ਐੱਮਸੀਪੀਆਈ (ਯੂ) ਨੇ ਇਕੱਤਰਤਾ ’ਚ ਮਸਲੇ ਵਿਚਾਰੇ
ਜੋਗਿੰਦਰ ਸਿੰਘ ਓਬਰਾਏ
ਦੋਰਾਹਾ, 15 ਜੁਲਾਈ
ਇਥੇ ਭਾਰਤੀ ਮਾਰਕਸਵਾਦੀ ਕਮਿਊਨਿਸਟ ਪਾਰਟੀ (ਯੂਨਾਈਟਿਡ) ਦੇ ਮੈਂਬਰਾਂ ਦੀ ਇਕੱਤਰਤਾ ਪਵਨ ਕੁਮਾਰ ਕੌਸ਼ਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਕੁਲਦੀਪ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਸਕੋ ਫੇਰੀ ’ਤੇ ਅਮਰੀਕਾ ਦੇ ਰਾਸ਼ਟਰਪਤੀ ਵੱਲੋਂ ਕੀਤੀ ਟਿੱਪਣੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਕਿਸੇ ਨੂੰ ਵੀ ਸਾਡੇ ਦੇਸ਼ ਦੇ ਅੰਦਰੂਨੀ ਮਾਮਲੇ ਵਿਚ ਦਖਲ ਦੇਣ ਦਾ ਕੋਈ ਅਧਿਕਾਰ ਨਹੀਂ ਹੈ। ਉਥੇ ਹੀ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੋਕਾਂ ਦਾ ਸਤਿਕਾਰ ਕਰਦੇ ਹੋਏ ਉਨ੍ਹਾਂ ਦੇ ਮਸਲੇ ਹੱਲ ਕਰਨ ਦੇ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ’ਚ ਬੇਰੁਜ਼ਗਾਰੀ, ਮਹਿੰਗਾਈ, ਗਰੀਬੀ ਅਤੇ ਭ੍ਰਿਸ਼ਟਾਚਾਰ ਸਿਖਰ ’ਤੇ ਹੈ। ਕੁੱਲ ਹਿੰਦ ਕਿਸਾਨ ਫ਼ੈਡਰੇਸ਼ਨ ਦੇ ਪ੍ਰਧਾਨ ਪ੍ਰੇਮ ਸਿੰਘ ਭੰਗੂ ਨੇ ਦੇਸ਼ ਦੇ ਵਿਕਾਸ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਕਿਸਾਨਾਂ ਤੇ ਮਜ਼ਦੂਰਾਂ ਦੇ ਮਸਲਿਆਂ ਵੱਲ ਧਿਆਨ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕਿਰਤ ਕਾਨੂੰਨਾਂ ਵਿਚ ਮਜ਼ਦੂਰ ਵਿਰੋਧੀ ਸੋਧਾਂ ਕਰ ਕੇ ਬਣਾਏ ਚਾਰ ਕੋਡਾਂ ਨੂੰ ਰੱਦ ਕਰਕੇ ਕਿਰਤ ਕਾਨੂੰਨਾਂ ਨੂੰ ਬਹਾਲ ਕੀਤਾ ਜਾਵੇ ਅਤੇ ਸਵਾਮੀਨਾਥਨ ਕਮਿਸ਼ਨ ਮੁਤਾਬਿਕ ਸਾਰੀਆਂ ਫ਼ਸਲਾਂ ’ਤੇ ਐੱਮਐੱਸਪੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ 9 ਅਗਸਤ ਨੂੰ ‘ਕਾਰਪੋਰੇਟ ਭਜਾਓ ਦੇਸ਼ ਬਚਾਓ’ ਦਾ ਨਾਅਰਾ ਬੁਲੰਦ ਕਰਕੇ ਸਰਕਾਰ ਖਿਲਾਫ਼ ਸੰਘਰਸ਼ ਆਰੰਭਿਆ ਜਾਵੇਗਾ। ਸ੍ਰੀ ਕੌਸ਼ਲ ਨੇ ਕਿਹਾ ਕਿ ਪੰਜਾਬ ਅੰਦਰ ਅਮਨ ਕਾਨੂੰਨ ਦੀ ਹਾਲਤ ਬਦ ਤੋਂ ਬੱਦਤਰ ਹੁੰਦੀ ਜਾ ਰਹੀ ਹੈ। ਇਸ ਮੌਕੇ ਜ਼ੋਰਾ ਸਿੰਘ, ਇਕਬਾਲ ਸਿੰਘ, ਪਵਨ ਕੁਮਾਰ, ਪੱਪੂ ਸਿੰਘ, ਸੁਖਦੇਵ ਸਿੰਘ, ਗੁਰਦੀਪ ਸਿੰਘ, ਪ੍ਰਵੀਨ ਕੌਸ਼ਲ ਆਦਿ ਹਾਜ਼ਰ ਸਨ।