ਮੁੱਖ ਮੰਤਰੀ ਦੇ ਸਮਾਗਮ ਵਿੱਚ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਪ੍ਰਧਾਨ ਗੋਬਿੰਦ ਸਿੰਘ ਛਾਜਲੀ ਗ੍ਰਿਫ਼ਤਾਰ
ਪੱਤਰ ਪ੍ਰੇਰਕ
ਲਹਿਰਾਗਾਗਾ 15 ਅਪਰੈਲ
ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਗੋਬਿੰਦ ਸਿੰਘ ਛਾਜਲੀ ਨੂੰ ਪੁਲੀਸ ਨੇ ਗ੍ਰਿਫਤਾਰ ਕਰ ਲਿਆ ਹੈ। ਕਾਬਿਲੇਗੌਰ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਿੰਡ ਛਾਜਲੀ ਵਿਚ ਸਕੂਲ ਆਫ ਐਮੀਨੈਂਸ ਦੇ ਉਦਘਾਟਨ ਲਈ ਆਉਣਾ ਹੈ। ਸਮਾਗਮ ਲਈ ਬੱਚਿਆਂ ਦੇ ਮਾਪਿਆਂ ਨੂੰ ਖੁੱਲ੍ਹਾ ਸੱਦਾ ਪੱਤਰ ਭੇਜਿਆ ਗਿਆ ਸੀ, ਪਰ ਪੰਜਾਬ ਸਰਕਾਰ ਨੇ ਛਾਜਲੀ ਸਮੇਤ ਹੋਰਨਾਂ ਲੋਕਾਂ ਨੂੰ ਪਾਸ ਹੋਣ ਦੇ ਬਾਵਜੂਦ ਸਮਾਗਮ ਵਿਚ ਜਾਣ ਤੋਂ ਜਬਰੀ ਰੋਕ ਦਿੱਤਾ।
ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਗੋਬਿੰਦ ਸਿੰਘ ਛਾਜਲੀ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਦੇ ਨਾਅਰੇ ਹੇਠ ਪਹਿਲਾਂ ਹੀ ਬਣੇ ਹੋਏ ਸਕੂਲਾਂ ਵਿੱਚ ਨੀਂਹ ਪੱਥਰ ਰੱਖ ਕੇ ਪੰਜਾਬ ਦੇ ਲੋਕਾਂ ਦੇ ਅੱਖੀਂ ਘੱਟਾ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਪੰਜਾਬ ਸਰਕਾਰ ਦੀਆਂ ਲੂੰਬੜਚਾਲਾਂ ਨੂੰ ਕਦੇ ਸਫ਼ਲ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ, ‘‘ਮੇਰਾ ਆਪਣਾ ਬੱਚਾ ਇਸ ਸਕੂਲ ਵਿੱਚ ਪੜ੍ਹਦਾ ਹੈ। ਸਕੂਲ ਦੇ ਅਧਿਆਪਕ ਵੱਲੋਂ ਸਮਾਗਮ ਵਿੱਚ ਸ਼ਮੂਲੀਅਤ ਲਈ ਮੇਰਾ ਵੀ ਪਾਸ ਬਣਾਇਆ ਗਿਆ ਸੀ। ਹਾਲਾਂਕਿ ਪੰਜਾਬ ਪੁਲੀਸ ਵੱਲੋਂ ਮੈਨੂੰ ਰੋਕਿਆ ਗਿਆ। ਮੇਰੇ ਤੋਂ ਇਲਾਵਾ ਬਹੁਤ ਸਾਰੇ ਲੋਕਾਂ ਨੂੰ ਵੀ ਘਰ ਵਾਪਸ ਮੋੜਿਆ ਗਿਆ।’’ ਛਾਜਲੀ ਨੇ ਪੰਜਾਬ ਸਰਕਾਰ ਅਤੇ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤਾਂ ਐੱਸਐੱਚਓ ਛਾਜਲੀ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।