ਗੁਰੂ ਅਮਰਦਾਸ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੀਆਂ ਤਿਆਰੀਆਂ ਸਬੰਧੀ ਮੀਟਿੰਗ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 17 ਜੁਲਾਈ
ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਦੇ ਗੁਰਤਾ ਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਦੇ ਜੋਤੀ-ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੀਆਂ ਤਿਆਰੀਆਂ ਸਬੰਧੀ ਅੱਜ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਸਬ-ਕਮੇਟੀ ਦੀ ਮੀਟਿੰਗ ਕੀਤੀ। ਇਸ ਦੌਰਾਨ ਸ਼ਤਾਬਦੀ ਨੂੰ ਸਮਰਪਿਤ ਚਾਰ ਸੈਮੀਨਾਰ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ। ਇਹ ਸੈਮੀਨਾਰ ਖਡੂਰ ਸਾਹਿਬ, ਪਟਿਆਲਾ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਆਨੰਦਪੁਰ ਸਾਹਿਬ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਕਰਵਾਏ ਜਾਣਗੇ।
ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖਾਲਸਾ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਚਾਰ ਸੈਮੀਨਾਰਾਂ ਬਾਰੇ ਵਿਚਾਰ-ਚਰਚਾ ਹੋਈ। ਉਨ੍ਹਾਂ ਕਿਹਾ ਕਿ ਸੈਮੀਨਾਰ ਕਰਵਾਉਣ ਦਾ ਮੰਤਵ ਗੁਰੂ ਸਾਹਿਬਾਨ ਸਬੰਧੀ ਇਤਿਹਾਸ ਦੇ ਖੋਜ ਕਾਰਜਾਂ ਨੂੰ ਉਤਸ਼ਾਹਿਤ ਕਰਨਾ ਹੈ ਤਾਂ ਜੋ ਆਉਣ ਵਾਲੀ ਪੀੜ੍ਹੀ ਲਈ ਦਸਤਾਵੇਜ਼ ਸੰਗ੍ਰਹਿਤ ਕੀਤੇ ਜਾ ਸਕਣ। ਇਨ੍ਹਾਂ ਸੈਮੀਨਾਰਾਂ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਵਿਦਵਾਨਾਂ ਨੂੰ ਸੱਦਿਆ ਜਾਵੇਗਾ ਅਤੇ ਉਨ੍ਹਾਂ ਦੇ ਖੋਜ ਪੱਤਰਾਂ ’ਤੇ ਵਿਚਾਰ-ਚਰਚਾ ਹੋਵੇਗੀ। ਸੈਮੀਨਾਰਾਂ ਦੀਆਂ ਤਰੀਕਾਂ ਜਲਦੀ ਨਿਰਧਾਰਤ ਕਰ ਲਈਆਂ ਜਾਣਗੀਆਂ।