ਭਗਵੰਤ ਮਾਨ ਵੱਲੋਂ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਉਮੀਦਵਾਰ ਤੇ ਵਿਧਾਇਕਾਂ ਨਾਲ ਮੀਟਿੰਗ
ਆਤਿਸ਼ ਗੁਪਤਾ
ਚੰਡੀਗੜ੍ਹ, 4 ਅਪਰੈਲ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਦੇ ਉਮੀਦਵਾਰ ਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ। ਇਸ ਵਿੱਚ ਉਨ੍ਹਾਂ ਹਲਕੇ ਦੇ ਲੋਕਾਂ ਬਾਰੇ ਫੀਡਬੈਕ ਲਈ। ਮੀਟਿੰਗ ਵਿੱਚ ‘ਆਪ’ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਤੇ ਬੱਸੀ ਪਠਾਣਾਂ ਤੋਂ ਵਿਧਾਇਕ ਰੁਪਿੰਦਰ ਸਿੰਘ ਹੈਪੀ, ਫ਼ਤਹਿਗੜ੍ਹ ਸਾਹਿਬ ਤੋਂ ਵਿਧਾਇਕ ਲਖਬੀਰ ਸਿੰਘ ਰਾਏ, ਅਮਲੋਹ ਤੋਂ ਵਿਧਾਇਕ ਗੁਰਿੰਦਰ ਸਿੰਘ, ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ, ਸਮਰਾਲਾ ਤੋਂ ਵਿਧਾਇਕ ਜਗਤਾਰ ਸਿੰਘ, ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਅਤੇ ਰਾਏਕੋਟ ਤੋਂ ਵਿਧਾਇਕ ਹਾਕਮ ਸਿੰਘ ਠੇਕੇਦਾਰ ਹਾਜ਼ਰ ਸਨ। ਸ੍ਰੀ ਮਾਨ ਨੇ ਸਾਰੇ ਵਿਧਾਇਕਾਂ ਤੋਂ ਆਪੋ-ਆਪਣੇ ਵਿਧਾਨ ਸਭਾ ਹਲਕਿਆਂ ਬਾਰੇ ਫੀਡਬੈਕ ਲਿਆ ਅਤੇ ਫ਼ਤਹਿਗੜ੍ਹ ਸਾਹਿਬ ਹਲਕੇ ਬਾਰੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਸਾਰੇ ਆਗੂਆਂ ਨਾਲ ਚਰਚਾ ਕੀਤੀ। ਉਨ੍ਹਾਂ ਵਿਧਾਇਕਾਂ ਨੂੰ ਕਿਹਾ ਕਿ ਉਹ ਫ਼ਤਹਿਗੜ੍ਹ ਸਾਹਿਬ ਹਲਕੇ ਵਿੱਚ ਪਾਰਟੀ ਦੇ ਸਮੂਹ ਅਹੁਦੇਦਾਰਾਂ ਨਾਲ ਮੀਟਿੰਗਾਂ ਕਰਨ ਦੇ ਨਾਲ ਨਾਲ ਹਰ ਪਿੰਡ ਵਿੱਚ ਵੀ ਮੀਟਿੰਗਾਂ ਕਰਨ। ਮੁੱਖ ਮੰਤਰੀ ਨੇ ਵਿਧਾਇਕਾਂ ਨੂੰ ਹਦਾਇਤ ਕੀਤੀ ਕਿ ‘ਆਪ’ ਸਰਕਾਰ ਵੱਲੋਂ ਪਿਛਲੇ ਦੋ ਸਾਲਾਂ ਦੌਰਾਨ ਲਏ ਗਏ ਸਾਰੇ ਪੰਜਾਬ ਪੱਖੀ ਅਤੇ ਲੋਕ ਪੱਖੀ ਫੈਸਲਿਆਂ ਦਾ ਪ੍ਰਚਾਰ ਕੀਤਾ ਜਾਵੇ ਅਤੇ ਲੋਕਾਂ ਦੇ ਮੁੱਦਿਆਂ ਬਾਰੇ ਵੀ ਗੱਲ ਕੀਤੀ ਜਾਵੇ ਜੋ ਉਹ ਸੰਸਦ ਵਿੱਚ ਉਠਾਉਣਾ ਚਾਹੁੰਦੇ ਹਨ।
‘ਆਪ’ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਨੇ ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਾਨ ਸਰਕਾਰ ਨੇ ਪਿਛਲੇ ਦੋ ਸਾਲਾਂ ’ਚ ਬੇਮਿਸਾਲ ਕੰਮ ਕੀਤੇ ਹਨ, ਲੋਕ ‘ਆਪ’ ਦੇ ਨਾਲ ਹਨ। ਉਨ੍ਹਾਂ ਕਿਹਾ ਕਿ ਪਾਰਟੀ ਇੱਕ ਵਾਰ ਮੁੜ ਫ਼ਤਹਿਗੜ੍ਹ ਸਾਹਿਬ ਦੇ ਸਾਰੇ ਹਲਕਿਆਂ ਵਿੱਚ ਰਿਕਾਰਡ ਜਿੱਤ ਦਰਜ ਕਰੇਗੀ। ਸ੍ਰੀ ਜੀਪੀ ਨੇ ਕਿਹਾ ਕਿ ਮੁੱਖ ਮੰਤਰੀ ਫ਼ਤਹਿਗੜ੍ਹ ਸਾਹਿਬ ਦੇ ਹਰੇਕ ਹਲਕੇ ਵਿੱਚ 3-4 ਦਿਨ ਦਾ ਸਮਾਂ ਦੇਣਗੇ, ਜਿੱਥੇ ਉਹ ਮੀਟਿੰਗਾਂ, ਰੋਡ ਸ਼ੋਅ ਅਤੇ ਰੈਲੀਆਂ ਕਰਨਗੇ।`