੰ ਬਹੁਤ ਤਕਲੀਫ਼ ਹੁੰਦੀ ਸੀ, ਜਿਸ ਕਾਰਨ ਮਾਲੀ ਵਿਰੁੱਧ ਝੂਠਾ ਪਰਚਾ ਦਰਜ ਕੀਤਾ ਗਿਆ ਹੈ।’ ਉਨ੍ਹਾਂ ਕਿਹਾ ਕਿ ਮਾਲੀ ਨੂੰ ਗ੍ਰਿਫ਼ਤਾਰ ਕਰਨ ਆਈ ਪੁਲੀਸ ਨੇ ਉਨ੍ਹਾਂ ਨੂੰ ਵਾਰੰਟ ਵੀ ਨਹੀਂ ਦਿਖਾਏ ਅਤੇ ਨਾ ਹੀ ਹੁਣ ਤੱਕ ਮੁਹਾਲੀ ਪੁਲੀਸ ਨੇ ਉਨ੍ਹਾਂ ਨੂੰ ਐੱਫ਼ਆਈਆਰ ਦੀ ਕਾਪੀ ਹੀ ਦਿੱਤੀ ਹੈ। ਸੀਟੂ ਦੇ ਸੂਬਾ ਜਨਰਲ ਸਕੱਤਰ ਚੰਦਰ ਸ਼ੇਖਰ ਨੇ ਵੀ ਮਾਲੀ ਦੀ ਗ੍ਰਿਫ਼ਤਾਰੀ ਨੂੰ ਲੋਕਤੰਤਰ ਦੇ ਖ਼ਿਲਾਫ਼ ਦੱਸਿਆ ਹੈ।

Advertisement

ਮਾਲੀ ਦੀ ਹਮਾਇਤ ਵਿੱਚ ਪ੍ਰਦਰਸ਼ਨ ਅੱਜ

ਸੋਸ਼ਲ ਮੀਡੀਆ ’ਤੇ ਅਪਲੋਡ ਪੋਸਟ ਮੁਤਾਬਕ ਸਮਾਜਿਕ ਚਿੰਤਕ ਡਾ. ਪਿਆਰੇ ਲਾਲ ਗਰਗ ਅਤੇ ਹੋਰਨਾਂ ਨੇ ਭਲਕੇ 18 ਸਤੰਬਰ ਨੂੰ ਚੰਡੀਗੜ੍ਹ ਦੇ ਸੈਕਟਰ 17 ਵਿੱਚ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਨ, ਅਮਰਪ੍ਰੀਤ ਸਿੰਘ ਲਾਲੀ, ਮਹਿਲਾ ਐਡਵੋਕੇਟ ਸਿਮਰਨਜੀਤ ਕੌਰ ਗਿੱਲ ਨੇ ਨੇ ਸਾਰੀਆਂ ਧਿਰਾਂ ਨੂੰ ਮਾਲੀ ਦੇ ਹੱਕ ਵਿੱਚ ਖੜ੍ਹਨ ਦੀ ਅਪੀਲ ਕੀਤੀ ਹੈ। ਸਮਾਜਿਕ ਚਿੰਤਕ ਅਤੇ ਸੇਵਾਮੁਕਤ ਸਿਵਲ ਸਰਜਨ ਡਾ. ਦਲੇਰ ਸਿੰਘ ਮੁਲਤਾਨੀ ਨੇ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਬੀਤੇ ਦਿਨ ਜਦੋਂ ਮਾਲਵਿੰਦਰ ਮਾਲੀ ਨੂੰ ਗ੍ਰਿਫ਼ਤਾਰ ਕੀਤਾ ਸੀ ਤਾਂ ਪੁਲੀਸ ਇਹ ਕਹਿ ਰਹੀ ਸੀ ਕਿ ਆਈਟੀ ਐਕਟ ਤਹਿਤ ਕਾਰਵਾਈ ਕੀਤੀ ਗਈ ਹੈ ਪ੍ਰੰਤੂ ਅੱਜ ਅਦਾਲਤ ਵਿੱਚ ਪੇਸ਼ੀ ਦੌਰਾਨ ਪੁਲੀਸ ਵੱਲੋਂ ਬੀਐੱਨਐੱਸ ਕਾਨੂੰਨ ਦਾ ਹਵਾਲਾ ਦਿੱਤਾ ਹੈ।

Advertisement
Author Image

Advertisement