ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਮੁਲਤਵੀ
ਅੰਮ੍ਰਿਤਸਰ (ਟਨਸ):
ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 28 ਜਨਵਰੀ ਨੂੰ ਪੰਜ ਸਿੰਘ ਸਾਹਿਬਾਨ ਦੀ ਹੋਣ ਵਾਲੀ ਮੀਟਿੰਗ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਹੈ। ਉਨ੍ਹਾਂ ਮੁੜ ਆਖਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਲਈ ਦੋ ਦਸੰਬਰ ਨੂੰ ਸ੍ਰੀ ਅਕਾਲ ਤਖਤ ਦੀ ਫਸੀਲ ਤੋਂ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੀ ਹੋਂਦ ਕਾਇਮ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਇਸ ਕਮੇਟੀ ਦੀ ਨਿਗਰਾਨੀ ਹੇਠ ਹੋਣੀ ਚਾਹੀਦੀ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਲੱਗੇ ਦੋਸ਼ਾਂ ਦੀ ਜਾਂਚ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਬਾਰੇ ਗੱਲ ਕਰਦਿਆਂ ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ ਹਰ ਅਹੁਦੇ ਦਾ ਮਾਣ ਸਨਮਾਨ ਹੋਣਾ ਜ਼ਰੂਰੀ ਹੈ। ਜਥੇਦਾਰ ਵੱਲੋਂ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਕੋਲ ਇਤਰਾਜ਼ ਜਤਾਇਆ ਜਾ ਚੁੱਕਿਆ ਹੈ ਕਿ ਤਖਤਾਂ ਦੇ ਜਥੇਦਾਰਾਂ ਖ਼ਿਲਾਫ਼ ਜਾਂਚ ਦਾ ਅਧਿਕਾਰ ਸ਼੍ਰੋਮਣੀ ਕਮੇਟੀ ਕੋਲ ਨਹੀਂ ਹੈ। ਇਹ ਮਾਮਲਾ ਸ੍ਰੀ ਅਕਾਲ ਤਖਤ ਦੇ ਅਧਿਕਾਰ ਖੇਤਰ ਹੇਠ ਆਉਂਦਾ ਹੈ। ਕੁਝ ਨਿੱਜੀ ਰੁਝੇਵਿਆਂ ਕਾਰਨ ਇਹ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਲਦੀ ਹੀ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਮੁੜ ਸੱਦੀ ਜਾਵੇਗੀ। ਜੇ ਸ਼੍ਰੋਮਣੀ ਅਕਾਲੀ ਦਲ ਲੋੜ ਮਹਿਸੂਸ ਕਰਦਾ ਹੈ ਤਾਂ ਇਸ ਕਮੇਟੀ ਦਾ ਆਕਾਰ ਵੱਡਾ ਵੀ ਕਰ ਸਕਦਾ ਹੈ।
ਮੇਰੇ ਖ਼ਿਲਾਫ਼ ਬਿਰਤਾਂਤ ਸਿਰਜਿਆ ਜਾ ਰਿਹਾ ਹੈ: ਜਥੇਦਾਰ ਹਰਪ੍ਰੀਤ ਸਿੰਘ
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਉਨ੍ਹਾਂ ਖ਼ਿਲਾਫ਼ ਬਿਰਤਾਂਤ ਸਿਰਜਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਬਰਤਰਫ਼ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਜਦੋਂ ਉਨ੍ਹਾਂ ਨੂੰ ਇਸ ਅਹੁਦੇ ਤੋਂ ਫਾਰਗ ਕੀਤਾ ਜਾਵੇਗਾ ਤਾਂ ਉਹ ਵੀ ਸੰਗਤ ਦੇ ਸਹਿਯੋਗ ਨਾਲ ਸੱਚ ਸਾਹਮਣੇ ਲਿਆਉਣ ਦਾ ਯਤਨ ਕਰਨਗੇ।