ਪੰਜਾਬ ਸਰਕਾਰ ਵੱਲੋਂ ਮਾਤਾ ਗੁਜਰੀ ਕਾਲਜ ਦਾ ਸਨਮਾਨ
ਹਿਮਾਂਸ਼ੂ ਸੂਦ
ਫ਼ਤਹਿਗੜ੍ਹ ਸਾਹਿਬ, 31 ਜੁਲਾਈ
ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਨੂੰ ਪੰਜਾਬ ਸਰਕਾਰ ਦੇ ਉੱਚ ਸਿੱਖਿਆ ਵਿਭਾਗ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿੱਚ ‘ਨਿਊ ਲੈਂਡਸਕੇਪ ਇਨ ਹਾਇਰ ਐਜੂਕੇਸ਼ਨ ਚੈਲੇਂਜਿਜ਼ ਐਂਡ ਪ੍ਰਾਸਪੈਕਟ’ ਵਿਸ਼ੇ ’ਤੇ ਕਰਵਾਈ ਵਿਸ਼ੇਸ਼ ਕਾਨਫ਼ਰੰਸ ਦੌਰਾਨ ਸਨਮਾਨਿਤ ਕੀਤਾ ਗਿਆ। ਇਹ ਵੱਕਾਰੀ ਸਨਮਾਨ ਕਾਲਜ ਦੇ ਉਪ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਪਾਸੋਂ ਹਾਸਲ ਕੀਤਾ ਹੈ। ਵਰਣਨਯੋਗ ਹੈ ਕਿ ਇਸ ਕਾਨਫ਼ਰੰਸ ਵਿੱਚ ਪੰਜਾਬ ਦੇ ਉਨ੍ਹਾਂ ਪ੍ਰਮੁੱਖ ਕਾਲਜਾਂ ਨੂੰ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਨੂੰ ਨੈਸ਼ਨਲ ਅਸੈਸਮੈਂਟ ਅਤੇ ਐਕਰੈਡੀਟੇਸ਼ਨ ਕਾਊਂਸਲ (ਨੈਕ) ਬੰਗਲੁਰੂ ਵੱਲੋਂ ‘ਏ’ ਗ੍ਰੇਡ ਜਾਂ ਇਸ ਤੋਂ ਉੱਚ ਦਰਜੇ ਦੀ ਰੇਟਿੰਗ ਪ੍ਰਾਪਤ ਹੈ। ਇਸ ਸ਼ਲਾਘਾਯੋਗ ਪ੍ਰਾਪਤੀ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਕਾਲਜ ਗਵਰਨਿੰਗ ਬਾਡੀ ਦੇ ਐਡੀਸ਼ਨਲ ਸਕੱਤਰ ਜਗਦੀਪ ਸਿੰਘ ਚੀਮਾ ਅਤੇ ਸ਼੍ਰੋਮਣੀ ਕਮੇਟੀ ਦੇ ਸਿੱਖਿਆ ਸਕੱਤਰ ਇੰਜਨੀਅਰ ਸੁਖਮਿੰਦਰ ਸਿੰਘ ਨੇ ਕਾਲਜ ਦੇ ਸਮੂਹ ਸਟਾਫ਼ ਨੂੰ ਮੁਬਾਰਕਬਾਦ ਦਿੱਤੀ ਹੈ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਕਿਹਾ ਕਿ ਇਹ ਸਨਮਾਨ ਕਾਲਜ ਦੇ ਸਮੂਹ ਸਟਾਫ਼ ਦੇ ਅਣਥੱਕ ਯਤਨਾਂ ਅਤੇ ਸਹਿਯੋਗ ਸਦਕਾ ਪ੍ਰਾਪਤ ਹੋਇਆ ਹੈ।