ਮਨੀਸ਼ ਸਿਸੋਦੀਆ ਨੇ ਦਰਬਾਰ ਸਾਹਿਬ ਮੱਥਾ ਟੇਕਿਆ
ਪੱਤਰ ਪ੍ਰੇਰਕ
ਅੰਮ੍ਰਿਤਸਰ, 25 ਅਗਸਤ
ਸੀਨੀਅਰ ‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਅੱਜ ਆਪਣੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ। ਜ਼ਮਾਨਤ ਮਿਲਣ ਤੋਂ ਬਾਅਦ ਸਿਸੋਦੀਆ ਦੀ ਇਹ ਪਹਿਲੀ ਪੰਜਾਬ ਫੇਰੀ ਸੀ। ਜਾਣਕਾਰੀ ਅਨੁਸਾਰ ਸਿਸੋਦੀਆ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਹਾਲ ਹੀ ਵਿੱਚ ਜ਼ਮਾਨਤ ਦਿੱਤੀ ਗਈ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਹਰਭਜਨ ਸਿੰਘ ਈਟੀਓ ਤੇ ਹੋਰ ਆਗੂ ਉਨ੍ਹਾਂ ਦੇ ਨਾਲ ਸਨ।
ਮੀਡੀਆ ਨਾਲ ਗੱਲਬਾਤ ਕਰਦਿਆਂ ਸਿਸੋਦੀਆ ਨੇ ਕਿਹਾ ਕਿ ਉਹ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਏ ਹਨ। ਉਨ੍ਹਾਂ ਕਿਹਾ ਕਿ, “ਸੱਚਾਈ ਦੀ ਜਿੱਤ ਹੋਣੀ ਚਾਹੀਦੀ ਹੈ। ਰੱਬ ਦੀ ਕਿਰਪਾ ਨਾਲ ਮੈਂ ਜੇਲ੍ਹ ਤੋਂ ਬਾਹਰ ਹਾਂ। ਮੈਨੂੰ ਆਸ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਵੀ ਜਲਦੀ ਹੀ ਰਿਹਾਅ ਕਰ ਦਿੱਤਾ ਜਾਵੇੇਗਾ।’’ ਜਾਣਕਾਰੀ ਅਨੁਸਾਰ ਕੇਜਰੀਵਾਲ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹਨ। ਸਿਸੋਦੀਆ ਨੇ ਤਿਹਾੜ ਜੇਲ੍ਹ ਵਿੱਚ ਆਪਣੇ 17 ਮਹੀਨਿਆਂ ਦੇ ਸਮੇਂ ਨੂੰ ਯਾਦ ਕਰਦਿਆਂ ਕਿਹਾ ਕਿ ਉਸ ਨੂੰ ਸਾਜ਼ਿਸ਼ ਤਹਿਤ ਸਲਾਖ਼ਾਂ ਪਿੱਛੇ ਡੱਕਿਆ ਗਿਆ ਸੀ। ਉਨ੍ਹਾਂ ਆਖਿਆ ਕਿ ਜੇਲ੍ਹ ਵਿਚ ਰਹਿੰਦਿਆਂ ਉਨ੍ਹਾਂ ਅਰਦਾਸ ਕੀਤੀ ਸੀ ਕਿ ਜਦੋਂ ਉਹ ਬਾਹਰ ਆਵੇਗਾ ਤਾਂ ਉਹ ਦਰਬਾਰ ਸਾਹਿਬ ਮੱਥਾ ਟੇਕਣਗੇ। ਇਸ ਲਈ ਉਹ ਸ਼ੁਕਰਾਨੇ ਵਜੋਂ ਮੱਥਾ ਟੇਕਣ ਆਏ ਹਨ। ਉਨ੍ਹਾਂ ਆਖਿਆ ਕਿ ਉਸ ਨੂੰ ਭਰੋਸਾ ਸੀ ਕਿ ਪਰਮਾਤਮਾ ਉਨ੍ਹਾਂ ਦੀ ਜ਼ਰੂਰ ਸੁਣੇਗਾ। ਉਨ੍ਹਾਂ ਕਿਹਾ ਕਿ ਪਰਮਾਤਮਾ ਕੇਜਰੀਵਾਲ ਨੂੰ ਵੀ ਜਲਦ ਰਿਹਾਅ ਕਰੇ।