ਏਡੀਸੀ ਵੱਲੋਂ ‘ਸਪਾਰਕ ਮੇਲਾ 2023’ ਸਬੰਧੀ ਮੀਟਿੰਗ
ਪੱਤਰ ਪ੍ਰੇਰਕ
ਜਲੰਧਰ, 30 ਨਵੰਬਰ
ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਤੇ ਕਿੱਤਾਮੁਖੀ ਕੋਰਸਾਂ ਸਬੰਧੀ ਮਾਰਗਦਰਸ਼ਨ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਸੰਬਰ ’ਚ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਕਰਵਾਏ ਜਾਣ ਵਾਲੇ ਸਪਾਰਕ ਮੇਲਾ-2023 ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਡਾ. ਅਮਿਤ ਮਹਾਜਨ ਨੇ ਮੀਟਿੰਗ ਕੀਤੀ ਤੇ ਵੱਖ-ਵੱਖ ਸਕੂਲਾਂ ਤੇ ਕਾਲਜਾਂ ਤੋਂ ਸਹਿਯੋਗ ਦੀ ਮੰਗ ਕੀਤੀ। ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਪਾਰਕ ਮੇਲੇ ਦੌਰਾਨ ਕਿੱਤਾ ਮਾਹਿਰਾਂ ਵੱਲੋਂ ਵਿਦਿਆਰਥੀਆਂ ਨੂੰ ਕਰੀਅਰ ਕਾਊਂਸਲਿੰਗ ਦੇਣ ਦੇ ਨਾਲ-ਨਾਲ ਸਰਕਾਰ ਵੱਲੋਂ ਸਵੈ-ਰੁਜ਼ਗਾਰ ਅਤੇ ਹੁਨਰ ਵਿਕਾਸ ਸਬੰਧੀ ਚਲਾਈਆਂ ਜਾ ਰਹੀਆਂ ਯੋਜਨਾਵਾਂ ਸਬੰਧੀ ਵੀ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮੇਲੇ ਵਿੱਚ ਸਕੂਲਾਂ/ਕਾਲਜਾਂ ਵੱਲੋਂ ਵੱਖ-ਵੱਖ ਸਟਾਲ ਲਗਾਏ ਜਾਣਗੇ, ਜਿਥੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਤੇ ਵੱਖ-ਵੱਖ ਕਿੱਤਿਆਂ ਸਬੰਧੀ ਅਗਵਾਈ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਮੀਟਿੰਗ ਵਿੱਚ ਸ਼ਾਮਲ ਵਿੱਦਿਅਕ ਸੰਸਥਾਵਾਂ ਦੇ ਪ੍ਰਤੀਨਿਧੀਆਂ ਨੂੰ ਸਪਾਰਕ ਮੇਲੇ ਦੌਰਾਨ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਇੰਦਰਦੇਵ ਸਿੰਘ, ਜ਼ਿਲ੍ਹਾ ਗਾਈਡੈਂਸ ਕਾਊਂਸਲਰ ਡਾ. ਸੁਰਜੀਤ ਲਾਲ ਅਤੇ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਪ੍ਰਤੀਨਿਧੀ ਮੌਜੂਦ ਸਨ।