For the best experience, open
https://m.punjabitribuneonline.com
on your mobile browser.
Advertisement

ਕੇਜਰੀਵਾਲ ਦੇ ਅਸਤੀਫੇ ਦੀ ਮੰਗ ਕਰਦਿਆਂ ਭਾਜਪਾ ਵੱਲੋਂ ਮਾਰਚ

07:55 AM Mar 27, 2024 IST
ਕੇਜਰੀਵਾਲ ਦੇ ਅਸਤੀਫੇ ਦੀ ਮੰਗ ਕਰਦਿਆਂ ਭਾਜਪਾ ਵੱਲੋਂ ਮਾਰਚ
ਭਾਜਪਾ ਕਾਰਕੁਨਾਂ ’ਤੇ ਪਾਣੀ ਦੀਆਂ ਬੁਛਾੜਾਂ ਮਾਰਦੇ ਹੋਏ ਪੁਲੀਸ ਮੁਲਾਜ਼ਮ। -ਫੋਟੋ: ਮੁਕੇਸ਼ ਅਗਰਵਾਲ
Advertisement

ਮਨਧੀਰ ਸਿੰਘ ਦਿਓਲ
ਨਵੀਂ ਦਿਲੀ, 26 ਮਾਰਚ
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਅੱਜ ਇੱਥੇ ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਕੱਢੇ ਗਏ ਰੋਸ ਮਾਰਚ ਦੌਰਾਨ ਪਾਰਟੀ ਵਰਕਰਾਂ/ਆਗੂਆਂ ’ਤੇ ਜਲ ਤੋਪਾਂ ਦੀ ਵਰਤੋਂ ਕੀਤੀ ਗਈ ਅਤੇ ਸੂਬਾ ਇਕਾਈ ਦੇ ਮੁਖੀ ਸਮੇਤ 57 ਪਾਰਟੀ ਮੈਂਬਰਾਂ ਨੂੰ ਹਿਰਾਸਤ ’ਚ ਲਿਆ ਗਿਆ। ਭਾਜਪਾ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਹਰਸ਼ਵਰਧਨ ਨੇ ਕਿਹਾ ਕਿ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਇਸ ਲਈ ਉਨ੍ਹਾਂ ਨੂੰ ਨੂੰ ਨੈਤਿਕ ਆਧਾਰ ’ਤੇ ਅਸਤੀਫਾ ਦੇ ਕੇ ਆਪਣੀ ਜ਼ਿੰਮੇਵਾਰੀ ਕਿਸੇ ਹੋਰ ਨੂੰ ਸੌਂਪ ਦੇਣੀ ਚਾਹੀਦੀ ਹੈ।
ਭਾਜਪਾ ਵਰਕਰ ਅਤੇ ਆਗੂ ਫਿਰੋਜ਼ਸ਼ਾਹ ਕੋਟਲਾ ਸਟੇਡੀਅਮ ਨੇੜੇ ਇਕੱਠੇ ਹੋਏ ਅਤੇ ਦਿੱਲੀ ਸਕੱਤਰੇਤ ਵੱਲ ਮਾਰਚ ਕੀਤਾ। ਇਸ ਦੌਰਾਨ ਉਹ ‘ਕੇਜਰੀਵਾਲ ਸ਼ਰਮ ਕਰੋ’ ਅਤੇ ‘ਕੇਜਰੀਵਾਲ ਅਸਤੀਫਾ ਦਿਓ’ ਦੇ ਨਾਅਰੇ ਲਗਾ ਰਹੇ ਸਨ। ਉਨ੍ਹਾਂ ਦੇ ਹੱਥਾਂ ਵਿੱਚ ਪਾਰਟੀ ਦੇ ਝੰਡੇ ਸਨ। ਪੁਲੀਸ ਨੇ ਦੱਸਿਆ ਕਿ ਕੁਝ ਵਰਕਰ ਸਕੱਤਰੇਤ ਵੱਲ ਮਾਰਚ ਕਰਦੇ ਹੋਏ ਬੈਰੀਕੇਡ ’ਤੇ ਚੜ੍ਹ ਗਏ। ਇੱਕ ਪੁਲੀਸ ਅਧਿਕਾਰੀ ਨੇ ਕਿਹਾ, “ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਜਲ ਤੋਪ ਦੀ ਵਰਤੋਂ ਕੀਤੀ ਗਈ। ਬਹਾਦਰਸ਼ਾਹ ਜ਼ਫਰ ਮਾਰਗ ਨੇੜੇ ਜਦੋਂ ਕੁਝ ਵਿਅਕਤੀਆਂ ਨੇ ਬੈਰੀਕੇਡ ਪਾਰ ਕਰਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਉਨ੍ਹਾਂ ਦੱਸਿਆ ਕਿ ਭਾਜਪਾ ਦੇ ਸੂਬਾ ਪ੍ਰਧਾਨ ਵਰਿੰਦਰ ਸਚਦੇਵਾ ਸਮੇਤ 57 ਦੇ ਕਰੀਬ ਭਾਜਪਾ ਵਰਕਰਾਂ ਤੇ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਦਿੱਲੀ ਭਾਜਪਾ ਪ੍ਰਧਾਨ ਵਰਿੰਦਰ ਸਚਦੇਵਾ ਨੇ ਕਿਹਾ ਕਿ ਅਰਵਿੰਦਰ ਕੇਜਰੀਵਾਲ ਭ੍ਰਿਸ਼ਟ ਅਤੇ ਬੇਈਮਾਨ ਹੈ ਅਤੇ ਉਨ੍ਹਾਂ ਦਿੱਲੀ ਦੇ ਲੋਕਾਂ ਨੂੰ ਲੁੱਟਿਆ ਹੈ। ਕੇਜਰੀਵਾਲ ਨੂੰ ਅਸਤੀਫਾ ਦੇਣਾ ਪਏਗਾ’। ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਕਿਹਾ, “ਕੋਈ ਵੀ ਸਰਕਾਰ ਜੇਲ੍ਹ ਤੋਂ ਨਹੀਂ ਚੱਲ ਸਕਦੀ। ਤੁਸੀਂ ਜੇਲ੍ਹ ’ਚੋਂ ਗੈਂਗ ਚਲਾ ਸਕਦੇ ਹੋ, ਸਰਕਾਰ ਨਹੀਂ। ਸਰਕਾਰ ਸਿਰਫ਼ ਸੰਵਿਧਾਨ ਅਨੁਸਾਰ ਹੀ ਚੱਲ ਸਕਦੀ ਹੈ।’’

Advertisement

ਕੇਜਰੀਵਾਲ ਈਡੀ ਦੀ ਹਿਰਾਸਤ ’ਚੋਂ ਨਿਰਦੇਸ਼ ਜਾਰੀ ਨਹੀਂ ਕਰ ਸਕਦੇ: ਸਿਰਸਾ

ਨਵੀਂ ਦਿੱਲੀ (ਪੱਤਰ ਪ੍ਰੇਰਕ): ਮੁੱਖ ਮੰਤਰੀ ਕੇਜਰੀਵਾਲ ਵੱਲੋਂ ਈਡੀ ਦੀ ਹਿਰਾਸਤ ’ਚੋਂ ਨਿਰਦੇਸ਼ ਜਾਰੀ ਕਰਨ ਨੂੰ ਲੈ ਕੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਉਪ ਰਾਜਪਾਲ ਨੂੰ ਸ਼ਿਕਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਈਡੀ ਦੀ ਹਿਰਾਸਤ ’ਚੋਂ ਅਜਿਹੀਆਂ ਹਦਾਇਤਾਂ ਜਾਰੀ ਨਹੀਂ ਕੀਤੀਆਂ ਜਾ ਸਕਦੀਆਂ। ਉਨ੍ਹਾਂ ਸੀਵਰੇਜ ਸਮੱਸਿਆ ਨੂੰ ਲੈ ਕੇ ਮੁੱਖ ਮੰਤਰੀ ਵੱਲੋਂ ਜਾਰੀ ਹੁਕਮਾਂ ਦੀ ਪ੍ਰਮਾਣਿਕਤਾ ’ਤੇ ਸਵਾਲ ਚੁੱਕੇ ਹਨ। ਨਾਲ ਹੀ ਦਿੱਲੀ ਦੇ ਉਪ ਰਾਜਪਾਲ ਨੂੰ ਪੱਤਰ ਲਿਖ ਕੇ ਕਿਹਾ ਕਿ ਦਸਤਾਵੇਜ਼ ’ਤੇ ਕੇਜਰੀਵਾਲ ਦੇ ਦਸਤਖਤ ਨਹੀਂ ਹਨ ਅਤੇ ਇਸ ਦੀ ਜਾਅਲਸਾਜ਼ੀ ਵਿਰੁੱਧ ਐਫਆਈਆਰ ਦਰਜ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦਸਤਖਤ ਨਾ ਹੋਣ ਕਾਰਨ ਇਹ ਹੁਕਮ ਫਰਜ਼ੀ ਮੰਨੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੇ ਜਲ ਮੰਤਰੀ ਆਤਿਸ਼ੀ ਨੇ ਆਪਣੀ ਅਧਿਕਾਰਤ ਸਮਰੱਥਾ ਦੀ ਗੈਰ-ਕਾਨੂੰਨੀ ਵਰਤੋਂ ਕੀਤੀ ਹੈ।

Advertisement
Author Image

joginder kumar

View all posts

Advertisement
Advertisement
×