ਗ਼ੈਰ-ਕਾਨੂੰਨੀ ਹਥਿਆਰ ਰੱਖਣ ਦੇ ਦੋਸ਼ ਹੇਠ ਹਿਰਾਸਤ ’ਚ ਲਏ ਵਿਅਕਤੀ ਦੀ ਮੌਤ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 12 ਦਸੰਬਰ
ਗੈਰ-ਕਾਨੂੰਨੀ ਹਥਿਆਰ ਰੱਖਣ ਦੇ ਦੋਸ਼ ਹੇਠ ਹਿਰਾਸਤ ਵਿੱਚ ਲਏ ਇੱਕ ਵਿਅਕਤੀ ਦੀ ਬੀਤੀ ਰਾਤ ਘਰਿੰਡਾ ਥਾਣੇ ਦੇ ਬਾਹਰ ਪੁਲੀਸ ਦੇ ਵਾਹਨ ਵਿੱਚ ਗੋਲੀ ਲੱਗਣ ਨਾਲ ਮੌਕੇ ’ਤੇ ਮੌਤ ਹੋਣ ਦਾ ਮਾਮਲਾ ਭੇਤ ਬਣਿਆ ਹੋਇਆ ਹੈ। ਮ੍ਰਿਤਕ ਵਿਅਕਤੀ ਦੀ ਸ਼ਨਾਖਤ ਮਨਜੀਤ ਸਿੰਘ ਵਜੋਂ ਹੋਈ ਹੈ ਜਿਸ ਨੂੰ ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਕਥਿਤ ਤੌਰ ’ਤੇ ਗੈਰ ਕਾਨੂੰਨੀ ਹਥਿਆਰ ਰੱਖਣ ਸਬੰਧੀ ਇੱਕ ਸੂਚਨਾ ਦੇ ਆਧਾਰ ਤੇ ਇੱਕ ਹੋਰ ਵਿਅਕਤੀ ਸਮੇਤ ਹਿਰਾਸਤ ਵਿੱਚ ਲਿਆ ਸੀ।
ਪਰਿਵਾਰਿਕ ਮੈਂਬਰਾਂ ਨੇ ਦੋਸ਼ ਲਾਇਆ ਕਿ ਪੁਲੀਸ ਨੇ ਇੱਕ ਮਨਘੜਤ ਕੇਸ ਵਿੱਚ ਉਸ ਨੂੰ ਪੁਲੀਸ ਮੁਕਾਬਲੇ ਵਿੱਚ ਮਾਰ ਦਿੱਤਾ ਹੈ। ਉਹ ਸਬੰਧਿਤ ਪੁਲੀਸ ਅਧਿਕਾਰੀਆਂ ਤੇ ਕਰਮਚਾਰੀਆਂ ਖਿਲਾਫ ਕੇਸ ਦਰਜ ਕਰਨ ਦੀ ਮੰਗ ਕਰ ਰਹੇ ਹਨ। ਦੂਜੇ ਪਾਸੇ ਪੁਲੀਸ ਅਧਿਕਾਰੀਆਂ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਿਆ ਹੈ ਅਤੇ ਦਾਅਵਾ ਕੀਤਾ ਹੈ ਕਿ ਉਸ ਦੇ ਕੋਲ ਆਪਣਾ ਲਾਇਸੈਂਸੀ ਹਥਿਆਰ ਸੀ, ਜਿਸ ਨਾਲ ਉਸਨੇ ਗੋਲੀ ਮਾਰ ਕੇ ਖੁਦਕੁਸ਼ੀ ਕੀਤੀ ਹੈ।
ਬਾਰਡਰ ਰੇਂਜ ਤੇ ਡੀਆਈਜੀ ਸਤਿੰਦਰ ਸਿੰਘ ਨੇ ਕਿਹਾ ਕਿ ਮਨਜੀਤ ਸਿੰਘ ਨੇ ਉਸ ਸਮੇਂ ਖੁਦਕੁਸ਼ੀ ਕਰ ਲਈ, ਜਦੋਂ ਉਸ ਨੂੰ ਘਰਿੰਡਾ ਥਾਣੇ ਦੇ ਬਾਹਰ ਪੁਲੀਸ ਵਾਹਨ ਵਿੱਚ ਲਿਜਾਇਆ ਜਾ ਰਿਹਾ ਸੀ। ਉਸ ਨੂੰ ਇੱਕ ਖੁਫੀਆ ਸੂਚਨਾ ਦੇ ਅਧਾਰ ’ਤੇ ਹਿਰਾਸਤ ਵਿੱਚ ਲਿਆ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਨਿਆਂਇਕ ਜਾਂਚ ਦੇ ਆਦੇਸ਼ ਦਿੱਤੇ ਹਨ।
ਮ੍ਰਿਤਕ ਦੇ ਰਿਸ਼ਤੇਦਾਰ ਭੂਰਾ ਸਿੰਘ ਦੇ ਦੱਸਿਆ ਕਿ ਪਿੰਡ ਦੇ ਸਰਪੰਚ ਨੇ ਉਨ੍ਹਾਂ ਨੂੰ ਮਨਜੀਤ ਸਿੰਘ ਵੱਲੋਂ ਆਪਣੇ ਆਪ ਨੂੰ ਗੋਲੀ ਮਾਰਨ ਦੀ ਸੂਚਨਾ ਦਿੱਤੀ ਸੀ। ਉਸ ਨੇ ਦੱਸਿਆ ਕਿ ਜਦੋਂ ਉਹ ਇੱਥੇ ਪੁੱਜੇ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਉਸਨੇ ਆਖਿਆ ਕਿ ਮਨਜੀਤ ਖੁਦਕੁਸ਼ੀ ਨਹੀਂ ਕਰ ਸਕਦਾ।