ਗੁਰੂ ਅਰਜਨ ਦੇਵ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ
ਪੱਤਰ ਪ੍ਰੇਰਕ
ਮਾਨਸਾ, 10 ਜੂਨ
ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅੱਜ ਇਸ ਇਲਾਕੇ ਦੇ ਵੱਖ-ਵੱਖ ਗੁਰੂਘਰਾਂ ਵਿੱਚ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਅਖੰਡ ਪਾਠਾਂ ਦੇ ਭੋਗ ਪੈਣ ਤੋਂ ਬਾਅਦ ਥਾਂ-ਥਾਂ ’ਤੇ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਲਾਈਆਂ ਗਈਆਂ। ਇਸ ਦੌਰਾਨ ਵੱਡੀ ਗਿਣਤੀ ਸੰਗਤ ਨੇ ਗੁਰੂ ਘਰਾਂ ’ਚ ਮੱਥਾ ਟੇਕ ਕੇ ਗੁਰੂ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇੱਥੇ ਗੁਰਦੁਆਰਾ ਸਿੰਘ ਸਾਹਿਬ ਤੋਂ ਇਲਾਵਾ ਦੇ ਕਈ ਹੋਰ ਗੁਰੂਘਰਾਂ ਵਿੱਚ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦੇ ਜੀਵਨ ਇਤਿਹਾਸ ਸਬੰਧੀ ਜਾਣਕਾਰੀ ਦਿੱਤੀ ਗਈ। ਰਾਗੀ ਸਿੰਘਾਂ ਵੱਲੋਂ ਕੀਰਤਨ ਕਰਦਿਆਂ ਗੁਰੂ ਸਾਹਿਬ ਵੱਲੋਂ ਹੱਕ ਅਤੇ ਸੱਚ ਦੀ ਖਾਤਰ ਦਿੱਤੀ ਸ਼ਹਾਦਤ ਅਤੇ ਜਬਰ ਦਾ ਮੁਕਾਬਲਾ ਕਰਨ ਵਾਸਤੇ ਉਸ ਵੇਲੇ ਆਮ ਲੋਕਾਂ ਨੂੰ ਡਰ ਮੁਕਤ ਕੀਤਾ, ਜਿਸ ਕਰਕੇ ਹੁਣ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਵੱਡੀ ਪ੍ਰੇਰਨਾ ਲੈਣੀ ਚਾਹੀਦੀ ਹੈ।
ਸ਼ਹਿਣਾ (ਪੱਤਰ ਪ੍ਰੇਰਕ): ਇੱਥੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਅਖੰਡ ਪਾਠ ਸਾਹਿਬ ਦੇ ਪਾਏ ਭੋਗ ਉਪਰੰਤ ਗ੍ਰੰਥੀ ਬਾਬਾ ਨਿਰਮਲ ਸਿੰਘ ਨੇ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੇ ਸਿੱਖ ਇਤਿਹਾਸ ਬਾਰੇ ਚਾਨਣਾ ਪਾਇਆ। ਇਸ ਮੌਕੇ ਪ੍ਰਧਾਨ ਜੋਗਿੰਦਰ ਸਿੰਘ, ਬਲਦੇਵ ਸਿੰਘ ਮਾਸਟਰ, ਬਾਬਾ ਨਗਿੰਦਰ ਸਿੰਘ, ਮਹਿੰਦਰ ਸਿੰਘ, ਸੁਰਜੀਤ ਸਿੰਘ, ਸੁਖਵਿੰਦਰ ਸਿੰਘ ਧਾਲੀਵਾਲ ਅਤੇ ਹੋਰ ਪਤਵੰਤੇ ਹਾਜਰ ਸਨ। ਇਸੇ ਤਰ੍ਹਾਂ ਗੁਰਦੁਆਰਾ ਬਾਬਾ ਜੀਵਨ ਸਿੰਘ ਸ਼ਹਿਣਾ ਵਿਖੇ ਵੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਰੰਭ ਅਖੰਡ ਪਾਠ ਦੇ ਭੋਗ ਪਾਏ ਗਏ। ਭਾਈ ਲਖਵੀਰ ਸਿੰਘ ਦੇ ਰਾਗੀ ਜਥੇ ਵੱਲੋਂ ਕੀਰਤਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਰੂਪ ਸਿੰਘ, ਪੰਚ ਸੁਖਵਿੰਦਰ ਸਿੰਘ ਧਾਲੀਵਾਲ, ਗੁਰਜੀਤ ਸਿੰਘ, ਸੁਖਚੈਨ ਸਿੰਘ, ਲਖਵੀਰ ਸਿੰਘ, ਕਰਨੈਲ ਸਿੰਘ ਫੌਜੀ, ਕੇਵਲ ਸਿੰਘ, ਕੁਲਦੀਪ ਸਿੰਘ ਆਦਿ ਹਾਜ਼ਰ ਸਨ।

ਭੁੱਚੋ ਮੰਡੀ (ਪੱਤਰ ਪ੍ਰੇਰਕ): ਇੱਥੇ ਬਾਲਿਆਂਵਾਲੀ ਸੜਕ ’ਤੇ ਸਥਿਤ ਗੁਰਦੁਆਰਾ ਸਿੰਘ ਸਭਾ ਤੇ ਗੁਰਦੁਆਰਾ ਬਾਬਾ ਨਾਮਦੇਵ ਜੀ ਅਤੇ ਗੁਰਦੁਆਰਾ ਸਿੰਘ ਸਭਾ ਗੁਰੂ ਅਰਜਨ ਦੇਵ ਨਗਰ ਵਿੱਚ ਪੰਜਵੀਂ ਪਾਤਸ਼ਾਹੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।
ਇਸ ਮੌਕੇ ਕਰਵਾਏ ਗਏ ਧਾਰਮਿਕ ਸਮਾਗਮਾਂ ਵਿੱਚ ਪਾਠਾਂ ਦੇ ਭੋਗ ਪਾਏ ਗਏ ਅਤੇ ਰਾਗੀ ਸਿੰਘਾਂ ਨੇ ਗੁਰੂ ਸਾਹਿਬ ਦੀ ਜੀਵਨੀ ’ਤੇ ਚਾਨਣਾ ਪਾਇਆ। ਇਸ ਮੌਕੇ ਗੁਰੂ ਦੇ ਲੰਗਰ ਅਤੇ ਛਬੀਲਾਂ ਵੀ ਲਗਾਈਆਂ ਗਈਆਂ।