ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਸਮਾਗਮਾਂ ਬਾਰੇ ਮੀਟਿੰਗ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 26 ਸਤੰਬਰ
ਚੌਥੇ ਪਾਤਸ਼ਾਹ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮਾਂ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੇ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਅਤੇ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ’ਚ ਦਰਬਾਰ ਸਾਹਿਬ ਨੂੰ ਆਉਂਦੇ ਰਸਤਿਆਂ ਅਤੇ ਗੁਰੂ ਨਗਰੀ ਵਿਚ ਸਾਫ਼-ਸਫ਼ਾਈ, ਟਰੈਫਿਕ ਸਮੇਤ ਹੋਰ ਅਹਿਮ ਮਸਲਿਆਂ ਨੂੰ ਵਿਚਾਰਿਆ ਗਿਆ। ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਏਡੀਸੀ ਜੋਤੀ ਬਾਲਾ, ਐੱਸਡੀਐੱਮ ਗੁਰਸਿਮਰਨ ਸਿੰਘ, ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਵਿਸ਼ਾਲ ਵਧਾਵਨ, ਐੱਸਪੀ ਹਰਪਾਲ ਸਿੰਘ ਸਮੇਤ ਹੋਰ ਅਧਿਕਾਰੀ ਸ਼ਾਮਲ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 19 ਅਕਤੂਬਰ ਨੂੰ ਸੱਚਖੰਡ ਦਰਬਾਰ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ 18 ਅਕਤੂਬਰ ਨੂੰ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਦੌਰਾਨ ਏਡੀਸੀ ਜੋਤੀ ਬਾਲਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਏਗਾ ਅਤੇ ਸ਼੍ਰੋਮਣੀ ਕਮੇਟੀ ਨੂੰ ਹਰ ਪੱਧਰ ’ਤੇ ਸਹਿਯੋਗ ਕੀਤਾ ਜਾਵੇਗਾ। ਪੁਲੀਸ ਪ੍ਰਸ਼ਾਸਨ ਵੱਲੋਂ ਹਰਪਾਲ ਸਿੰਘ ਨੇ ਵੀ ਹਰ ਤਰ੍ਹਾਂ ਦੇ ਸਹਿਯੋਗ ਦੀ ਵਚਨਬੱਧਤਾ ਪ੍ਰਗਟਾਈ। ਇਸ ਮੌਕੇ ਪੁੱਜੀਆਂ ਸ਼ਖ਼ਸੀਅਤਾਂ ਨੂੰ ਸਿਰੋਪੇ ਦੇ ਕੇ ਸਨਮਾਨਿਤ ਕੀਤਾ ਗਿਆ।