ਮਸ਼ੀਨੀ ਸਫ਼ਾਈ: ‘ਆਪ’ ਵਿਧਾਇਕ ਅਤੇ ਮੇਅਰ ਆਹਮੋ-ਸਾਹਮਣੇ
ਦਰਸ਼ਨ ਸਿੰਘ ਸੋਢੀ
ਐੱਸ.ਏ.ਐੱਸ. ਨਗਰ (ਮੁਹਾਲੀ), 7 ਨਵੰਬਰ
ਮੁਹਾਲੀ ਦੀਆਂ ਸੜਕਾਂ ਦੀ ਮਸ਼ੀਨੀ ਸਫ਼ਾਈ ਨੂੰ ਲੈ ਕੇ ‘ਆਪ’ ਵਿਧਾਇਕ ਕੁਲਵੰਤ ਸਿੰਘ ਅਤੇ ਕਾਂਗਰਸੀ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਆਹਮੋ ਸਾਹਮਣੇ ਆ ਗਏ ਹਨ। ਵਿਧਾਇਕ ਕੁਲਵੰਤ ਸਿੰਘ ਨੇ ਅੱਜ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ਦੀ ਮਸ਼ੀਨੀ ਸਫ਼ਾਈ ਲਈ ਦੋ ਹੋਰ ਨਵੀਆਂ ਮਕੈਨੀਕਲ ਸਵੀਪਿੰਗ ਮਸ਼ੀਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਪਿਛਲੇ ਦੋ ਸਾਲਾਂ ਤੋਂ ਮੁੱਖ ਸੜਕਾਂ ਦੀ ਮਸ਼ੀਨੀ ਸਫ਼ਾਈ ਨਾ ਹੋਣ ਕਾਰਨ ਸਫ਼ਾਈ ਦੇ ਕੰਮ ਵਿੱਚ ਲਗਾਤਾਰ ਗਿਰਾਵਟ ਆ ਰਹੀ ਸੀ ਪ੍ਰੰਤੂ ਮੇਅਰ ਦਾ ਇਸ ਪਾਸੇ ਕੋਈ ਧਿਆਨ ਨਹੀਂ ਸੀ। ਕੁਝ ਸਮਾਂ ਪਹਿਲਾ ਹੀ ਵਿਧਾਇਕ ਨੇ ਗਮਾਡਾ ਨਾਲ ਤਾਲਮੇਲ ਕਰਕੇ ਦੋ ਮਕੈਨੀਕਲ ਸਵੀਪਿੰਗ ਮਸ਼ੀਨਾਂ ਲਈ 10 ਕਰੋੜ ਰੁਪਏ ਜਾਰੀ ਕਰਵਾਏ ਗਏ ਸਨ। ਇਹੀ ਨਹੀਂ ਕੂੜਾ ਪ੍ਰਬੰਧਨ ਦੇ ਮਾਮਲੇ ਵਿੱਚ ਮੇਅਰ ਫੇਲ੍ਹ ਸਾਬਤ ਹੋਏ ਹਨ। ਜਿਸ ਕਾਰਨ ਸ਼ਹਿਰ ਦੀਆਂ ਸੜਕਾਂ ਕਿਨਾਰੇ ਕੂੜੇ ਦੇ ਢੇਰ ਲੱਗੇ ਹੋਏ ਹਨ ਅਤੇ ਰਾਹਗੀਰ ਨਗਰ ਨਿਗਮ ਨੂੰ ਕੋਸਦੇ ਹੋਏ ਸੜਕਾਂ ਤੋਂ ਲੰਘਦੇ ਹਨ ਪਰ ਮੇਅਰ ਵੱਲੋਂ ਆਪਣੀਆਂ ਨਾਕਾਮੀਆਂ ਛੁਪਾਉਣ ਲਈ ਸਫ਼ਾਈ ਦੇ ਮੁੱਦੇ ’ਤੇ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਣਾ ਬਿਲਕੁਲ ਗਲਤ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਹੁਣ ਮੁਹਾਲੀ ਨਿਗਮ ਕੋਲ ਆਪਣੀਆਂ 4 ਮਕੈਨੀਕਲ ਸਵੀਪਿੰਗ ਮਸ਼ੀਨਾਂ ਹੋ ਗਈਆਂ ਹਨ, ਜਿਸ ਨਾਲ ਸ਼ਹਿਰ ਦੀਆਂ ਸਾਰੀਆਂ ‘ਏ’ ਅਤੇ ‘ਬੀ’ ਸੜਕਾਂ ਦੀ ਮਸ਼ੀਨੀ ਸਫ਼ਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ‘ਸੀ’ ਟਾਈਪ ਸੜਕਾਂ ਦੀ ਸਫ਼ਾਈ ਵੀ ਮਕੈਨੀਕਲ ਤਰੀਕੇ ਨਾਲ ਕਰਨ ਲਈ ਛੋਟੀਆਂ ਮਸ਼ੀਨਾਂ ਦਾ ਪ੍ਰਬੰਧ ਕਰਨ ਦੀ ਕੋਸ਼ਿਸ਼ ਕਰਨਗੇ ਅਤੇ ਸ਼ਹਿਰ ਦੀ ਸਫ਼ਾਈ ਲਈ ਫੰਡ ਉਪਲਬਧ ਕਰਵਾਉਣ ਲਈ ਮੁੱਖ ਮੰਤਰੀ ਨੂੰ ਗੁਹਾਰ ਲਗਾਉਣਗੇ।
ਕੁਲਵੰਤ ਸਿੰਘ ਨੇ ਕੌਂਸਲਰਾਂ ਦੇ ਹੱਕਾਂ ’ਤੇ ਡਾਕਾ ਮਾਰਿਆ: ਮੇਅਰ
ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਮਕੈਨੀਕਲ ਸਵੀਪਿੰਗ ਮਸ਼ੀਨਾਂ ਨੂੰ ਹਰੀ ਝੰਡੀ ਦਿਖਾ ਕੇ ਕੌਂਸਲਰਾਂ ਦੇ ਹੱਕਾਂ ’ਤੇ ਡਾਕਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਨਗਰ ਨਿਗਮ ਦੇ ਕੰਮਾਂ ਵਿੱਚ ਗਲਤ ਦਖ਼ਲ-ਅੰਦਾਜ਼ੀ ਕਰਕੇ ਸਿਆਸੀ ਲਾਹਾ ਲੈਣਾ ਚਾਹੁੰਦੇ ਹਨ, ਜੋ ਉਨ੍ਹਾਂ ਨੂੰ ਸੋਭਾ ਨਹੀਂ ਦਿੰਦਾ। ਮੇਅਰ ਨੇ ਦੱਸਿਆ ਕਿ ਉਨ੍ਹਾਂ ਨੇ ਨਿਗਮ ਕਮਿਸ਼ਨਰ ਨੂੰ ਸੁਨੇਹਾ ਲਾਇਆ ਸੀ ਕਿ ਮਕੈਨੀਕਲ ਸਵੀਪਿੰਗ ਮਸ਼ੀਨਾਂ ਦੇ ਉਦਘਾਟਨ ਲਈ ਨਗਰ ਨਿਗਮ ਦੇ ਵਿਹੜੇ ਵਿੱਚ ਪ੍ਰੋਗਰਾਮ ਉਲੀਕਿਆ ਜਾਵੇ ਅਤੇ ਵਿਧਾਇਕ ਨੂੰ ਵੀ ਸੱਦਿਆ ਜਾਵੇ ਪ੍ਰੰਤੂ ਕਮਿਸ਼ਨਰ ਨੇ ਉਨ੍ਹਾਂ ਦੀ ਗੱਲ ਨਹੀਂ ਮੰਨੀ। ਇਹੀ ਨਹੀਂ ਕਮਿਸ਼ਨਰ ਨੇ ਉਨ੍ਹਾਂ ਦਾ ਫੋਨ ਵੀ ਨਹੀਂ ਚੁੱਕਿਆ। ਜਿਸ ਦਾ ਅਧਿਕਾਰੀ ਨੂੰ ਹਾਊਸ ਵਿੱਚ ਜਵਾਬ ਦੇਣਾ ਪਵੇਗਾ।