ਮਨੀਪੁਰ: ਮਸਲੇ ਦੇ ਸ਼ਾਂਤੀਪੂਰਨ ਹੱਲ ਲਈ ਇੰਫਾਲ ’ਚ ਮੁਜ਼ਾਹਰੇ
ਇੰਫਾਲ, 1 ਜੁਲਾਈ
ਕੌਮੀ ਨਾਗਰਿਕਤਾ ਰਜਿਸਟਰ (ਐੱਨਆਰਸੀ) ਲਾਗੂ ਕਰਨ ਤੇ ਮੌਜੂਦਾ ਸੰਕਟ ਦੇ ਸ਼ਾਂਤੀਪੂਰਨ ਹੱਲ ਦੀ ਮੰਗ ਨੂੰ ਲੈ ਕੇ ਅੱਜ ਮਨੀਪੁਰ ਦੀ ਇੰਫਾਲ ਘਾਟੀ ’ਚ ਕਈ ਥਾਵਾਂ ’ਤੇ ਰੋਸ ਮੁਜ਼ਾਹਰੇ ਕੀਤੇ ਗਏ। ਇੰਫਾਲ ਪੂਰਬੀ ਜ਼ਿਲ੍ਹੇ ਦੇ ਖੁਰਈ ’ਚ ਵੱਡੀ ਗਿਣਤੀ ਮਹਿਲਾਵਾਂ ਨੇ ਇਕੱਠੀਆਂ ਹੋ ਕੇ ਸੂਬੇ ’ਚ ਰਾਸ਼ਟਰਪਤੀ ਰਾਜ ਲਾਉਣ ਦੀ ਕਿਸੇ ਵੀ ਕੋਸ਼ਿਸ਼ ਖ਼ਿਲਾਫ਼ ਧਰਨਾ ਦਿੱਤਾ ਤੇ ਮੁੱਖ ਮੰਤਰੀ ਬੀਰੇਨ ਐੱਨ ਸਿੰਘ ਨੂੰ ਆਪਣੀ ਹਮਾਇਤ ਦਿੱਤੀ। ਅਸਾਮ ਦੇ ਕਛਾਰ ਜ਼ਿਲ੍ਹੇ ਦੀ ਹੱਦ ਨਾਲ ਲੱਗਦੇ ਜਿਰੀਬਾਮ ਜ਼ਿਲ੍ਹੇ ’ਚ ਮਹਿਲਾਵਾਂ ਨੇ ਇੱਕ ਰੈਲੀ ਕੱਢੀ ਅਤੇ ਮੁੱਖ ਮੰਤਰੀ ਤੇ ਵਿਧਾਇਕਾਂ ਨੂੰ ਅਸਤੀਫਾ ਨਾ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਅਤਿਵਾਦੀਆਂ ਅੱਗੇ ਸਮਰਪਣ ਕਰਨ ਦੇ ਬਰਾਬਰ ਹੋਵੇਗਾ। ਇਹ ਮੁਜ਼ਾਹਰੇ ਐੱਨ ਬੀਰੇਨ ਸਿੰਘ ਵੱਲੋਂ ਇਹ ਸਪੱਸ਼ਟ ਕੀਤੇ ਜਾਣ ਤੋਂ ਇੱਕ ਦਿਨ ਬਾਅਦ ਹੋਏ ਹਨ ਕਿ ਉਹ ਆਪਣੇ ਅਹੁਦੇ ਤੋਂ ਅਸਤੀਫਾ ਨਹੀਂ ਦੇਣਗੇ। ਉਨ੍ਹਾਂ ਦੇ ਸਪੱਸ਼ਟੀਕਰਨ ਤੋਂ ਪਹਿਲਾਂ ਬੀਤੇ ਦਿਨ ਵੱਡੀ ਗਿਣਤੀ ’ਚ ਮੁਜ਼ਹਰਾਕਾਰੀਆਂ ਨੇ ਉਨ੍ਹਾਂ ਦੇ ਕਾਫਲੇ ਨੂੰ ਰਾਜ ਭਵਨ ਵੱਲ ਵਧਣ ਤੋਂ ਰੋਕ ਦਿੱਤਾ ਸੀ। ਇਸ ਮਗਰੋਂ ਮੁੱਖ ਮੰਤਰੀ ਨੇ ਕਿਹਾ ਸੀ ਕਿ ਉਹ ਅਸਤੀਫਾ ਨਹੀਂ ਦੇ ਰਹੇ ਹਨ। ਉਨ੍ਹਾਂ ਟਵੀਟ ਕੀਤਾ, ‘ਇਸ ਸੰਕਟ ਦੀ ਘਡ਼ੀ ’ਚ ਮੈਂ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਮੈਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਹੀਂ ਦੇਵਾਂਗਾ।’ ਅਪੁਸ਼ਟ ਖ਼ਬਰਾਂ ਮੁਤਾਬਕ ਮੁੱਖ ਮੰਤਰੀ ਨੇ ਆਪਣਾ ਅਸਤੀਫਾ ਟਾਈਪ ਕਰਵਾ ਲਿਆ ਸੀ ਪਰ ਉਨ੍ਹਾਂ ਦੇ ਹਮਾਇਤੀਆਂ ਨੇ ਉਨ੍ਹਾਂ ਨੂੰ ਆਪਣਾ ਅਸਤੀਫਾ ਪਾਡ਼ਨ ਲਈ ਰਾਜ਼ੀ ਕਰ ਲਿਆ ਸੀ। -ਪੀਟੀਆਈ