ਬਾਬਾ ਬੰਦਾ ਸਿੰਘ ਬਹਾਦਰ ਫਾਊਂਡੇਸ਼ਨ ਦੀ ਮੀਟਿੰਗ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 4 ਨਵੰਬਰ
ਬਾਬਾ ਬੰਦਾ ਸਿੰਘ ਬਹਾਦਰ ਇੰਟਰਨੈਸ਼ਨਲ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਦੀ ਰਿਹਾਇਸ਼ ’ਤੇ ਹੋਈ ਮੀਟਿੰਗ ਵਿੱਚ ਅਮਰੀਕਾ ਵਾਸੀ ਬੀਬੀ ਪੁਸ਼ਪਾ ਨੂੰ ਚੇਅਰਪਰਸਨ ਅਤੇ ਯੂਥ ਆਗੂ ਮਸੀਹਪਾਲ ਸਿੰਘ ਰਾਓ ਨੂੰ ਬਾਬਾ ਬੰਦਾ ਸਿੰਘ ਬਹਾਦਰ ਇੰਟਰਨੈਸ਼ਨਲ ਫਾਊਂਡੇਸ਼ਨ ਅਮਰੀਕਾ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ। ਇਸ ਮੌਕੇ ਸੀਨੀਅਰ ਆਗੂ ਪ੍ਰਸ਼ੋਤਮ ਲਾਲ ਖਲੀਫਾ, ਰੂਬੀ ਰੰਧਾਵਾ ਅਤੇ ਨਿਵੇਸ਼ ਕੁਮਾਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਸਮੇਂ ਸ੍ਰੀ ਬਾਵਾ ਨੇ ਕਿਹਾ ਕਿ ਜਥੇਬੰਦੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੀ ਜੀਵਨੀ ਬਾਰੇ ਵੱਧ ਤੋਂ ਵੱਧ ਲੋਕਾਂ ਅਤੇ ਖ਼ਾਸ ਕਰ ਕੇ ਨੌਜਵਾਨ ਪੀੜ੍ਹੀ ਨੂੰ ਜਾਣੂ ਕਰਾਇਆ ਜਾ ਰਿਹਾ ਹੈ।
ਉਨ੍ਹਾਂ ਬੀਬੀ ਪੁਸ਼ਪਾ ਅਤੇ ਮਰਹੂਮ ਕੈਪਟਨ ਡਾ. ਗੁਰਚਰਨ ਸਿੰਘ ਰਾਓ ਦੇ ਪੋਤਰੇ ਮਸੀਹਪਾਲ ਸਿੰਘ ਰਾਓ ਦੇ ਜੀਵਨ ਬਾਰੇ ਰੋਸ਼ਨੀ ਪਾਈ ਜਿਨ੍ਹਾਂ ਨੂੰ ਜਥੇਬੰਦੀ ਦੇ ਅਹਿਮ ਅਹੁਦਿਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਇਸ ਸਮੇਂ ਬੀਬੀ ਪੁਸ਼ਪਾ ਅਤੇ ਮਸੀਹਪਾਲ ਸਿੰਘ ਰਾਓ ਨੇ ਭਰੋਸਾ ਦਿੱਤਾ ਕਿ ਉਹ ਫਾਊਂਡੇਸ਼ਨ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਵਚਨਬੱਧ ਹਨ।