Manipur: ਨੌਂ ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈਟ ’ਤੇ ਪਾਬੰਦੀ 9 ਦਸੰਬਰ ਤੱਕ ਵਧਾਈ
ਇੰਫਾਲ, 7 ਦਸੰਬਰ
Ban on mobile internet in nine districts extended till Dec 9: ਮਨੀਪੁਰ ਸਰਕਾਰ ਨੇ ਨੌਂ ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈਟ ਸੇਵਾਵਾਂ ’ਤੇ ਪਾਬੰਦੀ 9 ਦਸੰਬਰ ਤੱਕ ਵਧਾ ਦਿੱਤੀ ਹੈ। ਗ੍ਰਹਿ ਵਿਭਾਗ ਨੇ ਇਸ ਸਬੰਧੀ ਹੁਕਮ ਜਾਰੀ ਕਰਦਿਆਂ ਕਿਹਾ ਕਿ ਇਨ੍ਹਾਂ ਖੇਤਰਾਂ ਵਿਚ ਮੋਬਾਈਲ ਇੰਟਰਨੈਟ ਅਤੇ ਮੋਬਾਈਲ ਡਾਟਾ ਸੇਵਾਵਾਂ 9 ਦਸੰਬਰ ਨੂੰ ਸ਼ਾਮ 5.15 ਵਜੇ ਤੱਕ ਮੁਅੱਤਲ ਰਹਿਣਗੀਆਂ। ਗ੍ਰਹਿ ਕਮਿਸ਼ਨਰ ਨੇ ਆਪਣੇ ਹੁਕਮਾਂ ਵਿੱਚ ਕਿਹਾ ਕਿ ਸੂਬੇ ਵਿੱਚ ਮੌਜੂਦਾ ਕਾਨੂੰਨ ਵਿਵਸਥਾ ਦੀ ਸਥਿਤੀ ਦੇ ਮੱਦੇਨਜ਼ਰ ਹਾਲੇ ਇਹ ਖਦਸ਼ੇ ਹਨ ਕਿ ਕੁਝ ਸਮਾਜ ਵਿਰੋਧੀ ਅਨਸਰ ਤਸਵੀਰਾਂ ਤੇ ਨਫ਼ਰਤ ਭਰੇ ਭਾਸ਼ਣਾਂ ਲਈ ਸੋਸ਼ਲ ਮੀਡੀਆ ਦੀ ਵਰਤੋਂ ਕਰ ਸਕਦੇ ਹਨ ਤੇ ਲੋਕਾਂ ਨੂੰ ਭੜਕਾ ਸਕਦੇ ਹਨ ਜਿਸ ਕਰ ਕੇ ਸੂਬਾ ਸਰਕਾਰ ਨੇ ਇੰਟਰਨੈੱਟ ਸੇਵਾਵਾਂ ਨੂੰ ਅਸਥਾਈ ਤੌਰ ’ਤੇ ਮੁਅੱਤਲ ਕਰ ਦਿੱਤਾ ਹੈ। ਇਹ ਪਾਬੰਦੀ ਨੌਂ ਜ਼ਿਲ੍ਹਿਆਂ ਵਿੱਚ ਲਾਗੂ ਰਹੇਗੀ। ਇਨ੍ਹਾਂ ਜ਼ਿਲ੍ਹਿਆਂ ਵਿਚ ਇੰਫਾਲ ਪੱਛਮੀ, ਇੰਫਾਲ ਪੂਰਬੀ, ਬਿਸ਼ਨੂਪੁਰ, ਥੌਬਲ, ਕਾਕਚਿੰਗ, ਕਾਂਗਪੋਕਪੀ, ਚੂਰਾਚੰਦਪੁਰ, ਜਿਰੀਬਾਮ ਅਤੇ ਫੇਰਜ਼ੌਲ ਸ਼ਾਮਲ ਹਨ। ਇਹ ਵੀ ਦੱਸਣਾ ਬਣਦਾ ਹੈ ਕਿ 15 ਅਤੇ 16 ਨਵੰਬਰ ਨੂੰ ਜਿਰੀਬਾਮ ਜ਼ਿਲ੍ਹੇ ਵਿੱਚ ਲਾਪਤਾ ਤਿੰਨ ਬੱਚਿਆਂ ਅਤੇ ਤਿੰਨ ਔਰਤਾਂ ਦੀਆਂ ਲਾਸ਼ਾਂ ਬਰਾਮਦ ਹੋਣ ਤੋਂ ਬਾਅਦ ਹਿੰਸਾ ਭੜਕ ਗਈ ਸੀ ਤੇ ਹਾਲਾਤ ਬਦਤਰ ਹੋ ਗਏ ਸਨ।