Punjab News ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 25 ਮਾਰਚ
Punjab news ‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਮਾਮਲਿਆਂ ਦੇ ਨਵੇਂ ਇੰਚਾਰਜ ਮਨੀਸ਼ ਸਿਸੋਦੀਆ ਨੇ ਸੋਮਵਾਰ ਸ਼ਾਮੀਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਦੋਵਾਂ ਨੇ ਸੂਬੇ ਵਿੱਚ ਸਰਕਾਰ ਅਤੇ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨਾਲ ਸਬੰਧਤ ਕਈ ਮੁੱਦਿਆਂ ’ਤੇ ਚਰਚਾ ਕੀਤੀ।
ਸਿਸੋਦੀਆ ਸੋਮਵਾਰ ਸ਼ਾਮ ਇੱਥੇ ਪਹੁੰਚੇ ਸਨ ਅਤੇ ਪਾਰਟੀ ਆਗੂਆਂ ਨੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ। ਚੰਡੀਗੜ੍ਹ ਹਵਾਈ ਅੱਡੇ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਸੋਦੀਆ ਨੇ ਪਿਛਲੇ ਤਿੰਨ ਸਾਲਾਂ ਦੌਰਾਨ ‘ਆਪ’ ਸਰਕਾਰ ਦੀਆਂ ਪ੍ਰਾਪਤੀਆਂ ’ਤੇ ਚਾਨਣਾ ਪਾਇਆ। ਸਿਸੋਦੀਆ ਨੇ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ, ਵਿਕਾਸ ਨੂੰ ਤੇਜ਼ ਕਰਨ ਅਤੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਆਮ ਆਦਮੀ ਪਾਰਟੀ ਦੀ ਵਚਨਬੱਧਤਾ ’ਤੇ ਜ਼ੋਰ ਦਿੱਤਾ।
ਸਿਸੋਦੀਆ ਨੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਪੰਜਾਬ ਮਾਮਲਿਆਂ ਦਾ ਇੰਚਾਰਜ ਲਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ, ‘‘ਪੰਜਾਬ ਸਰਕਾਰ ਨੇ ਸਿਰਫ਼ ਇੱਕ ਮਹੀਨੇ ਵਿੱਚ ਉਹ ਟੀਚੇ ਪੂਰੇ ਕਰ ਲਏ ਹਨ, ਜੋ ਪਿਛਲੀਆਂ ਸਰਕਾਰਾਂ ਦਹਾਕਿਆਂ ਵਿੱਚ ਨਹੀਂ ਕਰ ਸਕੀਆਂ।’’ ਉਨ੍ਹਾਂ ਨਸ਼ਿਆਂ ਦੇ ਖ਼ਤਰੇ ਨਾਲ ਨਜਿੱਠਣ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਫੈਸਲਾਕੁਨ ਅਗਵਾਈ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ।
ਸਿਸੋਦੀਆ ਨੇ ਪੰਜਾਬ ਦੀ ‘ਆਪ’ ਸਰਕਾਰ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ, ‘‘ਪੰਜਾਬ ਦਾ ਇੰਚਾਰਜ ਹੋਣ ਦੇ ਨਾਤੇ, ਮੇਰੀ ਇਹ ਜ਼ਿੰਮੇਵਾਰੀ ਹੈ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਕੀਤੇ ਗਏ ਹਰ ਵਾਅਦੇ ਨੂੰ ਪੂਰਾ ਕੀਤਾ ਜਾਵੇ। ਪੰਜਾਬ ਚੰਗੇ ਸ਼ਾਸਨ ਦਾ ਹੱਕਦਾਰ ਹੈ, ਅਤੇ 'ਆਪ' ਇੱਕ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਕੇਂਦਰਿਤ ਪ੍ਰਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ ਹੈ।’’