ਹਲਕਾ ਪੂਰਬੀ ਦੇ ਕਈ ਸੀਨੀਅਰ ਅਕਾਲੀ ਆਗੂ ਭਾਜਪਾ ’ਚ ਸ਼ਾਮਲ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 27 ਸਤੰਬਰ
ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਝਟਕਾ ਲੱਗਿਆ ਜਦੋਂ ਹਲਕਾ ਪੂਰਬੀ ਦੇ ਕਈ ਸੀਨੀਅਰ ਅਕਾਲੀ ਆਗੂ ਭਾਜਪਾ ਵਿੱਚ ਸ਼ਾਮਲ ਹੋ ਗਏ। ਇਸ ਸਬੰਧੀ ਸਮਾਗਮ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੀ ਪ੍ਰਧਾਨਗੀ ਹੇਠ ਦੁੱਗਰੀ ਵਿਖੇ ਪਾਰਟੀ ਦਫ਼ਤਰ ਵਿੱਚ ਕਰਵਾਇਆ। ਇਸ ਦੌਰਾਨ ਸੀਨੀਅਰ ਅਕਾਲੀ ਆਗੂਆਂ ਸਿਮਰਜੀਤ ਸਿੰਘ ਗੌਰਵ (ਹੈਪੀ), ਅਜੈ ਪਾਲ, ਗਗਨਦੀਪ ਸਿੰਘ ਅਤੇ ਅਮਰਜੀਤ ਸਿੰਘ ਨੇ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਆਖਦਿਆਂ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ।
ਭਾਜਪਾ ਜ਼ਿਲ੍ਹਾ ਸਕੱਤਰ ਨਵਲ ਜੈਨ ਅਤੇ ਮੁਕੇਸ਼ ਮਿਗਲਾਨੀ ਦੇ ਯਤਨਾਂ ਨਾਲ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੂੰ ਰਜਨੀਸ਼ ਧੀਮਾਨ ਨੇ ਸਿਰੋਪਾ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਸਿਮਰਜੀਤ ਸਿੰਘ ਗੌਰਵ ਅਤੇ ਗਗਨਦੀਪ ਸਿੰਘ ਨੇ ਦੋਸ਼ ਲਾਇਆ ਕਿ ਅਕਾਲੀ ਦਲ ਹੁਣ ਸਿਰਫ਼ ਇੱਕ ਪਰਿਵਾਰਿਕ ਪਾਰਟੀ ਬਣ ਕੇ ਰਹਿ ਗਿਆ ਹੈ। ਅਕਾਲੀ ਦਲ ਵਿੱਚ ਵਰਕਰਾਂ ਦੀ ਕੋਈ ਕਦਰ ਨਹੀਂ ਹੈ ਜਦਕਿ ਭਾਜਪਾ ਹਰ ਵਰਕਰ ਨੂੰ ਉਸਦਾ ਬਣਦਾ ਮਾਣ- ਸਨਮਾਨ ਦਿੰਦੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਦੇ ਹਿੱਤਾਂ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਹੀ ਉਹ ਭਾਜਪਾ ਪਰਿਵਾਰ ਦਾ ਮੈਂਬਰ ਬਣੇ ਹਨ।
ਰਜਨੀਸ਼ ਧੀਮਾਨ ਨੇ ਕਿਹਾ ਕਿ ਅੱਜ ਮੋਦੀ ਦੀਆਂ ਦੂਰ-ਅੰਦੇਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿੱਚ ਸ਼ਾਮਲ ਹੋਣ ਲਈ ਲੋਕ ਉਤਸ਼ਾਹਿਤ ਹਨ। ਉਨ੍ਹਾਂ ਕਿਹਾ ਕਿ ਦੇਸ਼ ਦਾ ਭਵਿੱਖ ਭਾਜਪਾ ਦੇ ਹੱਥਾਂ ਵਿੱਚ ਸੁਰੱਖਿਅਤ ਹੈ ਅਤੇ ਹਰਿਆਣਾ ਵਿੱਚ ਇੱਕ ਵਾਰ ਫਿਰ ਭਾਜਪਾ ਦੀ ਸਰਕਾਰ ਬਣੇਗੀ ਅਤੇ ਵਿਰੋਧੀਆਂ ਨੂੰ ਹਾਰ ਦਾ ਮੂੰਹ ਦੇਖਣਾ ਪਵੇਗਾ। ਇਸ ਮੌਕੇ ਹਰਪ੍ਰੀਤ ਸਿੰਘ ਮੋਨੂੰ, ਅਰੋੜਾ ਡਾ. ਸਤੀਸ਼ ਕੁਮਾਰ, ਭਰਤ ਕੁਮਾਰ ਅਤੇ ਅਸੀਮ ਕੱਕੜ ਆਦਿ ਵੀ ਹਾਜ਼ਰ ਸਨ।