ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਵੱਲੋਂ ਮੀਟਿੰਗ
ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 26 ਸਤੰਬਰ
ਫਰੀਡਮ ਫਾਈਟਰ ਉਤਰਾਧਿਕਾਰੀ ਜਥੇਬੰਦੀ ਦੀ ਇੱਕ ਬੈਠਕ ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਥਿੰਦ ਨਾਲ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਲੋਟ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਦੇਸ਼ ਭਗਤਾਂ ਦੇ ਵਾਰਸਾਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਚਰਚਾ ਕੀਤੀ ਗਈ। ਇਸ ਮੌਕੇ ਸਰਕਾਰੀ ਸਕੂਲਾਂ ਦੇ ਨਾਮ ਬਦਲਕੇ ਫਰੀਡਮ ਫਾਇਟਰਾ ਦੇ ਨਾਮ ’ਤੇ ਰੱਖਣ ਦੀ ਲੰਬੇ ਸਮੇਂ ਤੋਂ ਲਟਕਦੀ ਮੰਗ ਪੂਰੀ ਕਰਨ ਲਈ ਸੁਹਿਰਦਤਾ ਨਾਲ ਕਾਰਵਾਈ ਕਰਨ ’ਤੇ ਜ਼ੋਰ ਦਿੱਤਾ ਗਿਆ। ‘ਮੇਰੀ ਮਿੱਟੀ ਮੇਰਾ ਦੇਸ਼’ ਦੇ ਤਹਿਤ ਭਾਰਤ ਸਰਕਾਰ ਵੱਲੋਂ ਚਲਾਈ ਗਈ ਮਹਿਮ ਦੌਰਾਨ ਜ਼ਿਲ੍ਹੇ ਅੰਦਰ ਰਹਿੰਦੇ ਫਰੀਡਮ ਫਾਇਟਰਾਂ ਦੇ ਸਨਮਾਨ ਚਿੰਨ੍ਹ ਡੀ ਸੀ ਦਫਤਰ ਦੇ ਮਗਰਲੇ ਪਾਸੇ ਡਾ. ਭੀਮ ਰਾਓ ਅੰਬੇਡਕਰ ਪਾਰਕ ਵਿਖੇ ਇੱਕ ਕੰਧ ਬਣਾ ਕੇ ਲਵਾਏ ਜਾਣ ਦੀ ਮੰਗ ਕੀਤੀ ਗਈ ਤਾਂ ਜੋ ਬੱਚਿਆਂ ਨੂੰ ਅਤੇ ਆਮ ਪਬਲਿਕ ਨੂੰ ਚੰਗੀ ਸੇਧ ਮਿਲ ਸਕੇ। ਵਧੀਕ ਡਿਪਟੀ ਕਮਿਸ਼ਨਰ ਸਾਹਿਬ ਨੇ ਜਥੇਬੰਦੀ ਨੂੰ ਭਰੋਸਾ ਦਿੱਤਾ ਕਿ ਜਲਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੌਕੇ ਗੁਰਮੀਤ ਸਿੰਘ ਸੰਧੂ, ਬਲਜਿੰਦਰ ਸਿੰਘ ਮਧੀਰ, ਕੁਲਵੰਤ ਸਿੰਘ ਭਲਾਈਆਣਾ ਤੇ ਹੋਰ ਮੈਂਬਰ ਸਨ।