ਪ੍ਰਬੰਧਕ ਕਮੇਟੀ ਵਿਵਾਦ: ਅਕਾਲੀ ਦਲ ਨੇ ਗਿੱਲ ਅਤੇ ਰਾਠੌਰ ਨੂੰ ਪਾਰਟੀ ’ਚੋਂ ਕੱਢਿਆ
ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 22 ਅਗਸਤ
ਇਤਿਹਾਸਕ ਗੁਰਦੁਆਰਾ ਗਨੀ ਖਾਂ ਨਬੀ ਖਾਂ ਸਾਹਿਬ ਦੀ ਪ੍ਰਬੰਧਕ ਕਮੇਟੀ ’ਤੇ ਲੱਖਾਂ ਰੁਪਏ ਦੇ ਗਬਨ ਦਾ ਦੋਸ਼ ਲੱਗਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਪ੍ਰਬੰਧਕ ਕਮੇਟੀ ’ਚ ਸ਼ਾਮਲ ਆਪਣੇ ਦੋ ਆਗੂਆਂ- ਸਾਬਕਾ ਪ੍ਰਧਾਨ ਦਲਜੀਤ ਸਿੰਘ ਗਿੱਲ ਤੇ ਸਾਬਕਾ ਕੌਂਸਲਰ ਜਗਦੀਸ਼ ਰਾਠੌਰ ਨਾਲ ਆਪਣਾ ਨਾਤਾ ਤੋੜ ਲਿਆ ਹੈ। ਹਲਕਾ ਸਮਰਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਪਿਛਲੇ ਦੋ ਦਿਨਾਂ ਤੋਂ ਗੁਰਦੁਆਰਾ ਗਨੀ ਖਾਂ ਨਬੀ ਖਾਂ ਸਾਹਿਬ ਦੀ ਪ੍ਰਬੰਧਕ ਕਮੇਟੀ ਦਾ ਵਿਵਾਦ ਚੱਲ ਰਿਹਾ ਹੈ। ਮਾਛੀਵਾੜਾ ਸਾਹਿਬ ਦੀ ਸੰਗਤ ਨੇ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਦੇ ਬੈਂਕ ਖਾਤੇ ਦੀਆਂ ਕੁਝ ਡਿਟੇਲਾਂ ਦਿੱਤੀਆਂ ਸਨ, ਜਿਨ੍ਹਾਂ ਮੁਤਾਬਕ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੇ ਆਪਣੇ ਖਾਤਿਆਂ ’ਚ ਲੱਖਾਂ ਰੁਪਏ ਟਰਾਂਸਫਰ ਕੀਤੇ ਹੋਏ ਹਨ।
ਉਨ੍ਹਾਂ ਕਿਹਾ ਕਿ ਬੈਂਕ ਖਾਤਿਆਂ ਦੀ ਡਿਟੇਲ ਦੇ ਆਧਾਰ ਮੁਤਾਬਕ ਕਰੀਬ 1 ਕਰੋੜ ਰੁਪਏ ਅਹੁਦੇਦਾਰਾਂ ਨੇ ਨਕਦ ਅਤੇ ਆਪਣੇ ਘਰੇਲੂ ਤੇ ਰਿਸ਼ਤੇਦਾਰਾਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤਾ ਹੋਇਆ ਹੈ। ਉਨ੍ਹਾਂ ਬੈਂਕ ਖਾਤਿਆਂ ਦੀ ਡਿਟੇਲ ਦੀ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਇਹ ਗਬਨ ਹੋਇਆ ਹੈ ਤਾਂ ਉਨ੍ਹਾਂ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਜੋ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਹਨ, ਉਨ੍ਹਾਂ ਨੂੰ ਬੁਲਾ ਕੇ ਕਿਹਾ ਗਿਆ ਸੀ ਕਿ ਉਹ ਸਾਰਾ ਹਿਸਾਬ ਸੰਗਤ ਨੂੰ ਦੇਣ। ਉਨ੍ਹਾਂ ਕਿਹਾ ਕਿ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦਾ ਕਥਿਤ ਨਾਂਹ ਪੱਖੀ ਰਵੱਈਆ ਦੇਖਕੇ ਸ਼੍ਰੋਮਣੀ ਅਕਾਲੀ ਦਲ ਨੇ ਫ਼ੈਸਲਾ ਲਿਆ ਕਿ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਦਲਜੀਤ ਸਿੰਘ ਗਿੱਲ ਅਤੇ ਸਾਬਕਾ ਕੌਂਸਲਰ ਜਗਦੀਸ਼ ਸਿੰਘ ਰਾਠੌਰ ਨੂੰ ਪਾਰਟੀ ’ਚੋਂ ਬਾਹਰ ਕੱਢਿਆ ਜਾਵੇ। ਇਸ ਮੌਕੇ ਜ਼ਿਲ੍ਹਾ ਜਥੇਦਾਰ ਜਸਮੇਲ ਸਿੰਘ ਬੌਂਦਲੀ, ਸੀਨੀਅਰ ਅਕਾਲੀ ਆਗੂ ਹਰਜਤਿੰਦਰ ਸਿੰਘ ਪਵਾਤ, ਜਥੇਦਾਰ ਕੁਲਦੀਪ ਸਿੰਘ ਜਾਤੀਵਾਲ, ਹਰਦੀਪ ਸਿੰਘ ਬਹਿਲੋਲਪੁਰ ਤੇ ਸ਼ਹਿਰੀ ਪ੍ਰਧਾਨ ਜਸਪਾਲ ਸਿੰਘ ਜੱਜ ਵੀ ਮੌਜੂਦ ਸਨ।
ਦਲਜੀਤ ਗਿੱਲ ਸਮਰਥਕਾਂ ਸਮੇਤ ਕਾਂਗਰਸ ਵਿੱਚ ਸ਼ਾਮਲ
ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ’ਚੋਂ ਕੱਢੇ ਜਾਣ ਦੇ ਕੁਝ ਘੰਟਿਆਂ ਬਾਅਦ ਹੀ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਦਲਜੀਤ ਸਿੰਘ ਗਿੱਲ ਆਪਣੇ ਸਮਰਥਕਾਂ ਸਮੇਤ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪਾਰਟੀ ਵਿੱਚ ਸ਼ਾਮਲ ਹੋ ਗਏ। ਅੱਜ ਚੰਡੀਗੜ੍ਹ ਵਿੱਚ ਹਲਕਾ ਸਮਰਾਲਾ ਤੋਂ ਕਾਂਗਰਸ ਪਾਰਟੀ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਦੀ ਅਗਵਾਈ ਹੇਠ ਦਲਜੀਤ ਗਿੱਲ, ਸਾਬਕਾ ਕੌਂਸਲਰ ਜਗਦੀਸ਼ ਸਿੰਘ ਰਾਠੌਰ, ਸਾਬਕਾ ਕੌਂਸਲਰ ਬੁੱਧਰਾਜ ਸਿੰਘ ਤੇ ਨਿਸ਼ਾਂਤ ਕੌੜਾ ਨੇ ਕਾਂਗਰਸ ਵਿੱਚ ਸ਼ਮੂਲੀਅਤ ਕੀਤੀ।