ਮਨੀਪੁਰ ਹਿੰਸਾ : ਇੰਫਾਲ ਪੱਛਮੀ ਜ਼ਿਲ੍ਹੇ ਵਿੱਚ ਪਾਬੰਦੀਆਂ ’ਚ ਅੱਜ ਸ਼ਾਮ 5 ਵਜੇ ਤੱਕ ਢਿੱਲ ਦਿੱਤੀ
ਹਿੰਸਾ ਪ੍ਰਭਾਵਿਤ ਮਨੀਪੁਰ ਦੇ ਇੰਫਾਲ ਪੱਛਮੀ ਜ਼ਿਲ੍ਹੇ ’ਚ ਫੌਜਦਾਰੀ ਜ਼ਾਬਤਾ ਦੀ ਧਾਰਾ 144 ਦੇ ਤਹਿਤ ਲਗਾਈਆਂ ਗਈਆਂ ਪਾਬੰਦੀਆਂ ’ਚ ਅੱਜ (ਐਤਵਾਰ ਨੂੰ) ਢਿੱਲ ਦਿੱਤੀ ਗਈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਐੱਨ. ਜੌਨਸਨ ਮੀਤੇਈ ਵੱਲੋਂ ਸ਼ਨਿਚਰਵਾਰ ਨੂੰ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ, ਰਾਜ ਵਿੱਚ ਝੜਪਾਂ ਸ਼ੁਰੂ ਹੋਣ ਤੋਂ ਬਾਅਦ 3 ਮਈ ਨੂੰ ਲੋਕਾਂ ਦੀ ਆਵਾਜਾਈ ’ਤੇ ਪਾਬੰਦੀਆਂ ਲਗਾਈਆਂ ਗਈਆਂ ਸਨ। ਇਸ ਵਿਚ ਕਿਹਾ ਗਿਆ ਹੈ, ‘‘ਇੰਫਾਲ ਪੱਛਮੀ ਜ਼ਿਲ੍ਹੇ ਦੇ ਸਾਰੇ ਖੇਤਰਾਂ ਵਿਚ ਆਮ ਲੋਕਾਂ ਦੇ ਘਰਾਂ ਤੋਂ ਆਉਣ-ਜਾਣ ’ਤੇ ਲਗਾਈ ਗਈ ਪਾਬੰਦੀ ’ਚ ਐਤਵਾਰ 2 ਜੁਲਾਈ ਨੂੰ ਸਵੇਰੇ 5 ਵਜੇ ਤੋਂ ਸ਼ਾਮ 6 ਵਜੇ ਤੱਕ ਢਿੱਲ ਦਿੱਤੀ ਗਈ ਹੈ।’’ ਨੋਟੀਫਿਕੇਸ਼ਨ ਅਨੁਸਾਰ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਵਿੱਚ ਸੁਧਾਰ ਹੋਣ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ। ਲੋਕਾਂ ਨੂੰ ਦਵਾਈਆਂ ਅਤੇ ਖਾਣ-ਪੀਣ ਦੀਆਂ ਵਸਤੂਆਂ ਸਮੇਤ ਜ਼ਰੂਰੀ ਵਸਤਾਂ ਖਰੀਦਣ ਲਈ ਵੀ ਪਾਬੰਦੀਆਂ ਵਿੱਚ ਢਿੱਲ ਦੇਣ ਦੀ ਲੋੜ ਹੈ। ਦੱਸਣਯੋਗ ਹੈ ਕਿ ਉੱਤਰ-ਪੂਰਬੀ ਰਾਜ ਵਿੱਚ ਮੈਤੇਈ ਅਤੇ ਕੁਕੀ ਭਾਈਚਾਰਿਆਂ ਦਰਮਿਆਨ ਨਸਲੀ ਹਿੰਸਾ ਵਿੱਚ ਹੁਣ ਤੱਕ 100 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। -ਪੀਟੀਆਈ