For the best experience, open
https://m.punjabitribuneonline.com
on your mobile browser.
Advertisement

ਸ਼ਹੀਦੀ ਦਿਹਾੜਾ: ਮਾਤਮੀ ਬਿਗਲ ਵਜਾਉਣ ਦੇ ਫੈਸਲੇ ਦਾ ਸ਼੍ਰੋਮਣੀ ਕਮੇਟੀ ਵੱਲੋਂ ਵਿਰੋਧ

07:45 AM Dec 24, 2023 IST
ਸ਼ਹੀਦੀ ਦਿਹਾੜਾ  ਮਾਤਮੀ ਬਿਗਲ ਵਜਾਉਣ ਦੇ ਫੈਸਲੇ ਦਾ ਸ਼੍ਰੋਮਣੀ ਕਮੇਟੀ ਵੱਲੋਂ ਵਿਰੋਧ
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 23 ਦਸੰਬਰ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੌਰਾਨ 27 ਦਸੰਬਰ ਨੂੰ ‘ਮਾਤਮੀ ਬਿਗਲ’ ਵਜਾਉਣ ਦੇ ਫੈਸਲੇ ਨੂੰ ਗੁਰਮਤਿ ਮਰਿਆਦਾ ਦੇ ਵਿਰੁੱਧ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਦੀ ਸ਼ਹਾਦਤ ਮਾਤਮ ਜਾਂ ਸੋਗ ਦਾ ਨਹੀਂ ਸਗੋਂ ਚੜ੍ਹਦੀ ਕਲਾ ਦਾ ਪ੍ਰਤੀਕ ਹੈ। ਸਾਹਿਬਜ਼ਾਦਿਆਂ ਨੇ ਹੱਕ, ਸੱਚ ਅਤੇ ਧਰਮ ਖ਼ਾਤਰ ਆਪਣੇ ਆਪ ਨੂੰ ਕੁਰਬਾਨ ਕਰਨ ਦਾ ਫੈਸਲਾ ਲੈ ਕੇ ਦੁਨੀਆਂ ਦੇ ਇਤਿਹਾਸ ’ਚ ਲਾਸਾਨੀ ਅਤੇ ਵਿਲੱਖਣ ਪੈੜ ਪਾਈ। ਸਾਹਿਬਜ਼ਾਦਿਆਂ ਦੀ ਉਮਰ ਭਾਵੇਂ ਛੋਟੀ ਸੀ ਪਰ ਉਨ੍ਹਾਂ ਦੀ ਸਿੱਖੀ ਪ੍ਰਤੀ ਦ੍ਰਿੜ੍ਹਤਾ ਪ੍ਰੋੜ੍ਹ ਉਮਰ ਤੋਂ ਘੱਟ ਨਹੀਂ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿੱਖ ਇਤਿਹਾਸ ਅਤੇ ਸਿਧਾਤਾਂ ਦੀ ਭਾਵਨਾ ਨੂੰ ਦਰਕਿਨਾਰ ਨਾ ਕਰਨ। ਇਤਿਹਾਸ ਗਵਾਹ ਹੈ ਕਿ ਗੁਰੂ ਅਰਜਨ ਦੇਵ ਜੀ ਅਤੇ ਗੁਰੂ ਤੇਗ ਬਹਾਦਰ ਸਾਹਿਬ ਦੀਆਂ ਪੈੜਾਂ ’ਤੇ ਚੱਲਦਿਆਂ ਸਾਹਿਬਜ਼ਾਦਿਆਂ ਨੇ ਸ਼ਹਾਦਤਾਂ ਦਿੱਤੀਆਂ ਸਨ। ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਮੌਕੇ ਗੁਰੂ ਸਾਹਿਬ ਨੇ ਖ਼ੁਦ ਜੈਕਾਰੇ ਗਜਾ ਕੇ ਕੌਮ ਨੂੰ ਚੜ੍ਹਦੀ ਕਲਾ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਦੇ ਸ਼ਹੀਦ ਕੌਮ ਲਈ ਪ੍ਰੇਰਨਾ ਸਰੋਤ ਹਨ ਜਿਨ੍ਹਾਂ ਨੂੰ ਕੌਮ ਰੋਜ਼ਾਨਾ ਅਰਦਾਸ ਵਿੱਚ ਯਾਦ ਕਰ ਕੇ ਸ਼ਕਤੀ ਅਤੇ ਅਗਵਾਈ ਪ੍ਰਾਪਤ ਕਰਦੀ ਹੈ ਪਰ ਮੁੱਖ ਮੰਤਰੀ ਵੱਲੋਂ ਇਨ੍ਹਾਂ ਸ਼ਹਾਦਤਾਂ ਨੂੰ ਮਾਤਮ ਅਤੇ ਸੋਗ ਦੀ ਘਟਨਾ ਵਜੋਂ ਉਭਾਰਿਆ ਜਾਣਾ ਸਿੱਖ ਇਤਿਹਾਸ ਅਤੇ ਗੁਰਮਤਿ ਪ੍ਰੰਪਰਾ ਦੇ ਅਨੁਕੂਲ ਨਹੀਂ ਹੈ। ਇਸ ਵਾਸਤੇ ਉਨ੍ਹਾਂ ਮੁੱਖ ਮੰਤਰੀ ਤੋਂ ਮਾਤਮੀ ਬਿਗੁਲ ਵਜਾਉਣ ਦਾ ਇਹ ਫੈਸਲਾ ਵਾਪਸ ਲੈਣ ਦੀ ਮੰਗ ਕੀਤੀ।

ਖਾਲਸਾ ਪੰਥ ਵਿੱਚ ਮਾਤਮ ਦੀ ਕੋਈ ਥਾਂ ਨਹੀਂ: ਸਰਨਾ

ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਮਾਤਮੀ ਦਿਵਸ ਵਜੋਂ ਮਨਾਏ ਜਾਣ ਸਬੰਧੀ ਬਿਆਨ ਦਾ ਸਖਤ ਵਿਰੋਧ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਖ਼ਾਲਸਾ ਪੰਥ ਵਿੱਚ ਮਾਤਮ ਦੀ ਕੋਈ ਥਾਂ ਨਹੀਂ ਹੈ। ਛੋਟੇ ਸਾਹਿਬਜ਼ਾਦੇ ਸਿੱਖ ਕੌਮ ਦੇ ਬਾਬੇ ਹਨ। ਉਨ੍ਹਾਂ ਦਾ ਸ਼ਹੀਦੀ ਦਿਹਾੜਾ ਸਿੱਖ ਸਦਾ ਹੀ ਨਗਾਰਿਆਂ ਤੇ ਚੜ੍ਹਦੀ ਕਲਾ ਦੇ ਜੈਕਾਰਿਆਂ ਨਾਲ ਮਨਾਉਂਦੇ ਆਏ ਹਨ ਅਤੇ ਮਨਾਉਂਦੇ ਰਹਿਣਗੇ। ਮੁੱਖ ਮੰਤਰੀ ਨੂੰ ਸਿੱਖ ਕੌਮ ਦੀਆਂ ਭਾਵਨਾਵਾਂ ਤੇ ਰਵਾਇਤਾਂ ਦਾ ਖਿਆਲ ਕਰਦਿਆਂ ਇਸ ਮੌਕੇ ਮਾਤਮੀ ਧੁਨਾਂ ਵਜਾਉਣ ਦਾ ਫੈਸਲਾ ਵਾਪਸ ਲੈਣਾ ਚਾਹੀਦਾ ਹੈ।

Advertisement

ਮੁੱਖ ਮੰਤਰੀ ਆਪਣਾ ਫੈਸਲਾ ਵਾਪਸ ਲੈਣ: ਦਲ ਖਾਲਸਾ

ਇਸੇ ਦੌਰਾਨ ਦਲ ਖਾਲਸਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫਤਹਿਗੜ੍ਹ ਸਾਹਿਬ ਵਿਖੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ 27 ਦਸੰਬਰ ਨੂੰ ਸਵੇਰੇ ਦਸ ਮਿੰਟ ਲਈ ਮਾਤਮੀ ਬਿਗਲ ਵਜਾਉਣ ਦਾ ਫੈਸਲਾ ਸਿੱਖ ਸਿਧਾਤਾਂ ਦੇ ਉਲਟ ਹੈ। ਜਥੇਬੰਦੀ ਦੇ ਆਗੂ ਕੰਵਰਪਾਲ ਸਿੰਘ ਨੇ ਕਿਹਾ ਕਿ ਸਿੱਖੀ ਵਿੱਚ ਸ਼ਹਾਦਤ ਦੀ ਪ੍ਰੰਪਰਾ ਦਾ ਸਥਾਨ ਬਹੁਤ ਉੱਚਾ-ਸੁੱਚਾ ਹੈ, ਇਸ ਵਿੱਚ ਮਾਤਮ ਦੀ ਕੋਈ ਥਾਂ ਨਹੀਂ ਹੈ। ਉਨ੍ਹਾਂ ਮੁੱਖ ਮੰਤਰੀ ਦੇ ਫੈਸਲੇ ਦਾ ਵਿਰੋਧ ਕਰਦਿਆਂ ਕਿਹਾ ਕਿ ਉਹ ਆਪਣੇ ਇਸ ਸਿਧਾਂਤਹੀਣ ਫੈਸਲੇ ਨੂੰ ਤੁਰੰਤ ਵਾਪਸ ਲੈਣ।

ਹਵਾਰਾ ਕਮੇਟੀ ਨੇ ਮਾਤਮੀ ਬਿਗਲ ਨੂੰ ਸਿੱਖ ਪ੍ਰੰਪਰਾਵਾਂ ਦੇ ਉਲਟ ਦੱਸਿਆ

ਹਵਾਰਾ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ 27 ਦਸੰਬਰ ਨੂੰ ਸਵੇਰੇ 10 ਵਜੇ ਮਾਤਮੀ ਬਿਗਲ ਵਜਾਏ ਜਾਣ ਦੇ ਐਲਾਨ ਨੂੰ ਸਿੱਖ ਪ੍ਰੰਪਰਾਵਾਂ ਦੇ ਉਲਟ ਦੱਸਿਆ ਹੈ। ਕਮੇਟੀ ਦੇ ਆਗੂ ਪ੍ਰੋ. ਬਲਜਿੰਦਰ ਸਿੰਘ, ਐਡਵੋਕੇਟ ਅਮਰ ਸਿੰਘ ਚਾਹਲ, ਬਾਪੂ ਗੁਰਚਰਨ ਸਿੰਘ, ਬਲਦੇਵ ਸਿੰਘ ਤੇ ਮਹਾਵੀਰ ਸਿੰਘ ਸੁਲਤਾਨਵਿੰਡ ਨੇ ਕਿਹਾ ਕਿ ਸਿੱਖ ਸਿਧਾਂਤ ਅਨੁਸਾਰ ਸ਼ਹਾਦਤ ਅਕਾਲ ਪੁਰਖ ਦੀ ਵਡਮੁੱਲੀ ਦਾਤ ਹੈ। ਸਿੱਖ ਫਲਸਫੇ ਦੀ ਰੋਸ਼ਨੀ ਵਿੱਚ ਸ਼ਹਾਦਤਾਂ ਚੜ੍ਹਦੀ ਕਲਾ ਦਾ ਪ੍ਰਤੀਕ ਹਨ ਜੋ ਕਿ ਭਵਿੱਖ ਦੀਆਂ ਪੀੜ੍ਹੀਆਂ ਲਈ ਮਾਰਗਦਰਸ਼ਕ ਅਤੇ ਪ੍ਰੇਰਨਾ ਦਾ ਸਰੋਤ ਹਨ। ਉਨ੍ਹਾਂ ਕਿਹਾ ਕਿ ਸਿੱਖ ਧਰਮ ਦੀ ਮਰਿਆਦਾ ਸ਼ਹਾਦਤਾਂ ਨੂੰ ਮਾਤਮ ਜਾਂ ਅਫਸੋਸ ਨਾਲ ਜੋੜਨ ਦੀ ਇਜਾਜ਼ਤ ਨਹੀਂ ਦਿੰਦੀ। ਹਵਾਰਾ ਕਮੇਟੀ ਨੇ ਮੁੱਖ ਮੰਤਰੀ ਨੂੰ ਸੁਚੇਤ ਕੀਤਾ ਕਿ ਉਹ ਸਿੱਖ ਧਰਮ ਦੇ ਅਸੂਲਾਂ ਅਤੇ ਪ੍ਰੰਪਰਾਵਾਂ ਤੋਂ ਜਾਣੂ ਨਹੀਂ ਹਨ ਇਸ ਲਈ ਧਾਰਮਿਕ ਮਸਲਿਆਂ ਵਿੱਚ ਦਖਲਅੰਦਾਜ਼ੀ ਨਾ ਕਰਨ।

Advertisement
Author Image

joginder kumar

View all posts

Advertisement
×