For the best experience, open
https://m.punjabitribuneonline.com
on your mobile browser.
Advertisement

ਜਨਤਕ ਜਥੇਬੰਦੀਆਂ ਵੱਲੋਂ ਪੁਲੀਸ ਪ੍ਰਸ਼ਾਸਨ ਖ਼ਿਲਾਫ਼ ਮਾਰਚ

10:54 AM Mar 23, 2024 IST
ਜਨਤਕ ਜਥੇਬੰਦੀਆਂ ਵੱਲੋਂ ਪੁਲੀਸ ਪ੍ਰਸ਼ਾਸਨ ਖ਼ਿਲਾਫ਼ ਮਾਰਚ
ਸੰਗਰੂਰ ’ਚ ਪੁਲੀਸ ਪ੍ਰਸ਼ਾਸਨ ਖ਼ਿਲਾਫ਼ ਮਾਰਚ ਕਰਦੇ ਹੋਏ ਕਾਰਕੁਨ।
Advertisement

ਗੁਰਦੀਪ ਸਿੰਘ ਲਾਲੀ
ਸੰਗਰੂਰ, 22 ਮਾਰਚ
ਵੱਖ-ਵੱਖ ਜਨਤਕ ਜਮਹੂਰੀ ਜਥੇਬੰਦੀਆਂ ਦੀ ਅਗਵਾਈ ਹੇਠ ਸੈਂਕੜੇ ਕਾਰਕੁਨਾਂ ਵੱਲੋਂ ਸੰਗਰੂਰ ਪੁਲੀਸ ਪ੍ਰਸ਼ਾਸਨ ਖ਼ਿਲਾਫ਼ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਗਿਆ ਅਤੇ ਲਾਲ ਬੱਤੀ ਚੌਕ ਵਿੱਚ ਆਵਾਜਾਈ ਠੱਪ ਕੀਤੀ। ਇਸ ਤੋਂ ਪਹਿਲਾਂ ਅਨਾਜ ਮੰਡੀ ’ਚ ਰੈਲੀ ਕਰਦਿਆਂ ਬੁਲਾਰਿਆਂ ਨੇ ਪੰਜਾਬ ਸਰਕਾਰ ਤੇ ਪੁਲੀਸ ਪ੍ਰਸ਼ਾਸਨ ਦੀ ਨਿਖੇਧੀ ਕੀਤੀ। ਮੁਜ਼ਾਹਰਾਕਾਰੀ 10 ਮਾਰਚ ਦੀ ਰਾਤ ਨੂੰ ਪੁਲੀਸ ਵੱਲੋਂ ਕੰਧ ਟੱਪ ਕੇ ਸਥਾਨਕ ਗਦਰ ਮੈਮੋਰੀਅਲ ਭਵਨ ਵਿੱਚ ਛਾਪਾ ਮਾਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਅਤੇ ਵਿਦਿਆਰਥੀ ਆਗੂ ਸੁਖਦੀਪ ਹਥਨ ਨੂੰ ਗੈਰਕਾਨੂੰਨੀ ਹਿਰਾਸਤ ਵਿੱਚ ਲੈਣ, ਮਜ਼ਦੂਰ ਜਥੇਬੰਦੀ ਦਾ ਰਿਕਾਰਡ, ਝੰਡੇ, ਪੋਸਟਰ ਜ਼ਬਤ ਕਰਨ ਅਤੇ ਬਗੈਰ ਮਹਿਲਾ ਪੁਲੀਸ ਤੋਂ ਪਿੰਡ ਸ਼ਾਦੀਹਰੀ ਦੇ ਘਰਾਂ ਵਿੱਚ ਵੜ ਕੇ ਔਰਤਾਂ ਨੂੰ ਜ਼ਲੀਲ ਕਰਨ ਖ਼ਿਲਾਫ਼ ਰੋਸ ਪ੍ਰਗਟ ਕਰ ਰਹੇ ਸਨ।
ਅੱਜ ਜਨਤਕ ਜਮਹੂਰੀ ਜਥੇਬੰਦੀਆਂ ਦੇ ਝੰਡੇ ਹੇਠ ਅਨਾਜ ਮੰਡੀ ਵਿੱਚ ਰੈਲੀ ਕੀਤੀ ਜਿਸ ਮਗਰੋਂ ਸ਼ਹਿਰ ਦੇ ਬਾਜ਼ਾਰਾਂ ’ਚ ਮੁਜ਼ਾਹਰਾ ਕਰਦਿਆਂ ਲਾਲ ਬੱਤੀ ਚੌਕ ਵਿੱਚ ਆਵਾਜਾਈ ਠੱਪ ਕੀਤੀ। ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਰਮਿੰਦਰ ਸਿੰਘ ਪਟਿਆਲਾ, ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਸਵਰਨਜੀਤ ਸਿੰਘ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਉੱਦਮ ਸਿੰਘ ਸੰਤੋਖਪੁਰਾ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ, ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਆਗੂ ਨਿਰਮਲ ਸਿੰਘ ਬਟੜਿਆਣਾ,ਸੀਟੀਯੂ ਦੇ ਸੂਬਾ ਪ੍ਰਧਾਨ ਕਾਮਰੇਡ ਦੇਵਰਾਜ ਵਰਮਾ, ਏਟਕ ਦੇ ਸੂਬਾ ਪ੍ਰਧਾਨ ਸੁਖਦੇਵ ਸ਼ਰਮਾ, ਬੀਕੇਯੂ ਡਕੌਂਦਾ ਧਨੇਰ ਦੇ ਜ਼ਿਲ੍ਹਾ ਆਗੂ ਰਣਧੀਰ ਸਿੰਘ ਭੱਟੀਵਾਲ ਤੇ ਬੀਕੇਯੂ ਡਕੌਂਦਾ ਬੁਰਜ ਗਿੱਲ ਦੇ ਆਗੂ ਨਾਜਮ ਸਿੰਘ ਪੁੰਨਾਂਵਾਲ ਨੇ ਕਿਹਾ ਕਿ ਮਜ਼ਦੂਰ ਜਥੇਬੰਦੀਆਂ ਨੇ 11 ਮਾਰਚ ਨੂੰ ਰੇਲਾਂ ਰੋਕਣ ਦਾ ਪ੍ਰੋਗਰਾਮ ਉਲੀਕਿਆ ਸੀ ਜਿਸ ਨੂੰ ਅਸਫ਼ਲ ਬਣਾਉਣ ਅਤੇ ਸੰਘਰਸ਼ਸੀਲ ਲੋਕਾਂ ਵਿੱਚ ਦਹਿਸ਼ਤ ਪੈਦਾ ਕਰਨ ਲਈ ਪੁਲੀਸ ਵੱਲੋਂ 10 ਮਾਰਚ ਦੀ ਰਾਤ ਨੂੰ ਬਿਨਾਂ ਵਰਦੀ ਤੋਂ ਧਾੜਵੀਆਂ ਵਾਂਗ ਗ਼ਦਰ ਭਵਨ ਦੀਆਂ ਕੰਧਾਂ ਟੱਪ ਕੇ ਜੋ ਕਾਰਵਾਈ ਕੀਤੀ ਗਈ ਹੈ ਇਹ ਨਿੰਦਣਯੋਗ ਹੈ। ਆਗੂਆਂ ਨੇ ਮੰਗ ਕੀਤੀ ਕਿ ਨਾਜਾਇਜ਼ ਛਾਪੇਮਾਰੀ ਅਤੇ ਗ੍ਰਿਫਤਾਰੀਆਂ ਕਰਨ ਵਾਲੇ ਪੁਲੀਸ ਅਧਿਕਾਰੀਆਂ ਤੇ ਕਾਰਵਾਈ ਕੀਤੀ ਜਾਵੇ, ਦਫਤਰ ਵਿੱਚੋਂ ਜ਼ਬਤ ਕੀਤਾ ਰਿਕਾਰਡ ਵਾਪਸ ਕੀਤਾ ਜਾਵੇ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ, ਸੂਬਾ ਆਗੂ ਭੁਪਿੰਦਰ ਲੌਂਗੋਵਾਲ, ਦਰਸ਼ਨ ਕੁੰਨਰਾਂ, ਮਹਿੰਦਰਪਾਲ ਭੱਠਲ, ਮਾਸਟਰ ਪਰਮ ਵੇਦ, ਕਿਸਾਨ ਆਗੂ ਗੁਰਜੀਤ ਸਿੰਘ ਭੜੀ ਆਦਿ ਨੇ ਸੰਬੋਧਨ ਕੀਤਾ। ਡਿਊਟੀ ਮੈਜਿਸਟਰੇਟ ਵੱਲੋਂ ਮੰਗ ਪੱਤਰ ਲੈਂਦਿਆਂ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ ਗਿਆ।

Advertisement

Advertisement
Author Image

sukhwinder singh

View all posts

Advertisement
Advertisement
×