ਜਿੰਨਾ ਚਿਰ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਮੋਰਚਾ ਜਾਰੀ ਰਹੇਗਾ: ਡੱਲੇਵਾਲ
ਜਸਵੀਰ ਸਿੰਘ ਭੁੱਲਰ
ਦੋਦਾ, 3 ਅਪਰੈਲ
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਅੱਜ ਇੱਥੋਂ ਨੇੜਲੇ ਪਿੰਡ ਛੱਤਿਆਣਾ ਵਿੱਚ ਕਿਸਾਨਾਂ ਦੀ ਮੀਟਿੰਗ ਵਿੱਚ ਪੁੱਜੇ। ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਹੱਕੀ ਮੰਗਾਂ ਲਈ ਚੱਲਦਾ ਅੰਦੋਲਨ ਲਗਾਤਾਰ ਅੱਗੇ ਵਧਦਾ ਜਾ ਰਿਹਾ ਹੈ ਅਤੇ ਜਿੰਨਾ ਚਿਰ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀ ਹੁੰਦੀਆਂ ਸਰਕਾਰ ਖ਼ਿਲਾਫ਼ ਅੰਦੋਲਨ ਜਾਰੀ ਰਹੇਗਾ। ਉਨ੍ਹਾਂ ਕਿਸਾਨਾਂ ਨੂੰ ਗੁੰਮਰਾਹ ਕਰਨ ਵਾਲਿਆਂ ਤੋਂ ਸੁਚੇਤ ਰਹਿਣ ਲਈ ਵੀ ਕਿਹਾ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ ਕਿ ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਦੀ ਸ਼ਹੀਦੀ ਨੂੰ ਵਿਅਰਥ ਨਹੀਂ ਜਾਣ ਦਿੱਤਾ ਜਾਵੇਗਾ। ਉਨ੍ਹਾਂ ਹਾਜ਼ਰ ਕਿਸਾਨਾਂ ਨੂੰ ਅੰਦੋਲਨ ਦੌਰਾਨ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਸਰਕਾਰਾਂ ਦੇ ਕਿਸਾਨ ਮਾਰੂ ਮਨਸੂਬਿਆਂ ਬਾਰੇ ਕਿਹਾ ਕਿ ਸਰਕਾਰੀ ਮੰਡੀਆਂ ਦੇ ਬਰਾਬਰ ਕਾਰਪੋਰੇਟ ਘਰਾਣਿਆਂ ਨੂੰ ਕਣਕ ਦੀ ਖਰੀਦ ਕਰਨ ਵਾਲੇ ਫੈਸਲੇ ਨੂੰ ਕਿਸਾਨ ਜਥੇਬੰਦੀਆਂ ਦੇ ਵਿਰੋਧ ਕਾਰਨ ਵਾਪਸ ਲੈਣਾ ਪਿਆ ਹੈ। ਉਨ੍ਹਾਂ ਸਮੂਹ ਕਿਸਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਕਿਹਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਬੂੜਾ ਗੁੱਜਰ, ਬੇਅੰਤ ਸਿੰਘ ਖਾਲਸਾ ਦੋਦਾ, ਐਡਵੋਕੇਟ ਕਰਨ ਸਿੰਘ ਭੁੱਟੀਵਾਲਾ, ਬੂਟਾ ਸਿੰਘ ਖਾਲਸਾ ਦੋਦਾ ਮੌਜੂਦ ਸਨ।