ਕੇਜਰੀਵਾਲ ਦੇ ਅਸਤੀਫੇ ਦੀ ਮੰਗ ਕਰਦਿਆਂ ਭਾਜਪਾ ਵੱਲੋਂ ਮਾਰਚ
ਮਨਧੀਰ ਸਿੰਘ ਦਿਓਲ
ਨਵੀਂ ਦਿਲੀ, 26 ਮਾਰਚ
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਅੱਜ ਇੱਥੇ ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਕੱਢੇ ਗਏ ਰੋਸ ਮਾਰਚ ਦੌਰਾਨ ਪਾਰਟੀ ਵਰਕਰਾਂ/ਆਗੂਆਂ ’ਤੇ ਜਲ ਤੋਪਾਂ ਦੀ ਵਰਤੋਂ ਕੀਤੀ ਗਈ ਅਤੇ ਸੂਬਾ ਇਕਾਈ ਦੇ ਮੁਖੀ ਸਮੇਤ 57 ਪਾਰਟੀ ਮੈਂਬਰਾਂ ਨੂੰ ਹਿਰਾਸਤ ’ਚ ਲਿਆ ਗਿਆ। ਭਾਜਪਾ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਹਰਸ਼ਵਰਧਨ ਨੇ ਕਿਹਾ ਕਿ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਇਸ ਲਈ ਉਨ੍ਹਾਂ ਨੂੰ ਨੂੰ ਨੈਤਿਕ ਆਧਾਰ ’ਤੇ ਅਸਤੀਫਾ ਦੇ ਕੇ ਆਪਣੀ ਜ਼ਿੰਮੇਵਾਰੀ ਕਿਸੇ ਹੋਰ ਨੂੰ ਸੌਂਪ ਦੇਣੀ ਚਾਹੀਦੀ ਹੈ।
ਭਾਜਪਾ ਵਰਕਰ ਅਤੇ ਆਗੂ ਫਿਰੋਜ਼ਸ਼ਾਹ ਕੋਟਲਾ ਸਟੇਡੀਅਮ ਨੇੜੇ ਇਕੱਠੇ ਹੋਏ ਅਤੇ ਦਿੱਲੀ ਸਕੱਤਰੇਤ ਵੱਲ ਮਾਰਚ ਕੀਤਾ। ਇਸ ਦੌਰਾਨ ਉਹ ‘ਕੇਜਰੀਵਾਲ ਸ਼ਰਮ ਕਰੋ’ ਅਤੇ ‘ਕੇਜਰੀਵਾਲ ਅਸਤੀਫਾ ਦਿਓ’ ਦੇ ਨਾਅਰੇ ਲਗਾ ਰਹੇ ਸਨ। ਉਨ੍ਹਾਂ ਦੇ ਹੱਥਾਂ ਵਿੱਚ ਪਾਰਟੀ ਦੇ ਝੰਡੇ ਸਨ। ਪੁਲੀਸ ਨੇ ਦੱਸਿਆ ਕਿ ਕੁਝ ਵਰਕਰ ਸਕੱਤਰੇਤ ਵੱਲ ਮਾਰਚ ਕਰਦੇ ਹੋਏ ਬੈਰੀਕੇਡ ’ਤੇ ਚੜ੍ਹ ਗਏ। ਇੱਕ ਪੁਲੀਸ ਅਧਿਕਾਰੀ ਨੇ ਕਿਹਾ, “ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਜਲ ਤੋਪ ਦੀ ਵਰਤੋਂ ਕੀਤੀ ਗਈ। ਬਹਾਦਰਸ਼ਾਹ ਜ਼ਫਰ ਮਾਰਗ ਨੇੜੇ ਜਦੋਂ ਕੁਝ ਵਿਅਕਤੀਆਂ ਨੇ ਬੈਰੀਕੇਡ ਪਾਰ ਕਰਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਉਨ੍ਹਾਂ ਦੱਸਿਆ ਕਿ ਭਾਜਪਾ ਦੇ ਸੂਬਾ ਪ੍ਰਧਾਨ ਵਰਿੰਦਰ ਸਚਦੇਵਾ ਸਮੇਤ 57 ਦੇ ਕਰੀਬ ਭਾਜਪਾ ਵਰਕਰਾਂ ਤੇ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਦਿੱਲੀ ਭਾਜਪਾ ਪ੍ਰਧਾਨ ਵਰਿੰਦਰ ਸਚਦੇਵਾ ਨੇ ਕਿਹਾ ਕਿ ਅਰਵਿੰਦਰ ਕੇਜਰੀਵਾਲ ਭ੍ਰਿਸ਼ਟ ਅਤੇ ਬੇਈਮਾਨ ਹੈ ਅਤੇ ਉਨ੍ਹਾਂ ਦਿੱਲੀ ਦੇ ਲੋਕਾਂ ਨੂੰ ਲੁੱਟਿਆ ਹੈ। ਕੇਜਰੀਵਾਲ ਨੂੰ ਅਸਤੀਫਾ ਦੇਣਾ ਪਏਗਾ’। ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਕਿਹਾ, “ਕੋਈ ਵੀ ਸਰਕਾਰ ਜੇਲ੍ਹ ਤੋਂ ਨਹੀਂ ਚੱਲ ਸਕਦੀ। ਤੁਸੀਂ ਜੇਲ੍ਹ ’ਚੋਂ ਗੈਂਗ ਚਲਾ ਸਕਦੇ ਹੋ, ਸਰਕਾਰ ਨਹੀਂ। ਸਰਕਾਰ ਸਿਰਫ਼ ਸੰਵਿਧਾਨ ਅਨੁਸਾਰ ਹੀ ਚੱਲ ਸਕਦੀ ਹੈ।’’