ਉੱਤਰ ਭਾਰਤ ਦੀਆਂ 18 ਕਿਸਾਨ ਮਜ਼ਦੂਰ ਜਥੇਬੰਦੀਆਂ ਅਤੇ ਐੱਸਕੇਐੱਮ ਵਿਚਕਾਰ ਮੀਟਿੰਗ, 20 ਨੂੰ ਪ੍ਰਦਰਸ਼ਨ ਕਰਨ ਦਾ ਐਲਾਨ
ਜੋਗਿੰਦਰ ਸਿੰਘ ਮਾਨ
ਮਾਨਸਾ, 13 ਨਵੰਬਰ
ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਉੱਤਰ ਭਾਰਤ ਦੀਆਂ 18 ਕਿਸਾਨ ਮਜ਼ਦੂਰ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵਿਚਕਾਰ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਸਾਂਝੇ ਤੌਰ ’ਤੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ 20 ਨਵੰਬਰ ਨੂੰ ਪੰਜਾਬ ਅਤੇ ਹਰਿਆਣਾ ਵਿਚ ਡੀਸੀ ਅਤੇ ਐੱਸਡੀਐੱਮ ਦਫਤਰਾਂ ’ਤੇ ਅਹਿਮ ਮੰਗਾਂ ਲਈ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰਾਂ ਕਿਸਾਨਾਂ ਮਜ਼ਦੂਰਾਂ ਖਿਲਾਫ ਨਫ਼ਰਤ ਅਤੇ ਬਦਲੇ ਦੀ ਭਾਵਨਾ ਨਾਲ ਕੰਮ ਕਰ ਰਹੀਆਂ ਹਨ। ਅੱਜ ਦੀ ਮੀਟਿੰਗ ਵਿੱਚ ਸਰਕਾਰ ਤੋਂ ਮੰਗ ਕੀਤੀ ਕਿ ਪਰਾਲੀ ਦਾ ਠੋਸ ਹੱਲ ਕੀਤਾ ਜਾਵੇ, ਪਰਾਲੀ ਸਾੜਨ ’ਤੇ ਕੀਤੇ ਪਰਚੇ ਅਤੇ ਰੈੱਡ ਐਂਟਰੀਆ, ਜੁਰਮਾਨੇ ਰੱਦ ਕੀਤੇ ਜਾਣ, ਪਾਸਪੋਰਟ ਰੱਦ ਕਰਨ, ਹਥਿਆਰਾਂ ਦੇ ਲਾਇਸੈਂਸ ਰੱਦ ਕਰਨ, ਸਬਸਿਡੀਆਂ ਰੱਦ ਕਰਨ, ਹੋਰ ਸਰਕਾਰੀ ਸਹੂਲਤਾਂ ਰੱਦ ਕਰਨ ਦੇ ਦਿੱਤੇ ਨਿਰਦੇਸ਼ ਵਾਪਸ ਲਏ ਜਾਣ, ਨਿੱਜੀਕਰਨ ਨੀਤੀ ਤਹਿਤ ਬਜਿਲੀ ਦੇ ਪ੍ਰੀਪੇਡ ਮੀਟਰ ਲਗਾਉਣੇ ਬੰਦ ਕੀਤੇ ਜਾਣ, ਭਾਰਤ ਮਾਲਾ ਪ੍ਰਾਜੈਕਟ ਤਹਿਤ ਸੜਕਾਂ ਲਈ ਜ਼ਮੀਨਾਂ ਐਕੁਆਇਰ ਕਰਨਾ ਬੰਦ ਕੀਤਾ ਜਾਵੇ ਤੇ ਜਿਹੜੇ ਕਿਸਾਨ ਰਜ਼ਾਮੰਦੀ ਨਾਲ ਜ਼ਮੀਨ ਦੇਣਾ ਚਾਹੁੰਦੇ ਹਨ, ਨੂੰ ਮਾਰਕੀਟ ਰੇਟ ਦਾ 6 ਗੁਣਾ ਮੁਆਵਜ਼ਾ ਦਿੱਤਾ ਜਾਵੇ। ਪੰਜਾਬ ਵਿੱਚ ਪੂਰਨ ਨਸ਼ਾਬੰਦੀ ਕੀਤੀ ਜਾਵੇ ਅਤੇ ਕਿਸੇ ਵਿਅਕਤੀ ਦੀ ਨਸ਼ੇ ਨਾਲ ਓਵਰਡੋਜ਼ ਨਾਲ ਮੌਤ ਹੋਣ ਤੇ ਇਲਾਕੇ ਦੇ ਡੀਐੱਸਪੀ, ਐੱਸਐੱਸਪੀ ਅਤੇ ਐੱਮਐੱਲਏ ਖਿਲਾਫ ਪਰਚਾ ਦਰਜ ਕੀਤਾ ਜਾਵੇ, ਗੰਨਾ ਮਿੱਲਾਂ ਤੁਰੰਤ ਚਾਲੂ ਕੀਤੀਆਂ ਜਾਣ ਅਤੇ ਗੰਨੇ ਦੇ ਭਾਅ ਵਿੱਚ 120 ਰੁਪਏ ਦਾ ਵਾਧਾ ਕੀਤਾ ਜਾਵੇ।