ਪੰਜਾਬ ਮੰਡੀ ਬੋਰਡ ਦੇ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ
ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 9 ਨਵੰਬਰ
ਪੰਜਾਬ ਮੰਡੀ ਬੋਰਡ ਦੇ ਮੁਹਾਲੀ ਸਥਿਤ ਮੁੱਖ ਦਫ਼ਤਰ ਵਿੱਚ ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਪ੍ਰਧਾਨਗੀ ਹੇਠ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਹੋਈ। ਇਸ ਵਿੱਚ ਮੰਡੀ ਬੋਰਡ ਨਾਲ ਸਬੰਧਤ ਵੱਖ-ਵੱਖ ਏਜੰਡਿਆਂ ’ਤੇ ਚਰਚਾ ਕਰਦਿਆਂ ਕਈ ਅਹਿਮ ਕੰਮਾਂ ਨੂੰ ਮਨਜ਼ੂਰੀ ਦਿੱਤੀ ਗਈ ਅਤੇ ਸਬੰਧਤ ਕੰਮਾਂ ਨੂੰ ਜਲਦੀ ਅਮਲੀ-ਜਾਮਾ ਪਹਿਨਾਉਣ ’ਤੇ ਜ਼ੋਰ ਦਿੱਤਾ।
ਇਸ ਮੌਕੇ ਚੇਅਰਮੈਨ ਬਰਸਟ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਮੁਰੰਮਤ, ਮੰਡੀਆਂ ਦੇ ਵਿਕਾਸ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ। ਨਾਲ ਹੀ ਮੰਡੀ ਬੋਰਡ ਦੀ ਆਮਦਨ ਵਧਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮੌਜੂਦਾ ਸੀਜ਼ਨ ਦੌਰਾਨ ਮੰਡੀਆਂ ਵਿੱਚ ਝੋਨੇ ਦੇ ਖ਼ਰੀਦ ਕਾਰਜਾਂ ਨੂੰ ਸਹੀ ਢੰਗ ਨਾਲ ਨੇਪਰੇ ਚਾੜ੍ਹਨ ਦੇ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਨ੍ਹਾਂ ਕਾਰਜਾਂ ਦੀ ਬੋਰਡ ਆਫ਼ ਡਾਇਰੈਕਟਰਜ਼ ਨੇ ਸ਼ਲਾਘਾ ਕੀਤੀ।
ਮੀਟਿੰਗ ਵਿੱਚ ਮੰਡੀ ਬੋਰਡ ਦੇ ਸਕੱਤਰ ਰਾਮਵੀਰ, ਖੇਤੀਬਾੜੀ ਵਿਭਾਗ ਦੇ ਅਧੀਨ ਸਕੱਤਰ ਕੁਲਦੀਪ ਸਿੰਘ ਸਿਆਣ, ਫਾਰਮਰਜ਼ ਕਮਿਸ਼ਨ ਪੰਜਾਬ ਦੇ ਚੇਅਰਮੈਨ ਡਾ. ਸੁਖਪਾਲ ਸਿੰਘ, ਉਪ ਸਕੱਤਰ ਜਸਮਿੰਦਰ ਸਿੰਘ, ਬਾਗਬਾਨੀ ਵਿਭਾਗ ਦੇ ਉਪ ਡਾਇਰੈਕਟਰ ਹਰਮੇਲ ਸਿੰਘ, ਸਹਾਇਕ ਮਾਰਕੀਟਿੰਗ ਅਫ਼ਸਰ ਬੇਅੰਤ ਸਿੰਘ, ਕੋ-ਆਪਰੇਟਿਵ ਸੁਸਾਇਟੀਜ਼ ਦੇ ਸੁਪਰਡੈਂਟ ਦੇਵਰਾਜ, ਡਾਇਰੈਕਟਰ ਜਤਿੰਦਰ ਮੋਹਨ ਸਿੰਘ, ਡਿਪਟੀ ਡਾਇਰੈਕਟਰ ਅਬਾਦਕਾਰੀ ਵਿਭਾਗ ਮਨਜੀਤ ਸਿੰਘ ਸੰਧੂ, ਸਹਾਇਕ ਡਾਇਰੈਕਟਰ (ਖ਼ੁਰਾਕ) ਸੰਜੇ ਸ਼ਰਮਾ ਸਣੇ ਬਾਕੀ ਮੈਂਬਰ ਇੰਦਰਜੀਤ ਸਿੰਘ, ਬਲਵਿੰਦਰ ਸਿੰਘ, ਬਲਕਾਰ ਭੋਖੜਾ, ਸੁਖਵਿੰਦਰ ਸਿੰਘ, ਹਰਪ੍ਰੀਤ ਸਿੰਘ ਅਤੇ ਗੁਰਦਿੱਤਾ ਸਿੰਘ ਸੰਧੂ ਵੀ ਮੌਜੂਦ ਸਨ।