ਮਾਨ ਸਰਕਾਰ ਨੇ ਰਾਸ਼ਨ ਕਾਰਡ ਕੱਟ ਕੇ ਗਰੀਬ ਲੋਕਾਂ ਨਾਲ ਧਰੋਹ ਕਮਾਇਆ: ਖੰਨਾ
ਪੱਤਰ ਪ੍ਰੇਰਕ
ਹੁਸ਼ਿਆਰਪੁਰ, 29 ਜੂਨ
ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਜਦੋਂ ਤੋਂ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਇਸ ਨੇ ਸਭ ਤੋਂ ਪਹਿਲਾਂ ਗਰੀਬ ਤੇ ਜ਼ਰੂਰਤਮੰਦ ਲੋਕਾਂ ਦੀ ਕਮਰ ਤੋੜੀ ਹੈ। ਖੰਨਾ ਨੇ ਕਿਹਾ ਕਿ ਮਾਨ ਸਰਕਾਰ ਨੇ ਹੁਣ ਲੋਕਾਂ ‘ਤੇ ਇਕ ਹੋਰ ਹਮਲਾ ਕਰਦਿਆਂ ਬਿਨਾਂ ਕਿਸੇ ਜਾਂਚ ਦੇ ਗਰੀਬ ਤੇ ਜ਼ਰੂਰਤਮੰਦ ਲੋਕਾਂ ਦੇ ਰਾਸ਼ਨ ਕਾਰਡ ਕੱਟ ਦਿੱਤੇ ਹਨ ਜੋ ਬੇਹੱਦ ਨਿੰਦਣਯੋਗ ਹੈ। ਇਸ ਦੌਰਾਨ ਬੀਤ ਇਲਾਕੇ ਦੇ ਗਰੀਬ ਲੋਕਾਂ ਜਿਨ੍ਹਾਂ ਦੇ ਪੰਜਾਬ ਸਰਕਾਰ ਵਲੋਂ ਰਾਸ਼ਨ ਕਾਰਡ ਕੱਟ ਦਿੱਤੇ ਗਏ, ਵਲੋਂ ਸ੍ਰੀ ਖੰਨਾ ਨੂੰ ਇਕ ਮੰਗ ਪੱਤਰ ਦਿੱਤਾ ਗਿਆ। ਇਨ੍ਹਾਂ ਲੋਕਾਂ ਨੇ ਦੱਸਿਆ ਕਿ ਰਾਸ਼ਨ ਕਾਰਡ ਕੱਟੇ ਜਾਣ ਨਾਲ ਉਨ੍ਹਾਂ ਨੂੰ ਮਿਲਣ ਵਾਲੀਆਂ ਹੋਰ ਸਹੂਲਤਾਂ ਵੀ ਬੰਦ ਹੋ ਗਈਆਂ ਹਨ। ਸ੍ਰੀ ਖੰਨਾ ਨੇ ਦੱਸਿਆ ਕਿ ਇਹ ਮਾਮਲਾ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਉਠਾ ਕੇ ਮੰਗ ਕੀਤੀ ਗਈ ਹੈ ਕਿ ਇਸ ਮਾਮਲੇ ਦੀ ਜਾਂਚ ਕਰਵਾ ਕੇ ਜਿਨ੍ਹਾਂ ਲੋੜਵੰਦ ਲੋਕਾਂ ਦੇ ਰਾਸ਼ਨ ਕਾਰਡ ਕੱਟੇ ਗਏ ਹਨ, ਉਨ੍ਹਾਂ ਨੂੰ ਮੁੜ ਚਾਲੂ ਕਰਵਾਇਆ ਜਾਵੇ।