ਐਸਡੀਐਮ ਵੱਲੋਂ ਸਿਹਤ ਅਧਿਕਾਰੀਆਂ ਨਾਲ ਮੀਟਿੰਗ
ਮੋਗਾ: ਕੋਵਿਡ-19 ਮਗਰੋਂ ਹੁਣ ਚੀਨ ’ਚ ਇੰਫਲੂਐਂਜਾ-ਏ ਕਾਰਨ ਅਤੇ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਸ਼ੱਕੀ ਮਾਮਲੇ ਸਾਹਮਣੇ ਲੋਕਾਂ ’ਚ ਸਹਿਮ ਅਤੇ ਦਹਿਸ਼ਤ ਦਾ ਮਾਹੌਲ ਹੈ। ਸਿਹਤ ਮਾਹਿਰਾਂ ਮੁਤਾਬਕ ਬੱਚੇ ਜਾਂ ਬਜ਼ੁਰਗ ਨੂੰ ਖਾਂਸੀ, ਜੁਕਾਮ ਜਾਂ ਬੁਖਾਰ ਹੈ ਤਾਂ ਉਸ ਨੂੰ 5 ਦਿਨਾਂ ਲਈ ਘਰ ਵਿਚ ਇਕਾਂਤਵਾਸ ਵਿਚ ਰਹਿਣਾ ਚਾਹੀਦਾ ਹੈ। ਸੂਬੇ ਵਿਚ ਬੀ ਅਤੇ ਸੀ ਸ਼੍ਰੇਣੀ ਦੇ ਮਰੀਜ਼ਾ ਲਈ ਫ਼ਰੀਦਕੋਟ ਤੇ ਅੰਮ੍ਰਿਤਸਰ ਮੈਡੀਕਲ ਕਾਲਜਾਂ ਸਮੇਤ ਪੰਜ ਥਾਵਾਂ ’ਤੇ ਟੈਸਟਿੰਗ ਦੀ ਸਹੂਲਤ ਅਤੇ ਦਵਾਈ ਉਪਲਬਧ ਕਰਵਾਈ ਜਾਵੇਗੀ। ਇਥੇ ਐੱਸਡੀਐੱਮੀ ਸਾਰੰਗਪ੍ਰੀਤ ਸਿੰਘ ਔਜਲਾ ਨੇ ਕਿਹਾ ਕਿ ਉਨ੍ਹਾਂ ਸਿਹਤ ਵਿਭਾਗ ਅਧਿਕਾਰੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਨਾਲ ਮੀਟਿੰਗ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਹੈ। ਉਨ੍ਹਾਂ ਸਕੂਲਾਂ ਵਿੱਚ ਸਵੇਰ ਦੀ ਸਭਾ ਵੇਲੇ ਬੱਚਿਆਂ ਨੂੰ ਬਿਮਾਰੀ ਲੱਛਣਾਂ ਬਾਰੇ ਜਾਗਰੂਕ ਕਰਨ ਦਾ ਹੁਕਮ ਦਿੱਤਾ ਹੈ। ਸਿਵਲ ਸਰਜਨ ਡਾ. ਰਾਜੇਸ਼ ਅਤਰੀ ਨੇ ਕਿਹਾ ਕਿ ਭਾਵੇਂ ਭਾਰਤ ਵਿਚ ਅਜਿਹਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਪਰ ਇਤਿਹਾਤ ਵਜੋਂ ਕਦਮ ਚੁੱਕੇ ਜਾ ਰਹੇ ਹਨ। -ਨਿੱਜੀ ਪੱਤਰ ਪ੍ਰੇਰਕ