ਸ਼ਹੀਦ ਡਾ. ਗੁਰਦਿਆਲ ਸਿੰਘ ਮੁਠੱਡਾ ਦੀ ਬਰਸੀ ਮਨਾਈ
ਫਿਲੌਰ (ਪੱਤਰ ਪ੍ਰੇਰਕ): ਸ਼ਹੀਦ ਡਾ. ਗੁਰਦਿਆਲ ਸਿੰਘ ਮੁਠੱਡਾ ਦੀ 36ਵੀਂ ਬਰਸੀ ਮੌਕੇ ਸੰਬੋਧਨ ਕਰਦੇ ਹੋਏ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਸੂਬਾ ਸਕੱਤਰ ਪਰਗਟ ਸਿੰਘ ਜਾਮਾਰਾਏ ਨੇ ਕਿਹਾ ਕਿ ਦੇਸ਼ ਵਿੱਚ ਭਾਜਪਾ ਸਰਕਾਰ ਆਉਣ ਨਾਲ ਸਿਰਫ਼ ਮਨੀਪੁਰ ’ਚ ਹੀ ਨਹੀਂ ਸਗੋਂ ਦੇਸ਼ ਦੇ ਦੂਜੇ ਭਾਗਾਂ ਵਿੱਚ ਵੀ ਘੱਟ ਗਿਣਤੀਆਂ, ਔਰਤਾਂ ਅਤੇ ਦਲਿਤਾਂ ਲਈ ਕਈ ਖ਼ਤਰੇ ਖੜ੍ਹੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮਾਨ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖ਼ਰਾ ਨਹੀਂ ਉਤਰ ਰਹੀ। ਪਾਰਟੀ ਦੇ ਕੇਂਦਰੀ ਕਮੇਟੀ ਮੈਂਬਰ ਗੁਰਨਾਮ ਸਿੰਘ ਦਾਊਦ ਨੇ ਇਸ ਮੌਕੇ ਕਿਹਾ ਕਿ ਸਮਾਜ ’ਚ ਕਾਣੀ ਵੰਡ ਕਾਰਨ ਦੇਸ਼ ਦਾ ਨਿਮਨ ਵਰਗ ਪ੍ਰੇਸ਼ਾਨੀ ’ਚੋਂ ਗੁਜ਼ਰ ਰਿਹਾ ਹੈ। ਜਮਹੂਰੀ ਕਿਸਾਨ ਸਭਾ ਦੇ ਸੂਬਾ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ ਹੜ੍ਹਾਂ ਦੇ ਮਾਮਲੇ ‘ਚ ਦੇਸ਼ ਦੇ ਕੁਦਰਤੀ ਵਸੀਲੇ ਲੁੱਟਣ ਵਾਲੇ ਤੇ ਅਖੌਤੀ ਵਿਕਾਸ ਮਾਡਲ ਦਾ ਵੀ ਸੱਚ ਬੇਪਰਦ ਹੋ ਗਿਆ ਹੈ। ਇਸ ਸਮਾਗਮ ਦੀ ਪ੍ਰਧਾਨਗੀ ਸਰਬਜੀਤ ਗੋਗਾ, ਜਰਨੈਲ ਫਿਲੌਰ ਅਤੇ ਬਲਵਿੰਦਰ ਸਿੰਘ ਦੁਸਾਂਝ ਨੇ ਕੀਤੀ। ਸ਼ਹੀਦੀ ਯਾਦਗਾਰ ’ਤੇ ਸੂਹਾ ਝੰਡਾ ਗੁਰਨਾਮ ਸਿੰਘ ਦਾਊਦ ਨੇ ਲਹਿਰਾਇਆ।