ਮਾਨ ਨੇ ਪੰਜਾਬ ਯੂਨੀਵਰਸਿਟੀ ਨਾਲ ਹਰਿਆਣਾ ਦੇ ਕਾਲਜਾਂ ਨੂੰ ਜੋੜਨ ਦੀ ਤਜਵੀਜ਼ ਨੂੰ ਮੁੱਢੋਂ ਰੱਦ ਕੀਤੀ
ਆਤਿਸ਼ ਗੁਪਤਾ
ਚੰਡੀਗੜ੍ਹ, 5 ਜੂਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਨਾਲ ਜੋੜਨ ਦੀ ਤਜਵੀਜ਼ ਨੂੰ ਰੱਦ ਕਰਦਿਆਂ ਕਿਹਾ ਹੈ ਕਿ ਚੰਡੀਗੜ੍ਹ ਸਥਿਤ ਯੂਨੀਵਰਸਿਟੀ ਹਮੇਸ਼ਾ ਪੰਜਾਬ ਦੀ ਪ੍ਰੰਪਰਾ ਤੇ ਮਾਣਮੱਤੀ ਵਿਰਾਸਤ ਨਾਲ ਜੁੜੀ ਰਹੀ ਹੈ। ਅੱਜ ਇਥੇ ਸਥਿਤ ਪੰਜਾਬ ਯੂਨੀਵਰਸਿਟੀ ਬਾਰੇ ਯੂਟੀ ਸਕੱਤਰੇਤ ਵਿੱਚ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਮੰਤਰੀ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਿਚਕਾਰ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਕੋਈ ਆਖਰੀ ਫੈਸਲਾ ਨਾ ਹੋਣ ਕਾਰਨ 3 ਜੁਲਾਈ ਨੂੰ ਮੁੜ ਮੀਟਿੰਗ ਸੱਦੀ ਹੈ। ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਹਰਿਆਣਾ ਦੇ ਕਾਲਜਾਂ ਨੂੰ ਮਾਨਤਾ ਦੇਣ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬ, ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਦੀ ਹਿੱਸੇਦਾਰੀ 20-20 ਫੀਸਦ ਤੇ ਯੂਟੀ ਦੀ 40 ਫੀਸਦ ਹਿੱਸੇਦਾਰੀ ਸੀ ਪਰ ਹਰਿਆਣਾ ਦੇ ਤੱਤਕਾਲੀ ਮੁੱਖ ਮੰਤਰੀ ਬੰਸੀ ਲਾਲ ਨੇ ਸਾਲ 1973 ਵਿੱਚ ਪੰਜਾਬ ਯੂਨੀਵਰਸਿਟੀ ਤੋਂ ਆਪਣਾ ਅਧਿਕਾਰ ਛੱਡ ਦਿੱਤਾ ਸੀ। ਉਸ ਤੋਂ ਬਾਅਦ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੋਈ ਗ੍ਰਾਂਟ ਜਾਰੀ ਨਹੀਂ ਕੀਤੀ। ਹੁਣ ਹਰਿਆਣਾ ਸਰਕਾਰ ਕੋਝੀ ਸਾਜ਼ਿਸ਼ ਤਹਿਤ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਦਾਖਲ ਹੋਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਢਾਂਚੇ ਵਿੱਚ ਕਿਸੇ ਕਿਸਮ ਦਾ ਬਦਲਾਅ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਘੇਰਿਆ ਕਿਹਾ ਕਿ ਪੰਜਾਬ ਦੇ ਤੱਤਕਾਲੀ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੇ ਸਾਲ 2008 ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਦਾ ਦਰਜਾ ਦੇਣ ਲਈ ਸਹਿਮਤੀ ਦੇ ਦਿੱਤੀ ਸੀ, ਜਦੋਂ ਕਿ ਹਰਿਆਣਾ ਦੀ ਕਾਂਗਰਸੀ ਵਿਧਾਇਕ ਨੇ ਅਗਸਤ 2022 ਵਿੱਚ ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਤੋਂ ਮਾਨਤਾ ਦੇਣ ਲਈ ਮਤਾ ਪੇਸ਼ ਕੀਤਾ ਸੀ।