ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਠੇਕਾ ਮੁਲਾਜ਼ਮਾਂ ਦੀ ਮੀਟਿੰਗ
ਪੱਤਰ ਪ੍ਰੇਰਕ
ਤਰਨ ਤਾਰਨ, 17 ਨਵੰਬਰ
ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਵਲੋਂ ਅੱਜ ਇੱਥੋਂ ਦੇ ਗਾਂਧੀ ਮਿਉਂਸਿਪਲ ਪਾਰਕ ਵਿੱਚ ਮੀਟਿੰਗ ਕੀਤੀ ਗਈ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਬਾਰੇ ਧਾਰਨ ਕੀਤੀਆਂ ਨਾਂਹ-ਪੱਖੀ ਨੀਤੀਆਂ ਖ਼ਿਲਾਫ਼ ਸ਼ੁਰੂ ਕੀਤੇ ਸੰਘਰਸ਼ ਨੂੰ ਤੇਜ਼ ਕਰਦਿਆਂ 30 ਨਵੰਬਰ ਨੂੰ ਪਰਿਵਾਰਾਂ ਸਣੇ ਕੌਮੀ ਮਾਰਗ ਜਾਮ ਕਰਨ ਦਾ ਐਲਾਨ ਕੀਤਾ|
ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਦਬੁਰਜੀ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਨੂੰ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਅਤੇ ਮੀਤ ਪ੍ਰਧਾਨ ਭੁਪਿੰਦਰ ਸਿੰਘ ਕੁਤਬੇਵਾਲ ਅਤੇ ਸਲਾਹਕਾਰ ਗੁਰਵਿੰਦਰ ਸਿੰਘ ਬਾਠ ਨੇ ਸੰਬੋਧਨ ਕੀਤਾ| ਬੁਲਾਰਿਆਂ ਕਿਹਾ ਕਿ ਉਹ ਜਲ ਸਪਲਾਈ ਵਿਭਾਗ ਦੇ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰ ਕੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਕਰਨ ਸਣੇ ਹੋਰਨਾਂ ਮੰਗਾਂ ਨੂੰ ਲੈ ਕੇ ਬੀਤੇ ਸਾਲਾਂ ਤੋਂ ਸੰਘਰਸ਼ ਕਰਦੇ ਆ ਰਹੇ ਹਨ ਪਰ ਸਰਕਾਰ ਉਨ੍ਹਾਂ ਨੂੰ ਸਮਾਂ ਦੇ ਕੇ ਮੀਟਿੰਗ ਕਰਨ ਤੋਂ ਇਨਕਾਰ ਕਰਦੀ ਆ ਰਹੀ ਹੈ|