ਅਨਾਜ ਮੰਡੀਆਂ ’ਚ ਖੁਆਰੀ ਖ਼ਿਲਾਫ਼ ਕਿਸਾਨਾਂ ਵੱਲੋਂ ਮਾਰਚ
ਨਿੱਜੀ ਪੱਤਰ ਪ੍ਰੇਰਕ
ਮਹਿਲ ਕਲਾਂ, 16 ਨਵੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਬਲਾਕ ਪ੍ਰਧਾਨ ਨਾਨਕ ਸਿੰਘ ਦੀ ਅਗਵਾਈ ਵਿੱਚ ਬਲਾਕ ਮਹਿਲ ਕਲਾਂ ਦੀਆਂ ਦਾਣਾ ਮੰਡੀਆਂ ਦਾ ਦੌਰਾ ਕੀਤਾ। ਜਥੇਬੰਦੀ ਵੱਲੋਂ ਕੁਤਬਾ ਦੀ ਦਾਣਾ ਮੰਡੀ ਤੋਂ ਹਰਦਾਸਪੁਰਾ, ਕੁਰੜ, ਮਾਂਗੇਵਾਲ, ਠੁੱਲੀਵਾਲ, ਹਮੀਦੀ ਦੀਆਂ ਮੰਡੀਆਂ ਵਿੱਚ ਮਾਰਚ ਕਰ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ। ਆਗੂਆਂ ਨੇ ਕਿਹਾ ਕਿ ਬਹੁਤ ਸਾਰੇ ਕਿਸਾਨਾਂ ਨਾਲ ਮੰਡੀਆਂ ਵਿੱਚ ਝੋਨੇ ਦੇ ਨਾਂ ਵਿਕਣ ਸਬੰਧੀ ਗੱਲਬਾਤ ਕੀਤੀ ਤਾਂ ਸ਼ੈੱਲਰ ਮਾਲਕਾਂ ਵੱਲੋਂ 100 ਗੱਟੇ ਪਿੱਛੇ 6-6 ਗੱਟੇ ਵਾਧੂ ਮੰਗਣ ਦੀ ਗੱਲ ਸਾਹਮਣੇ ਆਈ। ਜਦੋਂ ਇਸ ਸਬੰਧੀ ਆੜ੍ਹਤੀਆਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਸਾਨਾਂ ਇਸ ਗੱਲ ਦੀ ਪੁਸ਼ਟੀ ਕੀਤੀ। ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ, ਜ਼ਿਲ੍ਹਾ ਜਨਰਲ ਸਕੱਤਰ ਸਾਹਿਬ ਸਿੰਘ ਬਡਬਰ ਅਤੇ ਗੁਰਦੇਵ ਸਿੰਘ ਮਾਂਗੇਵਾਲ ਨੇ ਕਿਹਾ ਕਿ ਝੋਨਾ ਮੰਡੀਆਂ ਵਿੱਚ ਰੋਲ ਕੇ ਕੱਟ ਲਾਇਆ ਜਾ ਰਿਹਾ ਹੈ, ਡੀਏਪੀ ਸਪਲਾਈ ਨਹੀਂ ਕੀਤੀ ਜਾ ਰਹੀ ਅਤੇ ਪਰਾਲ਼ੀ ਫ਼ੂਕਣ ਵਾਲੇ ਕਿਸਾਨਾਂ ਖਿਲਾਫ਼ ਕੇਸ ਦਰਜ ਕਰਕੇ ਰੈੱਡ ਐਂਟਰੀਆਂ ਨਾਲ ਜੁਰਮਾਨੇ ਲਾਏ ਜਾ ਰਹੇ ਹਨ। ਇਹ ਪੰਜਾਬ ਦੇ ਮੰਡੀ ਸਿਸਟਮ ਨੂੰ ਤਬਾਹ ਕਰਕੇ, ਖੇਤੀ ਖੇਤਰ ’ਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਕਰਵਾਉਣ ਦੀ ਸਾਜਿਸ਼ ਹੈ ਪਰ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਇਸ ਸਾਜਿਸ਼ ਨੂੰ ਕਿਸੇ ਵੀ ਹਾਲਤ ਵਿੱਚ ਸਫ਼ਲ ਨਹੀਂ ਹੋਣ ਦੇਣਗੀਆਂ। ਆਗੂਆਂ ਨੇ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਲੁਕਵੇਂ ਏਜੰਡੇ ਰਾਹੀਂ ਮੰਡੀ ਸਿਸਟਮ ਖ਼ਤਮ ਕਰਕੇ ਖੇਤੀ ’ਤੇ ਕਾਰਪੋਰਟ ਘਰਾਣਿਆਂ ਦਾ ਕਬਜ਼ਾ ਕਰਵਾਉਣਾ ਚਾਹੁੰਦੀ ਹੈ ਅਤੇ ਪੰਜਾਬ ਸਰਕਾਰ ਵੀ ਇਸ ਸਾਜ਼ਿਸ਼ ਵਿੱਚ ਪੂਰੀ ਤਰ੍ਹਾਂ ਸ਼ਾਮਲ ਹੈ। ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਸਰਕਾਰਾਂ ਤੋਂ ਭਲੇ ਦੀ ਝਾਕ ਛੱਡਦੇ ਹੋਏ ਆਪਣੀ ਜਥੇਬੰਦਕ ਤਾਕਤ ਮਜ਼ਬੂਤ ਕਰਨ ਅਤੇ ਫ਼ਸਲ ਦਾ ਦਾਣਾ ਦਾਣਾ ਖਰੀਦ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਅਹਿਦ ਦੁਹਰਾਇਆ।